ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ, ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਧਰਨਾ 55ਵੇਂ ਦਿਨ 'ਚ ਦਾਖਲ
ਇਹ ਧਰਨਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ।
ਜੰਡਿਆਲਾ ਗੁਰੂ - ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਲਾਇਆ ਧਰਨਾ ਅੱਜ 55ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਇਹ ਧਰਨਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ। ਇਸ ਦੌਰਾਨ ਕਿਸਾਨਾਂ ਵਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।
ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ 'ਚ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰੀ ਮੰਤਰੀਆਂ ਨਾਲ ਦਿੱਲੀ ਵਿਚ ਬੈਠਕ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਰਾਜ ਸਰਕਾਰ ਸਮੇਤ ਕੇਂਦਰੀ ਪੱਧਰ 'ਤੇ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਦੱਸ ਦਈਏ ਕਿ 18 ਨਵੰਬਰ ਨੂੰ ਚੰਡੀਗੜ੍ਹ ਵਿਖੇ ਅਗਲੀ ਰਣਨੀਤੀ ਉਲੀਕਣ ਲਈ ਮੀਟਿੰਗ ਬੁਲਾਈ ਗਈ ਹੈ।