26 ਜਨਵਰੀ ਦੇ ਮਾਰਚ ਪਾਸਟ 'ਚ ਅਰਧ ਸੈਨਿਕ ਬਲ ਤੇ ਪੰਜਾਬ ਪੁਲਿਸ ਦੀਆਂ 15 ਟੁਕੜੀਆਂ ਹੋਣਗੀਆਂ ਸ਼ਾਮਿਲ

ਏਜੰਸੀ

ਖ਼ਬਰਾਂ, ਪੰਜਾਬ

ਡਿਪਟੀ ਕਮਿਸ਼ਨਰ ਵਲੋਂ ਗਣਤੰਤਰ ਦਿਵਸ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ

File

ਜਲੰਧਰ- ਇਸ ਸਾਲ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਗਣਤੰਤਰ ਦਿਵਸ ਮੌਕੇ ਕਰਵਾਏ ਜਾ ਰਹੇ ਸ਼ਾਨਦਾਰ ਮਾਰਚ ਪਾਸਟ ਵਿੱਚ ਅਰਧ ਸੈਨਿਕ ਬਲਾਂ, ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ. ਸਕਾਊਟ ਅਤੇ ਗਰਲਜ਼ ਗਾਈਡਜ਼ ਦੀਆਂ 15 ਟੁਕੜੀਆਂ ਹਿੱਸਾ ਲੈਣਗੀਆਂ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਪੇਸ਼ ਕੀਤੇ ਜਾਣ ਵਾਲੇ ਮਾਰਚ ਪਾਸਟ ਸਬੰਧੀ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇਣ ਲਈ ਮੀਟਿੰਗ ਕੀਤੀ ਗਈ। 

ਉਨ੍ਹਾਂ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਸੂਬੇ ਭਰ ਵਿਚੋਂ ਸਭ ਤੋਂ ਵਧੀਆ ਮਾਰਚ ਪਾਸਟ ਪੇਸ਼ ਕਰਨ ਦੀ ਪੁਰਾਣੀ ਪਰੰਪਰਾ ਨੂੰ ਕਾਇਮ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਸੀ.ਆਰ.ਪੀ.ਐਫ. ਅਤੇ ਭਾਰਤੀ ਫੌਜ ਦੇ ਬੈਂਡ ਵਲੋਂ ਗਣਤੰਤਰ ਦਿਵਸ ਮੌਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾਵੇਗਾ। ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਮਾਰਚ ਪਾਸਟ ਲਈ ਰਿਹਰਸਲ 20 ਜਨਵਰੀ ਤੋਂ ਸ਼ੁਰੂ ਕੀਤੀ ਜਾਵੇਗੀ। ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। 

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਰਿਹਰਸਲਾਂ ਅਤੇ ਗਣਤੰਤਰ ਦਿਵਸ ਮੌਕੇ ਸਿਹਤ ਟੀਮਾਂ ਲਗਾਈਆਂ ਜਾਣ। ਗਣਤੰਤਰ ਦਿਵਸ ਮੌਕੇ ਵਿਦਿਆਰਥੀਆਂ ਲਈ ਪੀਣ ਵਾਲੇ ਪਾਣੀ ਅਤੇ ਡਾਕਟਰੀ ਸਹਾਇਤਾ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਗਣਤੰਤਰ ਦਿਵਸ ਮੌਕੇ ਅਵਾਜਾਈ ਦੇ ਬਦਲਵੇਂ ਪ੍ਰਬੰਧਾਂ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਅਤੇ ਹੋਰ ਸਹੂਲਤਾਂ ਦੇ ਢੁਕਵੇਂ ਪ੍ਰਬੰਧ ਕੀਤੇ ਜਾਣਗੇ।  ਗਣਤੰਤਰ ਦਿਵਸ ਨੂੰ ਸੁਚਾਰੂ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਨਗਰ ਨਿਗਮ ਜਲੰਧਰ ਨੂੰ ਕਿਹਾ ਕਿ ਸਮਾਗਮ ਦੌਰਾਨ ਸਟੇਡੀਅਮ ਅਤੇ ਇਸ ਦੇ ਆਲੇ-ਦੁਆਲੇ ਦੀ ਸਾਫ਼ ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਗਣਤੰਤਰ ਦਿਵਸ ਮੌਕੇ ਪੀਣ ਵਾਲੇ ਪਾਣੀ ਨੂੰ ਯਕੀਨੀ ਬਣਾਇਆ ਜਾਵੇ।ਇਸ ਤੋਂ ਇਲਾਵਾ ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਦੌਰਾਨ ਡਾਕਟਰੀ ਟੀਮ ਸਮੇਤ ਦਵਾਈਆਂ ਅਤੇ ਐਂਬੂਲੈਂਸ ਦੀ ਉਲੱਬਧਤਾ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਕਿਹਾ ਕਿ ਗਣਤੰਤਰ ਦਿਵਸ ਮੌਕੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਨੂੰ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਅਮਰੀਕ ਸਿੰਘ ਪਵਾਰ, ਉਪ ਮੰਡਲ ਮੈਜਿਸਟਰੇਟ ਜਲੰਧਰ-2 ਰਾਹੁਲ ਸਿੰਧੂ, ਜਾਇੰਟ ਕਮਿਸ਼ਨਰ ਨਗਰ ਨਿਗਮ ਰਾਜੀਵ ਵਰਮਾ, ਸਹਾਇਕ ਕਮਿਸ਼ਨਰ ਹਰਦੀਪ ਧਾਲੀਵਾਲ ਤੇ ਸ਼ਾਇਰੀ ਮਲਹੋਤਰਾ, ਸਹਾਇਕ ਕਮਿਸ਼ਨਰ ਪੁਲਿਸ ਬਿਮਲ ਕਾਂਤ, ਐਚ.ਐਸ.ਬੱਲਾ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ, ਲੈਫ.ਕਰਨਲ (ਰਿਟਾ.) ਮਨਮੋਹਨ ਸਿੰਘ ਅਤੇ ਹੋਰ ਵੀ ਹਾਜ਼ਰ ਸਨ।