ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ 'ਚ ED ਵਲੋਂ 12 ਥਾਵਾਂ 'ਤੇ ਛਾਪੇਮਾਰੀ
ਕਿਹਾ ਜਾ ਰਿਹਾ ਹੈ ਕਿ ਸਿਆਸੀ ਸਬੰਧ ਰੱਖਣ ਵਾਲੇ ਕੁਝ ਲੋਕਾਂ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।
ਚੰਡੀਗੜ੍ਹ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਵਿਚ 10 ਤੋਂ 12 ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਸਿਆਸੀ ਸਬੰਧ ਰੱਖਣ ਵਾਲੇ ਕੁਝ ਲੋਕਾਂ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।
Illegal Mining
ਇਸ ਦੌਰਾਨ ਈਡੀ ਵਲੋਂ ਪੰਜਾਬ ਦੇ ਮੋਹਾਲੀ ਦੇ ਸੈਕਟਰ 70 ਵਿਚ ਹੋਮਲੈਂਡ ਸੁਸਾਇਟੀ ਅਤੇ ਲੁਧਿਆਣਾ ਵਿਚ ਵੀ ਛਾਪੇਮਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਹਰਿਆਣਾ ਦੇ ਪੰਚਕੁਲਾ ਵਿਚ ਵੀ ਛਾਪੇਮਾਰੀ ਹੋਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਹਨੀ ਦੇ ਟਿਕਾਣਿਆਂ ਉੱਤੇ ਵੀ ਛਾਪੇਮਾਰੀ ਕੀਤੀ ਗਈ ਹੈ। ਹਾਲਾਂਕਿ ਹੁਣ ਤੱਕ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ।
Enforcement Directorate
ਦੱਸ ਦੇਈਏ ਕਿ ਪੰਜਾਬ ਪੁਲਿਸ ਨੇ 2018 ਵਿਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਕੇਸ ਦਰਜ ਕੀਤਾ ਸੀ। ਇਸ ਦੇ ਆਧਾਰ 'ਤੇ ਈਡੀ ਨੇ ਮਾਮਲੇ ਨੂੰ ਟੇਕਓਵਰ ਕੀਤਾ ਸੀ। ਇਹ ਮਾਮਲਾ ਸੁਖਪਾਲ ਸਿੰਘ ਖਹਿਰਾ ਵਲੋਂ ਚੁੱਕਿਆ ਗਿਆ ਸੀ, ਜਦੋਂ ਉਹ ਆਮ ਆਦਮੀ ਪਾਰਟੀ ਦਾ ਹਿੱਸਾ ਸਨ।