ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੇਗੀ- ਤ੍ਰਿਪਤ ਰਾਜਿੰਦਰ ਸਿੰਘ ਬਾਜਵਾ
ਤ੍ਰਿਪਤ ਬਾਜਵਾ ਨੇ ਕੀਤੀ 'ਸਮਾਰਟ ਵਿਲੇਜ' ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ
ਲੁਧਿਆਣਾ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ 'ਸਮਾਰਟ ਵਿਲੇਜ' ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਇਸ ਮੌਕੇ ਕਈ ਕਾਂਗਰਸੀ ਵਰਕਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ। ਤ੍ਰਿਪਤ ਬਾਜਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿਚ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ।
ਉਹਨਾਂ ਕਿਹਾ ਕਿ ਕੈਪਟਨ ਸਰਕਾਰ ਦੀ ਇਸ ਮੁਹਿੰਮ ਤਹਿਤ ਪਿੰਡਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ, ਪੱਕੀਆਂ ਗਲੀਆਂ ਅਤੇ ਨਾਲੀਆਂ, ਪਾਰਕਾਂ ਅਤੇ ਸਟਰੀਟ ਲਾਈਟਾਂ ਲਗਵਾਈਆਂ ਜਾਣਗੀਆਂ। ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਕੋਈ ਵੀ ਕਸਰ ਨਹੀਂ ਛੱਡੇਗੀ।
ਦੱਸ ਦਈਏ ਕਿ ਪੰਜਾਬ ਸਰਕਾਰ ਅਨੁਸਾਰ ਇਸ ਮੁਹਿੰਮ ਦੇ ਪਹਿਲੇ ਪੜਾਅ ਤਹਿਤ 835 ਕਰੋੜ ਰੁਪਏ ਨਾਲ 19132 ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ। ਅੱਜ ਇਸ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਲਈ ਕੁੱਲ 2663 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ।
ਇਸ ਰਾਸ਼ੀ ਜ਼ਰੀਏ ਪੰਜਾਬ ਦੇ ਸਾਰੇ ਪਿੰਡਾਂ ਵਿਚ 50,000 ਵੱਖ-ਵੱਖ ਕੰਮ ਨੇਪਰੇ ਚਾੜ੍ਹੇ ਜਾਣਗੇ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਲੋਂ ਵਰਚੂਅਲ ਤੌਰ 'ਤੇ 'ਸਮਾਰਟ ਵਿਲੇਜ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਲ ਹੋਏ।