ਅਵਾਰਾ ਪਸ਼ੂਆਂ ਦਾ ਹੱਲ ਖੁਦ ਹੀ ਕਰਨ ਲੱਗੇ ਕਿਸਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਿਨੋਂ ਦਿਨ ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਦੇਖਦੇ ਹੋਏ ਅੱਜ ਜਲੰਧਰ ਦੇ ਪ੍ਰਤਾਪਪੁਰਾ ਦੀ ਦਾਣਾ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ...

File Photo

ਜਲੰਧਰ- ਦਿਨੋਂ ਦਿਨ ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਦੇਖਦੇ ਹੋਏ ਅੱਜ ਜਲੰਧਰ ਦੇ ਪ੍ਰਤਾਪਪੁਰਾ ਦੀ ਦਾਣਾ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਆਵਾਰਾ ਪਸ਼ੂਆਂ ਨੂੰ ਭਾਰੀ ਸੰਖਿਆ ਨਾਲ ਟਰਾਲੀਆਂ ਵਿਚ ਲਿਆਂਦਾ ਗਿਆ ਜਿਨ੍ਹਾਂ ਨੂੰ ਜਲੰਧਰ ਦੇ ਡੀਸੀ ਦਫ਼ਤਰ ਦੇ ਬਾਹਰ ਛੱਡਿਆ ਜਾਵੇਗਾ। ਦਿਨੋਂ ਦਿਨ ਆਵਾਰਾ ਪਸ਼ੂਆਂ ਦੀ ਸਮੱਸਿਆ ਵੱਧਦੀ ਹੀ ਜਾ ਰਹੀ ਹੈ

ਜਿਸ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਨਾਲ ਨਾਲ ਸੜਕਾਂ ਤੇ ਦੁਰਘਟਨਾਵਾਂ ਵੀ ਹੋ ਰਹੀਆਂ ਹਨ। ਜਿਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਪਹਿਲਾਂ ਵੀ ਪ੍ਰਸ਼ਾਸਨ ਨੂੰ ਇਸ ਸਬੰਧੀ 14 ਤਰੀਕ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਕਿ 17 ਤਰੀਕ ਤੱਕ ਜੇਕਰ ਇਸ ਦਾ ਕੋਈ ਹੱਲ ਨਹੀਂ ਕੀਤਾ ਗਿਆ ਤਾਂ ਅਸੀਂ ਇਨ੍ਹਾਂ ਨੂੰ ਜਲੰਧਰ ਦੇ ਡੀਸੀ ਦਫ਼ਤਰ ਦੇ ਬਾਹਰ ਮਜਬੂਰਨ ਛੱਡਾਂਗੇ।

ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ ਉਨ੍ਹਾਂ ਦੀ ਇਸ ਗੱਲ ਤੇ ਕੋਈ ਗੌਰ ਨਹੀਂ ਕੀਤਾ ਤਾਂ ਉਹ ਅੱਜ ਮਜਬੂਰਨ ਆਪਣੀ ਯੂਨੀਅਨ ਦੇ ਨਾਲ ਜਲੰਧਰ ਦੇ ਪ੍ਰਤਾਪਪੁਰਾ ਦੀ ਦਾਣਾ ਮੰਡੀ ਵਿੱਚ ਇਕੱਠੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਥੋੜ੍ਹੀ ਹੀ ਦੇਰ ਬਾਅਦ ਜਲੰਧਰ ਦੇ ਡੀਸੀ ਦਫ਼ਤਰ ਦੇ ਬਾਹਰ ਇਨ੍ਹਾਂ ਪਸ਼ੂਆਂ ਨੂੰ ਛੱਡਿਆ ਜਾਵੇਗਾ।

ਉਧਰ ਦੂਸਰੇ ਪਾਸੇ ਜਲੰਧਰ ਦੇ ਏ ਡੀ ਸੀ ਜਸਬੀਰ ਸਿੰਘ ਦਾ ਕਹਿਣਾ ਹੈ ਕਿ ਕਿਸਾਨ ਭਾਈਚਾਰੇ ਨੂੰ ਸਭ ਦੀ ਸਮੱਸਿਆ ਨੂੰ ਸਮਝਣਾ ਚਾਹੀਦਾ ਹੈ ਇਹ ਸਿਰਫ਼ ਕਿਸਾਨਾਂ ਦੀ ਹੀ ਨਹੀਂ ਬਲਕਿ ਹੋਰ ਆਮ ਲੋਕਾਂ ਦੀ ਵੀ ਸਮੱਸਿਆ ਹੈ ਤੇ ਸਾਰਿਆਂ ਨੂੰ ਇਕੱਠੇ ਹੋ ਕੇ ਇਸ ਸਮੱਸਿਆ ਦਾ ਹੱਲ ਕਰਨਾ ਚਾਹੀਦਾ ਹੈ। ਇਸਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਅੱਜ ਮੁੜ ਪ੍ਰਸ਼ਾਸਨ ਦੇ ਲਾਰੇ ਵਿੱਚ ਨਹੀਂ ਆਉਣਗੇ ਅਤੇ ਅੱਜ ਉਹ ਜਲੰਧਰ ਡੀਸੀ ਦਫ਼ਤਰ ਦੇ ਬਾਹਰ ਇਨ੍ਹਾਂ ਪਸ਼ੂਆਂ ਨੂੰ ਛੱਡਣਗੇ ਭਾਵੇਂ ਉਨ੍ਹਾਂ ਨੂੰ ਗ੍ਰਿਫਤਾਰੀ ਹੀ ਕਿਉਂ ਨਾ ਦੇਣੀ ਪਵੇ।