ਏ.ਐਨ.ਐਮ. ਤੇ ਸਟਾਫ਼ ਨਰਸਾਂ ਦੀਆਂ 1,568 ਖ਼ਾਲੀ ਅਸਾਮੀਆਂ ਭਰਨ ਨੂੰ ਵਿੱਤ ਮੰਤਰੀ ਚੀਮਾ ਵਲੋਂ ਪ੍ਰਵਾਨਗੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

729 ਏ.ਐਨ.ਐਮ. ਅਤੇ 839 ਸਟਾਫ਼ ਨਰਸਾਂ ਦੀ ਹੋਵੇਗੀ ਭਰਤੀ

Finance Minister Cheema approves filling of 1,568 vacant posts of ANM and staff nurses

ਚੰਡੀਗੜ੍ਹ : ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਅਧੀਨ ਏ.ਐਨ.ਐਮ. ਅਤੇ ਸਟਾਫ਼ ਨਰਸਾਂ ਦੀਆਂ 1,568 ਖ਼ਾਲੀ ਅਸਾਮੀਆਂ ਭਰਨ ਲਈ ਸਿਹਤ ਅਤੇ ਪਰਵਾਰ ਭਲਾਈ ਵਿਭਾਗ ਦੇ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿਤੀ ਹੈ।

ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਇਸ ਪ੍ਰਵਾਨਗੀ ਤਹਿਤ ਏ.ਐਨ.ਐਮ. ਦੀਆਂ ਕੁੱਲ 2,000 ਮਨਜ਼ੂਰਸ਼ੁਦਾ ਅਸਾਮੀਆਂ ’ਚੋਂ 729 ਖ਼ਾਲੀ ਅਸਾਮੀਆਂ ਅਤੇ ਸਟਾਫ਼ ਨਰਸਾਂ ਦੀਆਂ 1896 ਪ੍ਰਵਾਨਿਤ ਅਸਾਮੀਆਂ ’ਚੋਂ 839 ਖ਼ਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸਟਾਫ਼ ਦੀ ਘਾਟ ਕਾਰਨ ਸਿਹਤ ਸੰਭਾਲ ਸੇਵਾਵਾਂ ਵਿਚ ਕੋਈ ਰੁਕਾਵਟ ਨਾ ਆਵੇ ਅਤੇ ਇਸ ਲਈ ਇਨ੍ਹਾਂ ਠੇਕੇ-ਅਧਾਰਤ ਅਸਾਮੀਆਂ ਨੂੰ ਭਰਨ ਨੂੰ ਤਰਜੀਹ ਦਿਤੀ ਗਈ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਨ੍ਹਾਂ ਭਰਤੀਆ ਨਾਲ ਸਾਲਾਨਾ ਕੁੱਲ 48.88 ਕਰੋੜ ਰੁਪਏ ਦਾ ਵਿੱਤੀ ਪ੍ਰਭਾਵ ਪੈਣ ਦਾ ਅਨੁਮਾਨ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਏ.ਐਨ.ਐਮ.ਦੀਆਂ ਅਸਾਮੀਆਂ ਲਈ ਸਾਲਾਨਾ 18.98 ਕਰੋੜ ਰੁਪਏ ਅਤੇ ਸਟਾਫ਼ ਨਰਸ ਲਈ 29.90 ਕਰੋੜ ਰੁਪਏ ਦਾ ਖ਼ਰਚਾ ਸਹਿਣ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਪ੍ਰਵਾਨਿਤ ਤਨਖ਼ਾਹ ਢਾਂਚੇ ਦੇ ਤਹਿਤ ਏ.ਐਨ.ਐਮਜ਼ ਲਈ 21,700 ਰੁਪਏ ਅਤੇ ਸਟਾਫ਼ ਨਰਸਾਂ ਲਈ 29,700 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਨਿਰਧਾਰਤ ਕੀਤੀ ਗਈ ਹੈ। ਵਿੱਤ ਮੰਤਰੀ ਚੀਮਾ ਨੇ ਅੱਗੇ ਦਸਿਆ ਕਿ ਯੋਗਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਭਰਤੀ ਪ੍ਰਕਿਰਿਆ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਦੁਆਰਾ ਲਿਖਤੀ ਪ੍ਰੀਖਿਆ ਰਾਹੀਂ ਕਰਵਾਉਣ ਦੀ ਤਜਵੀਜ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿੱਤ ਵਿਭਾਗ ਨੇ ਇਹ ਪ੍ਰਵਾਨਗੀ ਇਸ ਸ਼ਰਤ ਤੇ ਦਿਤੀ ਹੈ ਕਿ ਸਿਹਤ ਵਿਭਾਗ ਇਨ੍ਹਾਂ ਨਿਯੁਕਤੀਆਂ ਬਾਰੇ ਪ੍ਰਸੋਨਲ ਵਿਭਾਗ ਤੋਂ ਲੋੜੀਂਦੀ ਸਹਿਮਤੀ ਯਕੀਨੀ ਬਣਾਏ।