ਸੁਖਬੀਰ ਬਾਦਲ ਤੋਂ ਬਾਅਦ 3 ਮੁਲਾਜ਼ਮ ਕੋਰੋਨਾ ਪਾਜ਼ੇਟਿਵ, ਸਿਹਤਯਾਬੀ ਲਈ ਅਖੰਡ ਪਾਠ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਰੋਨਾ ਟੈਸਟ ਨੈਗੇਟਿਵ ਆਇਆ ਹੈ।

Akhand Path

ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬੀਤੇ ਦਿਨੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਂਦਾਂਤਾ  ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ ਹੈ। ਇਸ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਵੱਲੋਂ ਉਨ੍ਹਾਂ ਦੀ ਸਿਹਤਯਾਬੀ ਲਈ ਅਖੰਡ ਪਾਠ ਪ੍ਰਕਾਸ਼ ਕਰਾਏ ਗਏ ਹਨ।

ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਬਲਕਾਰ ਸਿੰਘ ਬਰਾੜ ਨੇ ਕਿਹਾ ਕਿ ਸਾਡੇ ਪੰਜਾਬ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਦੇ ਚੱਲਦੇ ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਯਾਬੀ ਲਈ ਅੱਜ ਇਹ ਪਾਠ ਕਰਵਾਏ ਗਏ ਜਿਸ ਵਿੱਚ ਅਸੀਂ ਖ਼ੁਦ ਵੀ ਕੋਰੋਨਾ ਮਹਿਮਾਨ ਨੂੰ ਦੇਖਦੇ ਹੋਏ ਘੱਟ ਵਰਕਰ ਪੁੱਜੇ ਹਾਂ। ਸਾਡੀ ਇਹੋ ਅਰਦਾਸ ਹੈ ਕਿ ਵਾਹਿਗੁਰੂ ਉਹ ਜਲਦੀ ਠੀਕ ਹੋ ਕੇ ਮੁੜ ਪੰਜਾਬੀਆਂ ਅਤੇ ਪਾਰਟੀ ਵਰਕਰਾਂ ਦੀ ਸੇਵਾ ਕਰਨ।

ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਅਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਸੀ ਪਰ ਡਾਕਟਰਾਂ ਦੀ ਸਲਾਹ 'ਤੇ ਸੁਖਬੀਰ ਸਿੰਘ ਬਾਦਲ ਨੇ ਅਪਣਾ ਇਲਾਜ ਮੋਹਾਲੀ ਦੇ ਫ਼ੋਰਟਿਸ ਹਸਪਤਾਲ ਤੋਂ ਸ਼ੁਰੂ ਕਰ ਦਿੱਤਾ ਸੀ ਜਿਸ ਤੋਂ ਬਾਅਦ ਅਚਾਨਕ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਂਦਾਂਤਾ ਦੇ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਸੁਖਬੀਰ ਦੇ ਪਿੰਡ ਦੀ ਰਿਹਾਇਸ਼ ਉੱਤੇ ਵੀ ਕੋਰੋਨਾ ਨੇ ਹਮਲਾ ਕਰ ਦਿੱਤਾ। ਉੱਥੇ ਹਾਜ਼ਰ ਤਿੰਨ ਮਲਾਜ਼ਮਾਂ ਨੂੰ ਕੋਰੋਨਾ ਹੋਇਆ ਹੈ ਹਾਲਾਂਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਰੋਨਾ ਟੈਸਟ ਨੈਗੇਟਿਵ ਆਇਆ ਹੈ।