ਜੇਲ੍ਹ ’ਚੋਂ ਰਿਹਾਅ ਹੋਣ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਣਜੀਤ ਸਿੰਘ
ਕਿਸਾਨੀ ਸੰਘਰਸ਼ ਦੀ ਚੜਦੀਕਲਾ ਲਈ ਕੀਤੀ ਅਰਦਾਸ
ਅੰਮ੍ਰਿਤਸਰ: ਕਿਸਾਨੀ ਸੰਘਰਸ਼ ਦੇ ਚਲਦਿਆਂ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨ ਰਣਜੀਤ ਸਿੰਘ ਦੀ ਬੀਤੀ ਰਾਤ ਜੇਲ੍ਹ ’ਚੋਂ ਰਿਹਾਈ ਹੋਈ। ਰਿਹਾਈ ਉਪਰੰਤ ਰਣਜੀਤ ਸਿੰਘ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਪਹੁੰਚੇ।
ਇਸ ਦੌਰਾਨ ਉਹਨਾਂ ਨੇ ਕਿਸਾਨੀ ਸੰਘਰਸ਼ ਦੀ ਚੜਦੀਕਲਾ ਲਈ ਅਰਦਾਸ ਕੀਤੀ। ਇਸ ਦੇ ਨਾਲ ਹੀ ਰਣਜੀਤ ਸਿੰਘ ਨੇ ਜੇਲ੍ਹ ਵਿਚੋਂ ਬਾਹਰ ਆਉਣ ’ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਕਿਸਾਨ ਸੰਘਰਸ਼ ਦੌਰਾਨ ਤਸ਼ਦੱਦਾਂ ਦਾ ਡਟ ਕੇ ਮੁਕਾਬਲਾ ਕਰਨ ਵਾਲੇ ਨੌਜਵਾਨ ਰਣਜੀਤ ਸਿੰਘ ਅਤੇ ਉਸ ਦੇ ਪਰਿਵਾਰ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।
ਇਸ ਤੋਂ ਪਹਿਲਾਂ ਅੰਮ੍ਰਿਤਸਰ ਏਅਰਪੋਰਟ ਪਹੁੰਚਣ ’ਤੇ ਸੰਗਤਾਂ ਨੇ ਰਣਜੀਤ ਸਿੰਘ ਦਾ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ। ਰਣਜੀਤ ਸਿੰਘ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਕਿਸਾਨੀ ਸੰਘਰਸ਼ ਨਾਲ ਅੱਗੇ ਵੀ ਜੁੜੇ ਰਹਿਣਗੇ। ਉਹਨਾਂ ਨੇ ਸਮੁੱਚੀ ਕੌਮ ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਗਲਬਾਤ ਕਰਦਿਆਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਸਿਰਸਾ ਨੇ ਕਿਹਾ ਕਿ ਵਾਹਿਗੁਰੂ ਦਾ ਸ਼ੁਕਰ ਹੈ ਕਿ ਅੱਜ ਸਿੱਖ ਯੋਧਾ ਰਣਜੀਤ ਸਿੰਘ ਜੇਲ੍ਹ ਵਿਚੋਂ ਬਾਹਰ ਆਇਆ ਹੈ।
ਉਹਨਾਂ ਕਿਹਾ ਕਿ ਉਹ ਇੱਥੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪਹੁੰਚੇ ਹਨ। ਉਹਨਾਂ ਕਿਹਾ ਕਿਸਾਨੀ ਸੰਘਰਸ਼ ਸਿਰਫ ਰਣਜੀਤ ਸਿੰਘ ਦਾ ਨਹੀਂ ਜਾਂ ਇਕੱਲੇ ਕਿਸਾਨਾਂ ਦਾ ਸੰਘਰਸ਼ ਨਹੀਂ ਇਹ ਪੂਰੇ ਦੇਸ਼ ਦਾ ਸੰਘਰਸ਼ ਹੈ ਇਸ ਦੀ ਜੀਤ ਵੀ ਸਾਡੇ ਸਾਰਿਆ ਦੀ ਜੀਤ ਹੋਵੇਗੀ।
ਉਹਨਾਂ ਕਿਹਾ ਕਿ ਭਾਵੇਂ ਸਰਕਾਰ ਵਲੋਂ ਕਈ ਧਾਰਾਵਾਂ ਲਗਾ ਕੇ ਰਣਜੀਤ ਸਿੰਘ ਦੀ ਜ਼ਮਾਨਤ ਰੱਦ ਕਰਵਾਈ ਗਈ ਪਰ ਰਣਜੀਤ ਸਿੰਘ ਦੇ ਬਾਹਰ ਆਉਣ ਨਾਲ ਕਿਸਾਨ ਭਾਈਚਾਰੇ, ਸਿੱਖ ਕੌਮ ਅਤੇ ਦਿੱਲੀ ਕਮੇਟੀ ਦੀ ਜਿੱਤ ਹੋਈ ਹੈ। ਸਿਰਸਾ ਨੇ ਦੱਸਿਆ ਕਿ ਹੁਣ ਤੱਕ ਜੇਲ੍ਹਾਂ ਵਿਚ ਬੰਦ 41 ਸਿੱਖ ਬਾਹਰ ਆ ਚੁਕੇ ਹਨ ਅਤੇ ਬਾਕੀਆਂ ਨੂੰ ਬਾਹਰ ਲਿਆਉਣ ਲਈ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਯਤਨਸ਼ੀਲ ਰਹੇਗੀ।