ਫਰੀਦਕੋਟ ਤੋਂ ਗੁਲਜ਼ਾਰ ਸਿੰਘ ਰਣੀਕੇ ਦਾ ਚੋਣ ਪ੍ਰਚਾਰ ਕਰਨ ਗਏ ਬਾਦਲਾਂ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨੂੰ ਕਿਹਾ ਕਿ ਜੇਕਰ ਤੁਸੀਂ ਵੋਟ ਨਹੀਂ ਦੇਣੀ ਤਾਂ ਨਾ ਦਿਓ ਪਰ ਕਾਲੀਆਂ ਝੰਡੀਆਂ ਨਾ ਦਿਖਾਓ...

Parkash singh Badal

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅਕਾਲੀ ਉਮੀਦਵਾਰਾਂ ਦਾ ਵਿਰੋਧ ਕਰਨ ਵਾਲਿਆਂ  ਨੂੰ ਇਕ ਨਸੀਹਤ ਦਿੱਤੀ ਹੈ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨੂੰ ਕਿਹਾ ਕਿ ਜੇਕਰ ਤੁਸੀਂ ਵੋਟ ਨਹੀਂ ਦੇਣੀ ਤਾਂ ਨਾ ਦਿਓ, ਕਾਲੀਆਂ ਝੰਡੀਆਂ ਦਿਖਾਉਣ ਦਾ ਕੀ ਮਤਲਬ ਬਣਦਾ ਹੈ। ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫਰੀਦਕੋਟ ਤੋਂ ਐਲਾਨੇ ਗਏ ਅਕਾਲੀ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦਾ ਚੋਣ ਪ੍ਰਚਾਰ ਦੌਰਾਨ ਵਿਰੋਧ ਕੀਤੇ ਜਾਣ ਦੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੀਤਾ ਹੈ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਨੂੰ ਲੈ ਕੇ ਅਕਾਲੀ ਦਲ ਦੇ ਵਿਰੁੱਧ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਤਰ੍ਹਾਂ ਦੇ ਕਈ ਮਾਮਲੇ ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ ਜਦੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਬੁੱਢਲਾਡਾ ਪੁੱਜੇ ਸੀ। ਇਥੇ ਉਨ੍ਹਾਂ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਨਾ ਕਰੇ। ਉਨ੍ਹਾਂ ਕਿਹਾ ਸੀ ਕਿ ਬਰਗਾੜੀ ਅਤੇ ਬਹਿਬਲ ਕਲਾਂ ਕਾਂਡ ਦੀ ਆੜ ਵਿਚ ਗਰਮ ਖਿਆਲੀ ਕਾਂਗਰਸ ਦੀ ਸ਼ਹਿ ‘ਤੇ ਇਕ ਵਾਰ ਪੰਜਾਬ ਵਿਚ ਅਮਨ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ।

ਬਾਦਲ ਨੇ ਕਿਹਾ ਕਿ ਜੋ ਵਿਅਕਤੀ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿਚ ਬੰਦ ਕਰਨਾ ਚਾਹੀਦਾ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵਰਕਰਾਂ ਵਲੋਂ ਕਾਲੀਆਂ ਝੰਡੀਆਂ ਵੀ ਦਿਖਾਈਆਂ ਗਈਆਂ ਸੀ। ਪ੍ਰਦਰਸ਼ਨਕਾਰੀਆਂ ਦੀ ਮੰਗ ਸੀ ਕਿ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਹੋਣੀ ਚਾਹੀਦੀ ਹੈ।