ਪੰਜਾਬ ਸਰਕਾਰ ਵੱਲੋਂ ਆਦਮਪੁਰ (ਜਲੰਧਰ), ਪਠਾਨਕੋਟ, ਸਾਹਨੇਵਾਲ ਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੀ ਮੰਗ 

ਏਜੰਸੀ

ਖ਼ਬਰਾਂ, ਪੰਜਾਬ

ਪ੍ਰਮੁੱਖ ਸਕੱਤਰ ਸ਼ਹਿਰੀ ਹਵਾਬਾਜ਼ੀ ਨੇ ਭਾਰਤ ਸਰਕਾਰ ਵੱਲੋਂ ਕਰਵਾਈ ਮੀਟਿੰਗ ਦੌਰਾਨ ਮੁੱਦੇ ਚੁੱਕੇ

Punjab Government seeks resumption of domestic flights from Adampur (Jalandhar), Pathankot, Sahnewal and Bathinda airports


 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਭਾਰਤ ਸਰਕਾਰ ਨੂੰ ਆਦਮਪੁਰ (ਜਲੰਧਰ), ਪਠਾਨਕੋਟ, ਸਾਹਨੇਵਾਲ ਅਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ। ਪ੍ਰਮੁੱਖ ਸਕੱਤਰ, ਸ਼ਹਿਰੀ ਹਵਾਬਾਜ਼ੀ ਸ੍ਰੀ ਰਾਹੁਲ ਭੰਡਾਰੀ ਨੇ ਅੱਜ ਇੱਥੇ ਉਡਾਨ, ਕ੍ਰਿਸ਼ੀਉਡਾਨ, ਹਵਾਬਾਜ਼ੀ ਸੁਰੱਖਿਆ, ਹਵਾਈ ਅੱਡਿਆਂ, ਗ੍ਰੀਨਫੀਲਡ ਏਅਰਪੋਰਟਸ, ਹੈਲੀਪੋਰਟ ਅਤੇ ਵਾਟਰ ਐਰੋਡ੍ਰੋਮਜ਼ ਦੇ ਵਿਕਾਸ ਬਾਰੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਆਯੋਜਿਤ ਇੱਕ ਇੰਟਰਐਕਟਿਵ ਸੈਸ਼ਨ ਵਿੱਚ ਹਿੱਸਾ ਲਿਆ।

ਉਹਨਾਂ ਨੇ ਇਸ ਮਾਮਲੇ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਦਿਆਂ ਕਿਹਾ ਕਿ ਇਹ ਹਵਾਈ ਅੱਡੇ ਭਾਰਤ ਸਰਕਾਰ ਦੀ ਖੇਤਰੀ ਸੰਪਰਕ ਸੇਵਾ ਦਾ ਹਿੱਸਾ ਸਨ। ਉਹਨਾਂ ਕਿਹਾ ਕਿ ਕੋਰੋਨਾ ਸੰਕਟ ਦੌਰਾਨ ਇਨ੍ਹਾਂ ਹਵਾਈ ਅੱਡਿਆਂ ਤੋਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਉਹਨਾਂ ਅੱਗੇ ਕਿਹਾ ਕਿ ਇਸ ਨਾਲ ਖੇਤਰ ਵਿੱਚ ਹਵਾਈ ਸੰਪਰਕ ਨੂੰ ਵੱਡਾ ਝਟਕਾ ਲੱਗਾ ਹੈ, ਜਿਸ ਨਾਲ ਯਾਤਰੀਆਂ ਨੂੰ ਬਹੁਤ ਅਸੁਵਿਧਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਪ੍ਰਮੁੱਖ ਸਕੱਤਰ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਨ੍ਹਾਂ ਹਵਾਈ ਅੱਡਿਆਂ ਤੋਂ ਤੁਰੰਤ ਉਡਾਣਾਂ ਸ਼ੁਰੂ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਉਡਾਣਾਂ ਮੁੜ ਸ਼ੁਰੂ ਹੋਣ ਨਾਲ ਦੇਸ਼ ਭਰ ਵਿੱਚ ਸਿੱਧਾ ਹਵਾਈ ਸੰਪਰਕ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ। ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਇਸ ਨਾਲ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੀ ਵੱਡਾ ਹੁਲਾਰਾ ਮਿਲੇਗਾ।

ਇਕ ਹੋਰ ਮੁੱਦਾ ਉਭਾਰਦਿਆਂ, ਪ੍ਰਮੁੱਖ ਸਕੱਤਰ ਨੇ ਭਾਰਤ ਸਰਕਾਰ ਨੂੰ ਹਲਵਾਰਾ ਹਵਾਈ ਅੱਡੇ ‘ਤੇ ਸਿਵਲ ਟਰਮੀਨਲ ਦੀ ਉਸਾਰੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਲਈ ਜ਼ਮੀਨ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ਅਤੇ 46 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਇਸ ਪ੍ਰਾਜੈਕਟ ‘ਤੇ ਕੰਮ ਸ਼ੁਰੂ ਹੋ ਚੁੱਕਾ ਹੈ। ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਇਸ ਨੂੰ ਜਲਦ ਮੁਕੰਮਲ ਕਰਨ ਲਈ ਕੰਮ ਵਿੱਚ ਤੇਜ਼ੀ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ।

ਇਕ ਹੋਰ ਮੁੱਦੇ ਬਾਰੇ ਗੱਲ ਕਰਦਿਆਂ ਪ੍ਰਮੁੱਖ ਸਕੱਤਰ ਨੇ ਅਫਸੋਸ ਜ਼ਾਹਿਰ ਕੀਤਾ ਕਿ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਚੰਡੀਗੜ੍ਹ ਦਾ ਟਰਮੀਨਲ ਜ਼ਿਲ੍ਹਾ ਐਸ.ਏ.ਐਸ.ਨਗਰ, ਮੋਹਾਲੀ ਵਿਚ ਪੈਂਦੀ ਜਮੀਨ ‘ਤੇ ਬਣਾਇਆ ਗਿਆ ਹੈ, ਪਰ ਬਦਕਿਸਮਤੀ ਨਾਲ ਹਵਾਈ ਅੱਡੇ ਦੇ ਨਾਂ ਤੋਂ ਮੋਹਾਲੀ ਦਾ ਨਾਂ ਗਾਇਬ ਹੈ। ਉਹਨਾਂ ਨੇ ਭਾਰਤ ਸਰਕਾਰ ਨੂੰ ਜਾਣੂ ਕਰਵਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਇਸ ਹਵਾਈ ਅੱਡੇ ਦੇ ਨਾਮ ਵਿੱਚ ਮੋਹਾਲੀ ਸ਼ਹਿਰ ਦਾ ਨਾਮ ਸ਼ਾਮਲ ਨਾ ਕਰਨ ਲਈ ਰੋਸ ਪ੍ਰਗਟਾ ਚੁੱਕੇ ਹਨ। ਉਹਨਾਂ ਕਿਹਾ ਕਿ ਇਸ ਜਾਇਜ਼ ਮੰਗ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ, ਜਿਸ ਨਾਲ ਪੰਜਾਬੀਆਂ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ।

ਪ੍ਰਮੁੱਖ ਸਕੱਤਰ ਨੇ ਇਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਵੀ ਮੰਗ ਕੀਤੀ। ਉਹਨਾਂ ਕਿਹਾ ਕਿ ਇਸ ਵਿਸ਼ਵ ਪੱਧਰੀ ਹਵਾਈ ਅੱਡੇ ਦੀ ਨੁਹਾਰ ਸਵਾਰਨ ਲਈ ਪਹਿਲਾਂ ਹੀ 450 ਕਰੋੜ ਰੁਪਏ ਤੋਂ ਵੱਧ ਦਾ ਖਰਚ ਕੀਤਾ ਜਾ ਚੁੱਕਾ ਹੈ। ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਨਾਲ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਵਿੱਚ ਹੋਰ ਮਦਦ ਮਿਲੇਗੀ ਅਤੇ ਪੰਜਾਬ ਦੇ ਨਾਲ-ਨਾਲ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰਾਖੰਡ ਅਤੇ ਹੋਰ ਸੂਬਿਆਂ ਦੇ ਲੋਕਾਂ ਨੂੰ ਵੀ ਇਸ ਦਾ ਲਾਭ ਮਿਲੇਗਾ।