ਅੰਦੋਲਨ ਦੌਰਾਨ ਕਿਸਾਨਾਂ 'ਤੇ ਹੋਏ ਪਰਚਿਆਂ ਨੂੰ ਰੱਦ ਕਰਨ ਦਾ ਸਰਕਾਰ ਨੇ ਦਿਵਾਇਆ ਭਰੋਸਾ : ਰਾਜੇਵਾਲ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਕਰ ਦਿਤਾ ਗਿਆ ਹੈ।

Balbir Singh Rajewal

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਹੋਈ ਮੀਟਿੰਗ ਤੋਂ ਬਾਅਦ 32 ਕਿਸਾਨ ਜਥੇਬੰਦੀਆਂ ਨੇ ਪ੍ਰੈਸ ਕਾਨਫ਼ਰੰਸ ਕੀਤੀ ਅਤੇ ਅੱਜ ਹੋਈ ਮੀਟਿੰਗ ਵਿਚ ਵਿਚਾਰੇ ਗਏ ਮੁੱਦਿਆਂ ਤੋਂ ਜਾਣੂ ਕਰਵਾਇਆ।

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਕਰ ਦਿਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਜਿਹੜੇ ਪਰਚੇ ਦਰਜ ਹੋਏ ਹਨ, ਉਨ੍ਹਾਂ ਨੂੰ ਰੱਦ ਕੀਤੇ ਜਾਨ ਦਾ ਵੀ ਭਰੋਸਾ ਦਿਤਾ ਗਿਆ ਹੈ।

ਇਸ ਤੋਂ ਇਲਾਵਾ ਸਰਕਾਰ ਨੇ ਭਰੋਸਾ ਦਿਵਾਇਆ ਹੈ ਕਿ ਨਕਲੀ ਬੀਜ ਵੇਚਣ ਵਾਲੀਆਂ ਕੰਪਨੀਆਂ ਖ਼ਿਲਾਫ਼ ਕਾਰਵਾਈ  ਕੀਤੀ ਜਾਵੇਗੀ ਅਤੇ ਮੰਡੀਆਂ ਵਿਚ ਪਿਆ ਝੋਨਾ ਵੀ ਖਰੀਦਿਆ ਜਾਵੇਗਾ।

ਕਿਸਾਨ ਆਗੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀਆਂ ਦੀ ਭਰਤੀ ਨੂੰ ਲੈ ਕੇ ਵੀ ਸਰਕਾਰ ਵਲੋਂ ਨਵੀਂ ਪਾਲਿਸੀ ਬਣਾਈ ਜਾ ਰਹੀ ਹੈ ਅਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ ਸਕੀਮ ਬਣਾਈ ਜਾਵੇਗੀ।

ਕਿਸਾਨ ਆਗੂ ਗੁਰਨਾਮ ਚੜੂਨੀ ਵਲੋਂ ਬਣਾਈ ਨਵੀਂ ਪਾਰਟੀ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ 'ਮਿਸ਼ਨ ਪੰਜਾਬ' ਨਾਲ  32 ਕਿਸਾਨ ਜਥੇਬੰਦੀਆਂ ਸਹਿਮਤ ਨਹੀਂ ਹਨ। ਇਸ ਲਈ ਬਾਕੀ ਸਿਆਸਤਦਾਨਾਂ ਵਾਂਗ ਚੜੂਨੀ ਦੀ ਪਾਰਟੀ ਤੋਂ ਵੀ ਸਵਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਝੰਡੀਆਂ ਦਿਖਾ ਕੇ ਬਾਕੀ ਸਿਆਸੀ ਪਾਰਟੀਆਂ ਵਾਂਗ ਹੀ ਵਿਰੋਧ ਕੀਤਾ ਜਾਵੇਗਾ।