ਸਿੰਘੂ ਘਟਨਾ ਕਾਨੂੰਨ ਦੇ ਰਾਜ ਦੀ ਅਸਫ਼ਲਤਾ ਦਾ ਸਿੱਟਾ - ਗਿਆਨੀ ਹਰਪ੍ਰੀਤ ਸਿੰਘ
ਸਿੰਘੂ ਬਾਰਡਰ ਦੀ ਘਟਨਾ ਦੇ ਅਧੂਰੇ ਪੱਖ ਦਿਖਾ ਕੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਤੋਂ ਗੁਰੇਜ਼ ਕਰੇ ਮੀਡੀਆ
ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨ ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਨੂੰ ਕਾਨੂੰਨ ਦੇ ਰਾਜ ਦੀ ਅਸਫ਼ਲਤਾ ਦਾ ਸਿੱਟਾ ਕਰਾਰ ਦਿੰਦਿਆਂ ਕਿਹਾ ਕਿ ਇਸ ਘਟਨਾ ਦੇ ਸਾਰੇ ਪਹਿਲੂਆਂ ਤੇ ਪਿਛੋਕੜ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਕਿ ਸਾਰੀ ਸੱਚਾਈ ਸਾਹਮਣੇ ਲਿਆਂਦੀ ਜਾਣੀ ਚਾਹੀਦੀ ਹੈ ਤਾਂ ਜੋ ਦੁਨੀਆ ਸਾਹਮਣੇ ਸਿੱਖ ਕੌਮ ਦਾ ਸਹੀ ਪੱਖ ਪੇਸ਼ ਕੀਤਾ ਜਾ ਸਕੇ।
ਇਸ ਦੇ ਨਾਲ ਉਨ੍ਹਾਂ ਸਰਕਾਰ ਤੇ ਪੁਲਿਸ ਨੂੰ ਵੀ ਕਿਹਾ ਕਿ ਸਿੰਘੂ ਬਾਰਡਰ ਘਟਨਾ ਦੀ ਧਾਰਮਿਕ ਸੰਵੇਦਨਸ਼ੀਲਤਾ ਤੇ ਭਾਵਨਾਤਮਕ ਗੰਭੀਰਤਾ ਨੂੰ ਵੇਖਦਿਆਂ ਇਸ ਨੂੰ ਸਿਰਫ਼ ਅਮਨ ਤੇ ਕਾਨੂੰਨ ਦੇ ਮਸਲੇ ਵਜੋਂ ਨਾ ਲਿਆ ਜਾਵੇ। ਉਨ੍ਹਾਂ ਮੀਡੀਆ ਨੂੰ ਵੀ ਸਿੰਘੂ ਬਾਰਡਰ ਦੀ ਘਟਨਾ ਦੇ ਅਧੂਰੇ ਪੱਖ ਦਿਖਾ ਕੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਤੋਂ ਗੁਰੇਜ਼ ਕਰਨ ਦੀ ਨਸੀਹਤ ਦਿੰਦਿਆਂ ਆਖਿਆ ਕਿ ਮੀਡੀਆ ਦਾ ਕੰਮ ਹਰੇਕ ਪੱਖ ਨੂੰ ਪੇਸ਼ ਕਰਕੇ ਸਿੱਟਾ ਕੱਢਣ ਦਾ ਫ਼ੈਸਲਾ ਪਾਠਕਾਂ 'ਤੇ ਛੱਡਣਾ ਹੁੰਦਾ ਹੈ ਨਾ ਕਿ ਖ਼ੁਦ ਹੀ ਜੱਜ ਬਣ ਕੇ ਫ਼ੈਸਲਾ ਸੁਣਾਉਣਾ।