ਸੰਗਰੂਰ ਦੇ ਦਲਿਤ ਨੌਜਵਾਨ ਦੀ ਮੌਤ ਦਾ ਮਾਮਲਾ ਕੇਂਦਰ ਤੇ ਸੰਸਦ 'ਚ ਚੁੱਕੇਗਾ ਭਗਵੰਤ ਮਾਨ

ਏਜੰਸੀ

ਖ਼ਬਰਾਂ, ਪੰਜਾਬ

ਸੰਗਰੂਰ ਦੇ ਪਿੰਡ ਚੰਗਾਲੀਵਾਲਾ 'ਚ ਦਲਿਤ ਨੌਜਵਾਨ ਦੀ ਕੁੱਟਮਾਰ ਤੋਂ ਬਾਅਦ ਹੋਈ ਮੌਤ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਉਥੇ ਹੀ ਮ੍ਰਿਤਕ ਨੂੰ ਇਨਸਾਫ ਦਿਵਾਉਣ ਦੀ ਇਸ..

Sangrur

ਸੰਗਰੂਰ : ਸੰਗਰੂਰ ਦੇ ਪਿੰਡ ਚੰਗਾਲੀਵਾਲਾ 'ਚ ਦਲਿਤ ਨੌਜਵਾਨ ਦੀ ਕੁੱਟਮਾਰ ਤੋਂ ਬਾਅਦ ਹੋਈ ਮੌਤ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਉਥੇ ਹੀ ਮ੍ਰਿਤਕ ਨੂੰ ਇਨਸਾਫ ਦਿਵਾਉਣ ਦੀ ਇਸ ਲੜਾਈ 'ਚ ਪੀੜਤ ਪਰਿਵਾਰ ਨਾਲ ਸਮਾਜ ਸੇਵੀ ਸੰਸਥਾਵਾਂ ਤੇ ਕਈ ਜਥੇਬੰਦੀਆਂ ਵੀ ਸਹਿਯੋਗ ਦੇ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਇਸ ਘਟਨਾ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਬਾਕੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਨਾਲ ਲੈ ਕੇ ਇਸ ਮਾਮਲੇ ਨੂੰ ਸੰਸਦ ਵਿਚ ਚੁੱਕਣਗੇ ਤਾਂ ਕਿ ਪੰਜਾਬ ਸਰਕਾਰ 'ਤੇ ਇਸ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਦਬਾਅ ਬਣਾਇਆ ਜਾ ਸਕੇ।

ਉਥੇ ਹੀ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ, ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਵੀ ਪਰਿਵਾਰ ਨੂੰ ਹਰ ਬਣਦਾ ਸਹਿਯੋਗ ਦੇਣ ਦੀ ਵਚਨਬੱਧਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਰਿਵਾਰ ਦੇ ਨਾਲ ਹੈ ਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ। ਦੱਸ ਦੇਈਏ ਕਿ ਪਰਿਵਾਰ ਵਲੋਂ ਇਨਸਾਫ ਨਾ ਮਿਲਣ ਤੱਕ ਪੁੱਤ ਦੀ ਲਾਸ਼ ਦਾ ਸੰਸਕਾਰ ਨਾ ਕਰਨ ਦੀ ਗੱਲ ਆਖੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।

ਗਰੀਬ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਨਹੀਂ ਤਾਂ ਉਹ ਆਪਣਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਣਗੇ। ਜ਼ਿਕਰਯੋਗ ਹੈ ਕਿ ਦਲਿਤ ਨੌਜਵਾਨ ਨੂੰ ਕੁਝ ਵਿਅਕਤੀਆਂ ਵੱਲੋਂ 3 ਘੰਟੇ ਤੱਕ ਬੰਨ੍ਹ ਕੇ ਰੱਖਿਆ ਗਿਆ ਸੀ। ਇਸ ਦੌਰਾਨ ਉਸ ਦੀ ਰਾਡ ਤੇ ਡੰਡਿਆਂ ਨਾਲ ਕੁੱਟ ਮਾਰ ਕੀਤੀ ਗਈ। ਇਹੀ ਨਹੀਂ ਉਨ੍ਹਾਂ ਨੌਜਵਾਨਾਂ ਨੇ ਪੀੜਤ ਦੀਆਂ ਲੱਤਾਂ ਦੇ ਮਾਸ ਨੂੰ ਪਲਾਸ ਨਾਲ ਨੌਚ ਦਿੱਤਾ, ਜਿਸ ਕਾਰਨ ਜ਼ਖਮੀ ਨੌਜਵਾਨ ਦੀ ਪੀ.ਜੀ.ਆਈ. ਵਿਚ ਇਲਾਜ਼ ਦੌਰਾਨ ਬੀਤੇ ਦਿਨ ਭਾਵ ਸ਼ਨੀਵਾਰ ਨੂੰ ਮੌਤ ਹੋ ਗਈ। ਇਥੋਂ ਤੱਕ ਕਿ ਨੌਜਵਾਨ ਨੇ ਜਦੋਂ ਪਾਣੀ ਮੰਗਿਆ ਤਾਂ ਉਸ ਨੂੰ ਵਿਅਕਤੀਆਂ ਵੱਲੋਂ ਪਿਸ਼ਾਬ ਪਿਲਾ ਦਿੱਤਾ ਗਿਆ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।