ਗਿਆਨੀ ਰਘਬੀਰ ਸਿੰਘ ਦੇ ਖੁਲਾਸਿਆਂ ਤੋਂ ਬਾਅਦ ਬੋਲੇ ਕੈਬਨਿਟ ਮੰਤਰੀ ਹਰਜੋਤ ਬੈਂਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ,‘SGPC ਨੂੰ ਇੱਕ ਪਰਿਵਾਰ ਦੀ ਗੁਲਾਮੀ ਤੋਂ ਆਜ਼ਾਦ ਕਰਵਾਉਣਾ ਜ਼ਰੂਰੀ’

Cabinet Minister Harjot Bains spoke after Giani Raghbir Singh's revelations

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਲਗਾਏ ਗਏ ਦੋਸ਼ ਬੇਹੱਦ ਸਨਸਨੀਖੇਜ਼ ਹਨ। ਬੈਂਸ ਨੇ ਕਿਹਾ ਕਿ ਇਹ ਸਿਰਫ਼ ਦੋਸ਼ ਨਹੀਂ, ਸਗੋਂ ਸਿੱਖਾਂ ਦੀ ਸਰਵਉੱਚ ਸੰਸਥਾ ਦੇ ਪਤਨ ਦਾ ਜਿਉਂਦਾ-ਜਾਗਦਾ ਸਬੂਤ ਹਨ, ਜਿਸ ਨੂੰ ਹੁਣ ਇੱਕ ਖ਼ਾਸ ਪਰਿਵਾਰ ਦੀ ਨਿੱਜੀ ਜਾਗੀਰ ਬਣਾ ਦਿੱਤਾ ਗਿਆ ਹੈ।

ਹਰਜੋਤ ਬੈਂਸ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਗੁਰੂ ਘਰ ਦੀਆਂ ਜ਼ਮੀਨਾਂ ਵੇਚਣ ਅਤੇ ਬੇਸ਼ਕੀਮਤੀ ਧਾਰਮਿਕ ਗ੍ਰੰਥਾਂ ਦੇ ਗਾਇਬ ਹੋਣ ਵਰਗੇ ਜੋ ਖੁਲਾਸੇ ਕੀਤੇ ਗਏ ਹਨ, ਉਨ੍ਹਾਂ ਨੇ ਪੂਰੀ ਦੁਨੀਆ ਵਿੱਚ ਬੈਠੀ ਸਿੱਖ ਸੰਗਤ ਨੂੰ ਝੰਜੋੜ ਕੇ ਰੱਖ ਦਿੱਤਾ ਹੈ । ਉਨ੍ਹਾਂ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਜਿਸ ਸੰਸਥਾ ਦਾ ਕੰਮ ਕੌਮ ਦੇ ਹਿੱਤਾਂ ਦੀ ਰਾਖੀ ਕਰਨਾ ਸੀ, ਉਹ ਅੱਜ ਸਿਰਫ਼ ਇੱਕ ਪਰਿਵਾਰ ਦੀ ਜੀ-ਹੁਜ਼ੂਰੀ ਅਤੇ ਉਨ੍ਹਾਂ ਦੇ ਸਿਆਸੀ ਹਿੱਤਾਂ ਨੂੰ ਪੂਰਾ ਕਰਨ ਦਾ ਅੱਡਾ ਬਣ ਕੇ ਰਹਿ ਗਈ ਹੈ।
ਮੰਤਰੀ ਬੈਂਸ ਨੇ ਕਿਹਾ ਕਿ ਜਦੋਂ ਕੋਈ ਆਮ ਵਿਅਕਤੀ ਨਹੀਂ, ਸਗੋਂ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਰਗੀ ਸਤਿਕਾਰਤ ਸ਼ਖ਼ਸੀਅਤ ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ 'ਤੇ ਸਵਾਲ ਉਠਾਉਂਦੀ ਹੈ, ਤਾਂ ਸਪੱਸ਼ਟ ਹੋ ਜਾਂਦਾ ਹੈ ਕਿ ਪਾਣੀ ਸਿਰ ਤੋਂ ਉੱਪਰ ਲੰਘ ਚੁੱਕਾ ਹੈ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਅੱਜ ਸਿੱਖ ਕੌਮ ਦੀ ਆਵਾਜ਼ ਬਣਨ ਦੀ ਬਜਾਏ 'ਬਾਦਲ ਪਰਿਵਾਰ' ਦੇ ਰਿਮੋਟ ਕੰਟਰੋਲ ਨਾਲ ਚੱਲ ਰਹੀ ਹੈ। ਕੌਮ ਦੀ ਜਾਇਦਾਦ ਨੂੰ ਨਿੱਜੀ ਤਿਜੋਰੀਆਂ ਵਿੱਚ ਬਦਲਣ ਦੀਆਂ ਕੋਸ਼ਿਸ਼ਾਂ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਬੈਂਸ ਨੇ ਮੰਗ ਕੀਤੀ ਕਿ ਇਨ੍ਹਾਂ ਸਾਰੇ ਗੰਭੀਰ ਦੋਸ਼ਾਂ ਦੀ ਇੱਕ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੰਗਤ ਦੇ ਸਾਹਮਣੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਸਕੇ। ਉਨ੍ਹਾਂ ਮੰਗ ਕੀਤੀ ਕਿ ਐਸ.ਜੀ.ਪੀ.ਸੀ. ਨੂੰ ਇੱਕ ਪਰਿਵਾਰ ਦੇ ਕਬਜ਼ੇ ਤੋਂ ਮੁਕਤ ਕਰਵਾਇਆ ਜਾਣਾ ਚਾਹੀਦਾ ਹੈ ਤਾਂ ਜੋ ਇਹ ਸੰਸਥਾ ਮੁੜ ਆਪਣੇ ਗੌਰਵਮਈ ਇਤਿਹਾਸ ਦੇ ਅਨੁਸਾਰ ਪੂਰੀ ਸਿੱਖ ਕੌਮ ਦੀ ਭਲਾਈ ਲਈ ਕੰਮ ਕਰ ਸਕੇ।