ਵਿਜੀਲੈਂਸ ਨੇ 10,000 ਰੁਪਏ ਰਿਸ਼ਵਤ ਲੈਂਦੇ ਪੁਲਿਸ ਮੁਲਾਜ਼ਮ ਅਤੇ ਇੱਕ ਨਿੱਜੀ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਗਾਇਆ ਹੈ ਕਿ ਸਥਾਨਕ ਪੁਲਿਸ ਨੇ ਉਸਦੇ ਲੜਕੇ ਦੇ ਖਿਲਾਫ ਮਾਮਲਾ ਦਰਜ ਕੀਤਾ ਹੋਇਆ ਹੈ

Punjab Vigilance

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ਤਹਿਤ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ ਨੇ ਵਿੱਢੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਸੀਨੀਅਰ ਪੁਲਿਸ ਕਾਂਸਟੇਬਲ ਅਤੇ ਇੱਕ ਵਿਅਕਤੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜਮ ਸਿਪਾਹੀ ਗੁਰਦੀਪ ਸਿੰਘ (ਨੰਬਰ 1665/ਅੰਮ੍ਰਿਤਸਰ), ਜੋ ਕਿ ਏ.ਸੀ.ਪੀ. ਪੂਰਬੀ ਅੰਮ੍ਰਿਤਸਰ ਦੇ ਦਫਤਰ ਵਿੱਚ ਨਾਇਬ ਰੀਡਰ ਵਜੋਂ ਤਾਇਨਾਤ ਹੈ, ਅਤੇ ਪ੍ਰਾਈਵੇਟ ਵਿਅਕਤੀ ਮਯੂਰ, ਵਾਸੀ ਕਰੀਮਪੁਰਾ, ਅੰਮ੍ਰਿਤਸਰ ਨੂੰ ਸੁੱਚਾ ਸਿੰਘ ਵਾਸੀ ਪ੍ਰਤਾਪ ਨਗਰ, ਅੰਮ੍ਰਿਤਸਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਗਾਇਆ ਹੈ ਕਿ ਸਥਾਨਕ ਪੁਲਿਸ ਨੇ ਉਸਦੇ ਲੜਕੇ ਦੇ ਖਿਲਾਫ ਮਾਮਲਾ ਦਰਜ ਕੀਤਾ ਹੋਇਆ ਹੈ ਅਤੇ ਉਕਤ ਪੁਲਿਸ ਕਰਮਚਾਰੀ ਅਤੇ ਪ੍ਰਾਈਵੇਟ ਵਿਅਕਤੀ ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨਾਲ ਪੁਲਿਸ ਕੇਸ ਵਿੱਚ ਸਮਝੌਤਾ ਕਰਵਾਉਣ ਬਦਲੇ 15,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਹਨ, ਪਰ ਸੌਦਾ 10,000 ਰੁਪਏ ਵਿੱਚ ਹੋਇਆ ਹੈ।

ਪ੍ਰਾਪਤ ਸ਼ਿਕਾਇਤ ਦੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਪੁਲਿਸ ਮੁਲਾਜਮ ਅਤੇ ਪ੍ਰਾਈਵੇਟ ਵਿਅਕਤੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿਚ ਦੋਵਾਂ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।