ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ ਤੇ ਸਰਪੰਚ ਦਾ ਪਤੀ 5,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਜ਼ੁਰਗ ਮਹਿਲਾ ਦੇ ਮਕਾਨ ਲਈ ਪਾਸ ਹੋਈ ਗ੍ਰਾਂਟ ਦਾ ਸਰਟੀਫਿਕੇਟ ਜਾਰੀ ਕਰਨ ਬਦਲੇ ਮੰਗੀ ਸੀ ਰਿਸ਼ਵਤ

Husband of sarpanch caught red-handed taking bribe of 5000 rupees

ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਇੱਕ ਪੰਚਾਇਤ ਸਕੱਤਰ ਅਤੇ ਇੱਕ ਪ੍ਰਾਈਵੇਟ ਵਿਅਕਤੀ ਜੋ ਕਿ ਸਰਪੰਚ ਦਾ ਪਤੀ ਹੈ, ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੂਬੇ ਦੇ ਸਰਕਾਰੀ ਦਫ਼ਤਰਾਂ ਅਤੇ ਜਨਤਕ ਜੀਵਨ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਬਿਊਰੋ ਵੱਲੋਂ ਮੁਹਿੰਮ ਵਿੱਢੀ ਹੋਈ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਬੀਡੀਪੀਓ ਦਫ਼ਤਰ ਸਾਦਿਕ ਜ਼ਿਲ੍ਹਾ ਫ਼ਰੀਦਕੋਟ ਅਧੀਨ ਪੈਂਦੇ ਪਿੰਡ ਭਾਗ ਸਿੰਘ ਵਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਪ੍ਰੀਤ ਸਿੰਘ ਅਤੇ ਇਸੇ ਪਿੰਡ ਦੀ ਸਰਪੰਚ ਸਿਮਰਨੀਤ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਨੂੰ ਸ਼ਿਕਾਇਤਕਰਤਾ ਹਰਬੰਸ ਸਿੰਘ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ:   ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿੱਤੀ ਵਰ੍ਹੇ 2023 ਲਈ ਮੋਟੇ ਅਨਾਜ 'ਤੇ ਜਾਰੀ ਕੀਤਾ ਡਾਕ ਟਿਕਟ ਅਤੇ ਸਿੱਕਾ

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਬਿਉਰੋ ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਕਿ ਕਥਿਤ ਦੋਸ਼ੀ ਪੰਚਾਇਤ ਸਕੱਤਰ ਅਤੇ ਉਪਰੋਕਤ ਪਿੰਡ ਦੀ ਸਰਪੰਚ ਦਾ ਪਤੀ ਬੀਪੀਐਲ ਪਰਿਵਾਰਾਂ ਨੂੰ ਨਵੇਂ ਘਰ ਬਣਾਉਣ ਲਈ ਸਰਕਾਰੀ ਸਕੀਮ ਤਹਿਤ ਉਸਦੀ ਮਾਤਾ ਦੇ ਨਾਮ ਉਪਰ ਮਨਜ਼ੂਰ ਗ੍ਰਾਂਟ ਦੀ ਤੀਜੀ ਕਿਸ਼ਤ ਜਾਰੀ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗ ਰਹੇ ਹਨ।  ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਇਹ ਰਿਸ਼ਵਤ ਦੋ ਕਿਸ਼ਤਾਂ ਵਿੱਚ ਦੇਣ ਲਈ ਕਿਹਾ ਹੈ ਪਰ ਉਹ ਰਿਸ਼ਵਤ ਦੀ ਰਕਮ ਨਹੀਂ ਦੇਣਾ ਚਾਹੁੰਦਾ।

ਸ਼ਿਕਾਇਤ ਵਿਚਲੇ ਤੱਥਾਂ ਦੀ ਸੱਚਾਈ ਦਾ ਪਤਾ ਲਾਉਣ ਤੋਂ ਬਾਅਦ ਫਿਰੋਜ਼ਪੁਰ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 10, ਮਿਤੀ 18-03-2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7(ਏ) ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਜਾਂਚ ਅਰੰਭ ਦਿੱਤੀ ਹੈ।