Punjab News: ਪੰਜਾਬ ਸਰਕਾਰ ਵੱਲੋਂ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ 15.95 ਕਰੋੜ ਰੁਪਏ ਜਾਰੀ

ਏਜੰਸੀ

ਖ਼ਬਰਾਂ, ਪੰਜਾਬ

ਕਿਹਾ, ਸੂਬਾ ਸਰਕਾਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਲਗਾਤਾਰ ਕਾਰਜ਼ਸ਼ੀਲ

Punjab Government releases Rs 15.95 crore for Mission Jeevanjot and destitute children

 

Punjab News: ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ ਚਾਲੂ ਸਾਲ 2024-25 ਤਹਿਤ 15.95 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ 08 ਜੁਲਾਈ 2024 ਤੋਂ ਜੀਵਨਜੋਤ ਪ੍ਰੋਜੈਕਟ ਸ਼ੁਰੂ ਕੀਤਾ ਹੈ। ਇਸ ਪ੍ਰੋਜੈਕਟ ਨੂੰ ਜਿਲ੍ਹਾ ਪੱਧਰੀ ਟਾਸਕ ਫੋਰਸ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਭੀਖ ਮੰਗਣ ਵਿੱਚ ਸ਼ਾਮਲ ਬੱਚਿਆਂ ਨੂੰ ਬਚਾਉਣਾ, ਮੁੜ ਵਸੇਬੇ ਅਤੇ ਪੁਨਰਗਠਨ ਕਰਨਾ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਬਾਲ ਭੀਖ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਪ੍ਰੋਜੈਕਟ ਜੀਵਨਜੋਤ ਮੁਹਿੰਮ ਚਲਾਈ ਜਾ ਰਹੀ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਸ ਮੁਹਿੰਮ ਦੌਰਾਨ ਮਹੀਨਾ ਜੁਲਾਈ ਤੋਂ ਹੁਣ ਤੱਕ 268 ਬੱਚੇ ਭੀਖ ਮੰਗਣ ਤੋਂ ਬਚਾਏ ਗਏ ਹਨ।

ਪੰਜਾਬ ਸਰਕਾਰ ਵੱਲੋਂ ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ਐਕਟ 2015 ਅਧੀਨ ਰਾਜ ਵਿੱਚ 07 ਸਰਕਾਰੀ ਚਿਲਡਰਨ ਹੋਮ ਅਤੇ 39 ਗੈਰ ਸਰਕਾਰੀ ਹੋਮ ਰਜਿਸਟਰਡ ਕੀਤੇ ਹੋਏ ਹਨ,  ਜਿਨਾਂ ਵਿੱਚ ਅਨਾਥ, ਬੇਸਾਹਾਰਾ ਅਤੇ ਸਪੁਰਧ ਕੀਤੇ ਬੱਚਿਆਂ ਨੂੰ ਰੱਖਣ ਦਾ ਉਪਬੰਧ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਅਤੇ ਮਲੇਰਕੋਟਲਾ ਵਿੱਚ ਸਰਕਾਰ ਜਲਦ ਹੀ ਬੇਸਹਾਰਾ ਬੱਚਿਆਂ ਲਈ 2 ਨਵੇਂ ਹੋਮ ਬਣਾਉਣ ਜਾ ਰਹੀ ਹੈ।

ਮੰਤਰੀ ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭੀਖ ਮੰਗ ਰਹੇ ਬੱਚਿਆਂ ਅਤੇ ਕਿਰਤ ਮਜਦੂਰੀ ਕਰ ਰਹੇ ਬੱਚਿਆਂ ਦੇ ਸੋਸ਼ਣ ਸਬੰਧੀ ਜਾਣਕਾਰੀ ਆਪਣੇ ਜ਼ਿਲ੍ਹੇ ਦੀ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਜਾਂ ਬਾਲ ਭਲਾਈ ਕਮੇਟੀ ਅਤੇ ਵਿਭਾਗ ਵੱਲੋਂ ਚਲਾਈ ਜਾ ਰਹੀ ਚਾਇਲਡ ਹੈਲਪਲਾਇਨ ਨੰਬਰ 1098 ਰਾਹੀਂ ਦਿੱਤੀ ਜਾ ਸਕਦੀ ਹੈ। ਵਿਭਾਗ ਵੱਲੋਂ ਬਾਲ ਅਧਿਕਾਰਾਂ ਅਤੇ ਰੱਖਿਆ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ।