ਸਿਖਿਆ ਮੰਤਰੀ ਨੇ ਸਕੂਲ ਖੁਲ੍ਹਣ ਸਬੰਧੀ ਅਗਾਊਂ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸਿਖਿਆ ਮੰਤਰੀ ਨੇ ਸਕੂਲ ਖੁਲ੍ਹਣ ਸਬੰਧੀ ਅਗਾਊਂ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 16 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਸਿਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ 19 ਅਕਤੂਬਰ ਤੋਂ ਖੁਲ੍ਹ ਰਹੇ ਸਰਕਾਰੀ ਸਕੂਲਾਂ 'ਚ ਕੋਵਿਡ-19 ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦੀ ਜਾਂਚ ਲਈ ਅੱਜ ਪਟਿਆਲਾ ਸ਼ਹਿਰ ਦੇ ਦੋ ਸਰਕਾਰੀ ਸਕੂਲਾਂ ਵਿਚ ਅਗਾਊਂ ਪ੍ਰਬੰਧਾਂ ਸਬੰਧੀ ਮੁਆਇਨਾ ਕੀਤਾ। ਉਨ੍ਹਾਂ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਜਮਾਤਾਂ ਵਾਲੇ ਕਮਰਿਆਂ, ਪਖ਼ਾਨਿਆਂ, ਪੀਣ ਵਾਲੇ ਪਾਣੀ ਅਤੇ ਵਿਸ਼ਾਣੂ ਰਹਿਤ ਕਰਨ ਦੀ ਪ੍ਰਕਿਰਿਆ ਦਾ ਬਹੁਤ ਹੀ ਬਾਰੀਕੀ ਨਾਲ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿਖਿਆ ਅਫ਼ਸਰ (ਸੈ.) ਹਰਿੰਦਰ ਕੌਰ, ਪ੍ਰਿੰ. ਤੋਤਾ ਸਿੰਘ ਚਹਿਲ ਨੈਸ਼ਨਲ ਐਵਾਰਡੀ , ਪ੍ਰਿੰ. ਵਰਿੰਦਰ ਬਾਤਿਸ਼, ਸੁਰਿੰਦਰ ਸਿੰਘ ਭਰੂਰ ਅਤੇ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ। ਸਿਖਿਆ ਮੰਤਰੀ ਨੇ ਕਿਹਾ ਕਿ ਰਾਜ ਦੇ ਸਕੂਲਾਂ ਵਲੋਂ 19 ਅਕਤੂਬਰ ਨੂੰ ਸਕੂਲ ਖੋਲ੍ਹਣ ਸਬੰਧੀ ਵਿਆਪਕ ਸਫ਼ਾਈ ਤੇ ਸੈਨੇਟਾਈਜੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ।