ਟੋਪੀ ਵਿਵਾਦ ਨੂੰ ਲੈ ਕੇ ਪੰਜਾਬ ਦੇ ਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਚਿੱਠੀ ਲਿਖ ਮੰਗੀ ਮੁਆਫ਼ੀ

ਏਜੰਸੀ

ਖ਼ਬਰਾਂ, ਪੰਜਾਬ

ਇਸ ਭੁੱਲ ਨੂੰ ਬਖ਼ਸ਼ਾਉਣ ਲਈ ਆਪਣੇ ਗ੍ਰਹਿ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਅਤੇ ਗੁਰਬਾਣੀ ਕੀਰਤਨ ਕਰਾਵਾਂਗਾ...

photo

 

ਮੁਹਾਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਇਸ ਵਾਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਾਰਨ ਉਸ ਨਾਲ ਵਿਵਾਦ ਹੋਇਆ ਹੈ। ਦਰਅਸਲ ਚੰਨੀ ਕੁਝ ਦਿਨ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਦੌਰੇ 'ਤੇ ਸਨ। ਇੱਥੇ ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ।

ਉਸ ਦੌਰਾਨ ਮੁੱਖ ਮੰਤਰੀ ਸੁੱਖੂ ਨੇ ਚੰਨੀ ਨੂੰ ਸ਼ਾਲ ਅਤੇ ਟੋਪੀ ਪਹਿਨਾਈ ਪਰ ਚੰਨੀ ਨੇ ਦਸਤਾਰ ਦੇ ਉੱਪਰ ਹਿਮਾਚਲੀ ਟੋਪੀ ਪਾ ਦਿੱਤੀ। ਇਸ ਤੋਂ ਬਾਅਦ ਮਾਮਲੇ ਨੇ ਧਾਰਮਿਕ ਰੰਗ ਲੈ ਲਿਆ ਅਤੇ ਸਿੱਖ ਜਥੇਬੰਦੀਆਂ ਨੇ ਆਪਣਾ ਵਿਰੋਧ ਅਤੇ ਇਤਰਾਜ਼ ਪ੍ਰਗਟਾਉਣਾ ਸ਼ੁਰੂ ਕਰ ਦਿੱਤਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੀ ਦਸਤਾਰ ’ਤੇ ਹਿਮਾਚਲੀ ਟੋਪੀ ਪਹਿਨਣ ’ਤੇ ਵੀ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਨੇ ਚੰਨੀ ਨੂੰ ਸਿੱਖ ਮਰਿਆਦਾ ਦੀ ਉਲੰਘਣਾ ਕਰਨ ਲਈ ਮੁਆਫੀ ਮੰਗਣ ਲਈ ਕਿਹਾ ਹੈ। ਹਾਲਾਂਕਿ ਚੰਨੀ ਨੇ ਲਿਖਤੀ ਰੂਪ ਵਿਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਮੁਆਫੀ ਮੰਗੀ ਹੈ। ਉਨ੍ਹਾਂ ਚਿੱਠੀ ਵਿਚ ਲਿਖਿਆ ਹੈ ਕਿ ਮੈਂ ਇਸ ਭੁੱਲ ਲਈ ਆਪ ਜੀ ਅਤੇ ਸਮੂਹ ਸਿੱਖ ਸੰਗਤ ਤੋਂ ਸਿਰ ਨਿਵਾ ਕੇ ਮੁਆਫ਼ੀ ਮੰਗਦਾ ਹਾਂ। ਇਸ ਭੁੱਲ ਨੂੰ ਬਖ਼ਸ਼ਾਉਣ ਲਈ ਆਪਣੇ ਗ੍ਰਹਿ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਅਤੇ ਗੁਰਬਾਣੀ ਕੀਰਤਨ ਕਰਾਵਾਂਗਾ।