ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਸ਼ੀਰਵਾਦ ਸਕੀਮ ਤਹਿਤ 16 ਜ਼ਿਲ੍ਹਿਆਂ ਦੇ 5951 ਲਾਭਪਾਤਰੀਆਂ ਨੂੰ ਮਿਲੇਗਾ ਲਾਭ

Punjab Government releases Rs 30.35 crore for Scheduled Castes: Dr. Baljit Kaur

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ.ਏ.ਐਸ.ਨਗਰ, ਐਸ.ਬੀ.ਐਸ.ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਸਾਲ 2023-24 ਅਤੇ 2024-25 ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 5951 ਲਾਭਪਾਤਰੀਆਂ ਨੂੰ ਕਵਰ ਕਰਨ ਲਈ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਬਰਨਾਲਾ ਦੇ 136, ਬਠਿੰਡਾ ਦੇ 455, ਫਰੀਦਕੋਟ ਦੇ 187, ਫਿਰੋਜ਼ਪੁਰ ਦੇ 1230 ਫਤਿਹਗੜ੍ਹ  ਸਾਹਿਬ ਦੇ 192, ਫਾਜ਼ਿਲਕਾ ਦੇ 347, ਹੁਸ਼ਿਆਰਪੁਰ ਦੇ 189, ਜਲੰਧਰ ਦੇ 1263 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਮਾਨਸਾ ਦੇ 271, ਸ੍ਰੀ ਮੁਕਤਸਰ ਸਾਹਿਬ ਦੇ 90, ਪਟਿਆਲਾ ਦੇ 530, ਰੂਪਨਗਰ ਦੇ 199, ਐਸ.ਏ.ਐਸ. ਨਗਰ ਦੇ 218, ਐਸ.ਬੀ.ਐਸ. ਨਗਰ ਦੇ 166, ਸੰਗਰੂਰ ਦੇ 408 ਅਤੇ ਮਲੇਰਕੋਟਲਾ ਦੇ 70 ਲਾਭਪਾਤਰੀਆਂ ਨੂੰ ਵੀ ਵਿੱਤੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।