ਪਹਿਲੀ ਕੈਬਨਿਟ 'ਚ 1 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਾ ਕਰਾਂਗੇ ਐਲਾਨ - ਮੁੱਖ ਮੰਤਰੀ ਚੰਨੀ 

ਏਜੰਸੀ

ਖ਼ਬਰਾਂ, ਪੰਜਾਬ

ਨਵੀਂ ਸਰਕਾਰ ਬਣਨ 'ਤੇ ਸਾਡਾ ਪਹਿਲਾ ਕੰਮ 1 ਲੱਖ ਨੌਕਰੀ ਵਾਲੇ ਪੱਤਰ 'ਤੇ ਦਸਤਖ਼ਤ ਕਰਨਾ ਹੋਵੇਗਾ

CM Channi

 

ਚੰਡੀਗੜ੍ਹ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਭਦੌੜ ਹਲਕੇ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਚੋਣ ਪ੍ਰਚਾਰ ਤੋਂ ਪਹਿਲਾਂ ਅੱਝ ਮੁੱਖ ਮੰਤਰੀ ਚੰਨੀ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨੌਜਵਾਨਾਂ ਨੂੰ ਵੱਡੇ ਪੱਧਰ 'ਤੇ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ 1 ਲੱਖ ਬੇਰੁਜ਼ਗਾਰਾਂ ਨੂੰ ਨੌਕਰੀਆਂ ਮੁਹਈਆ ਕਰਵਾਉਣ ਦਾ ਵਾਅਦਾ ਕੀਤਾ ਹੈ।

ਮੁੱਖ ਮੰਤਰੀ ਚੰਨੀ ਨੇ ਇਹ ਐਲਾਨ ਟਵੀਟ ਕਰ ਕੇ ਕੀਤਾ ਹੈ। ਉਹਨਾਂ ਨੇ ਟਵੀਟ ਕਰ ਕੇ ਲਿਖਿਆ ਕਿ ਉਹ ਕਾਂਗਰਸ ਸਰਕਾਰ ਬਣਨ 'ਤੇ ਪਹਿਲੀ ਕੈਬਨਿਟ ਵਿਚ 1 ਲੱਖ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ 4 ਜਨਵਰੀ 2022 ਨੂੰ ਨੌਕਰੀ ਦੀ ਗਰੰਟੀ 'ਪ੍ਰਗਤੀ' ਸਕੀਮ ਦਾ ਮਤਾ ਪਾਸ ਕਰ ਚੁੱਕੀ ਹੈ ਅਤੇ ਹੁਣ ਨਵੀਂ ਸਰਕਾਰ ਬਣਨ 'ਤੇ ਸਾਡਾ ਪਹਿਲਾ ਕੰਮ 1 ਲੱਖ ਨੌਕਰੀ ਵਾਲੇ ਪੱਤਰ 'ਤੇ ਦਸਤਖ਼ਤ ਕਰਨਾ ਹੋਵੇਗਾ। ਕਾਂਗਰਸ ਸਰਕਾਰ ਦਾ ਮਕਸਦ ਪੰਜਾਬ ਦੇ ਬੇਰੁਜ਼ਗਾਰਾਂ ਨੂੰ ਨੌਕਰੀਆਂ ਮੁਹੱਈਆ ਕਰਵਾ ਕੇ ਆਪਣੇ ਪੈਰਾਂ 'ਤੇ ਖੜ੍ਹਾ ਕਰਨਾ ਹੈ।