ਲੋਕ ਸੰਪਰਕ ਵਿਭਾਗ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਧਾਰਮਿਕ ਸਮਾਗਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ ਅਤੇ ਕੁਲਦੀਪ ਧਾਲੀਵਾਲ ਹੋਏ ਸ਼ਾਮਲ

PUNJAB DIPR ORGANISES SRI SUKHMANI SAHIB PAATH TO MARK PRAKASH PURB OF SRI GURU GOBIND SINGH

 

ਚੰਡੀਗੜ੍ਹ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਨਵੇਂ ਵਰ੍ਹੇ ਦੀ ਆਮਦ 'ਤੇ ਸਰਬੱਤ ਦੇ ਭਲੇ ਦੀ ਅਰਦਾਸ-ਜੋਦੜੀ ਨੂੰ ਸਮਰਪਿਤ ਧਾਰਮਿਕ ਸਮਾਗਮ ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ਦੇ ਰੂਪ ਵਿੱਚ ਪੂਰਨ ਸ਼ਰਧਾ ਨਾਲ ਕਰਵਾਏ ਗਏ।

ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ, ਖੇਤੀਬਾੜੀ ਮੰਤਰੀ  ਕੁਲਦੀਪ ਸਿੰਘ ਧਾਲੀਵਾਲ, ਪ੍ਰਮੁੱਖ ਸਕੱਤਰ ਸੂਚਨਾ ਤੇ ਲੋਕ ਸੰਪਰਕ ਰਾਹੁਲ ਭੰਡਾਰੀ, ਡਾਇਰੈਕਟਰ ਸੋਨਾਲੀ ਗਿਰਿ, ਵਧੀਕ ਡਾਇਰੈਕਟਰ (ਪ੍ਰਸ਼ਾਸਨ) ਸੰਦੀਪ ਸਿੰਘ ਗੜ੍ਹਾ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਕਮਿਊਨੀਕੇਸ਼ਨ ਨਵਨੀਤ ਸਿੰਘ ਵਧਵਾ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਇਸ ਸਮਾਗਮ ਵਿੱਚ ਭਰਵੀਂ ਹਾਜ਼ਰੀ ਲਗਵਾਈ।

ਸਭ ਤੋਂ ਪਹਿਲਾਂ ਭਾਈ ਕਸ਼ਮੀਰ ਸਿੰਘ ਜੀ ਦੀ ਅਗਵਾਈ ਵਿੱਚ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿੱਚ ਕਰਵਾਉਣ ਉਪਰੰਤ ਭਾਈ ਤੇਜਿੰਦਰ ਸਿੰਘ ਸ਼ਿਮਲਾ ਵਾਲਿਆਂ ਦੇ ਰਾਗੀ ਜੱਥੇ ਵੱਲੋਂ ਮਨੋਹਰ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਉਪਰੰਤ ਵਿਭਾਗ ਵਲੋਂ ਲਾਏ ਗਏ ਗੁਰੂ ਕੇ ਲੰਗਰ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਕੁਲਦੀਪ ਸਿੰਘ ਧਾਲੀਵਾਲ ਅਤੇ ਹਲਕਾ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਬਾਕੀ ਸੰਗਤ ਨਾਲ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ।

ਇਸ ਸਮਾਗਮ ਵਿਚ ਪੱਤਰਕਾਰ ਭਾਈਚਾਰਾ, ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਮੇਤ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।