ਬੀਰ ਦਵਿੰਦਰ ਸਿੰਘ ਨੇ ਕਿਸਾਨਾਂ ਵਿਰੁਧ ਐਨਆਈਏ ਕਾਰਵਾਈ ਦੀ ਨਿੰਦਾ ਕੀਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਂਦਰ ਨੂੰ ਕੇਂਦਰੀ ਜਾਂਚ ਏਜੰਸੀ ਦੀ ਦੁਰਵਰਤੋ ਕਰਨ ਤੋਂ ਬਾਜ਼ ਆਉਣ ਲਈ ਕਿਹਾ

Bir Davinder Singh

ਚੰਡੀਗੜ੍ਹ : ਕੇਂਦਰੀ ਜਾਂਚ ਏਜੰਸੀ (ਐੱਨ ਆਈ ਏ) ਵੱਲੋਂ ਕਿਸਾਨ ਅੰਦੋਲਨ ਦੇ ਹਮਾਇਤੀਆਂ ਨੂੰ ਭੇਜੇ ਜਾ ਰਹੇ ਕਾਨੂੰਨੀ ਨੋਟਿਸਾਂ ਦੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਮੁੱਖ ਬੁਲਾਰੇ ਅਤੇ ਸਾਬਕਾ ਡਿਪਟੀ ਸਪੀਕਰ ਸ: ਬੀਰ ਦਵਿੰਦਰ ਸਿੰਘ ਨੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰਦੇ ਹੋਏ ਐਨ ਆਈ ਏ ਦੀ ਦੁਰਵਰਤੋਂ ਕਰਨ ਲਈ ਕੇਂਦਰ ਸਰਕਾਰ ਨੂੰ ਭੰਡਿਆ ਹੈ। 

ਉਨ੍ਹਾਂ ਕੇਂਦਰ ਨੂੰ ਕੇਂਦਰੀ ਜਾਂਚ ਏਜੰਸੀ ਦੀ ਦੁਰਵਰਤੋ ਕਰਨ ਤੋਂ ਬਾਜ਼ ਆਉਣ ਲਈ ਕਿਹਾ ਅਤੇ ਕਿਸਾਨੀ ਸੰਘਰਸ਼ ਦੇ ਮੱਦਦਗਾਰਾਂ ਨੂੰ ਝੂਠੇ ਮਾਮਲਿਆਂ ਵਿੱਚ ਉਲਝਾਉਣ ਦੀ ਬੇਬੁਨਿਆਦ ਕਾਰਵਾਈ ਬੰਦ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਦਾ ਕਿਸਾਨ ਘੋਲ ਦੇ ਮੱਦਦਗਾਰਾਂ ਖ਼ਿਲਾਫ਼ ਘੇਰਾਬੰਦੀ ਕਰਨਾ ਕੇਂਦਰ ਸਰਕਾਰ ਦਾ ਕਿਸਾਨੀ ਸੰਘਰਸ਼ ਵਿਰੁੱਧ ਨਵਾਂ ਪੈਂਤੜਾ ਹੈ। ਜਿਸ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ।

ਸੰਘਰਸ਼ ਵਿੱਚ ਸ਼ਾਮਲ ਜਾਂ ਹਮਾਇਤੀ ਪੱਤਰਕਾਰ, ਟਰਾਂਸਪੋਰਟਰਾਂ, ਪ੍ਰੋਫੈਸਰ ਅਤੇ ਲੋਕ ਭਲਾਈ ਸੰਸਥਾਵਾਂ ਦੇ ਕਾਰਕੁੰਨਾਂ ਨੂੰ ਨੋਟਿਸ ਜਾਰੀ ਕਰਕੇ ਤਲਬ ਕੀਤਾ ਗਿਆ ਹੈ ਜਦਕਿ ਇਨ੍ਹਾਂ ਨੇ ਕੋਈ ਵੀ ਗੈਰਕਾਨੂੰਨੀ ਕੰਮ ਨਹੀ ਕੀਤਾ ਹੈ। ਕੇਂਦਰ ਦੇ ਇਸ਼ਾਰਿਆਂ ’ਤੇ ਕੇਂਦਰੀ ਜਾਂਚ ਏਜੰਸੀ ਦਾ ਕਿਸਾਨ ਅੰਦੋਲਨ ਦੇ ਮੱਦਦਗਾਰਾਂ ਨੂੰ ਬੇਵਜ੍ਹਾ ਤੰਗ ਕਰਨਾ ਬੇਹੱਦ ਮੰਦਭਾਗਾ ਹੈ।

ਉਨ੍ਹਾਂ ਕਿਹਾ ਕਿ ਇਸ ਕਾਰਵਾਈ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਨੇ ਆਮਦਨ ਕਰ ਵਿਭਾਗ ਦੀ ਦੁਰਵਰਤੋਂ ਕਰਦਿਆਂ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਆਏ ਪੰਜਾਬ ਦੇ ਕਈ ਆੜ੍ਹਤੀਆਂ ਨੂੰ ਨੋਟਿਸ ਭੇਜੇ ਗਏ ਸਨ ਅਤੇ ਉਨ੍ਹਾਂ ’ਤੇ ਛਾਪੇਮਾਰੀ ਦੀ ਕਾਰਵਾਈ ਵੀ ਕੀਤੀ ਗਈ ਸੀ। 

ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਸ ਸਮੇਂ ਜਦੋਂ ਪਿਛਲੇ ਲੰਮੇ ਸਮੇਂ ਤੋਂ ਕੜਾਕੇ ਦੀ ਠੰਢ ਵਿੱਚ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਹਰ ਰੋਜ ਆਪਣੀਆਂ ਜਾਨਾਂ ਗੁਆ ਰਹੇ ਹਨ, ਅਜਿਹੇ ਵਿੱਚ ਕਿਸਾਨ ਅੰਦੋਲਨ ਨੂੰ ਦਬਾਉਣ ਲਈ ਕੇਂਦਰ ਸਰਕਾਰ ਵੱਲੋਂ ਸੌੜੀ ਰਾਜਨੀਤੀ ਅਤੇ ਮਾੜੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ।