'ਅਪ੍ਰੇਸ਼ਨ ਕਲੀਨ' ਮੋਦੀ ਸਰਕਾਰ ਦੀ ਬੇਹੱਦ ਜ਼ੁਲਮੀ ਅਤੇ ਤਾਨਾਸ਼ਾਹੀ ਯੋਜਨਾ : ਸੰਧਵਾਂ

ਏਜੰਸੀ

ਖ਼ਬਰਾਂ, ਪੰਜਾਬ

'ਅਪ੍ਰੇਸ਼ਨ ਕਲੀਨ' ਮੋਦੀ ਸਰਕਾਰ ਦੀ ਬੇਹੱਦ ਜ਼ੁਲਮੀ ਅਤੇ ਤਾਨਾਸ਼ਾਹੀ ਯੋਜਨਾ : ਸੰਧਵਾਂ

image


ਚੰਡੀਗੜ੍ਹ, 17 ਅਪ੍ਰੈਲ (ਸੁਰਜੀਤ ਸਿੰਘ ਸੱਤੀ) : ਦਿੱਲੀ ਦੀਆਂ ਸਰਹੱਦਾਂ 'ਤੇ ਪਿਛਲੇ ਪੰਜ ਮਹੀਨਿਆਂ ਤੋਂ ਅਪਣੀਆਂ ਮੰਗਾਂ ਲਈ ਧਰਨੇ 'ਤੇ ਬੈਠੇ ਕਿਸਾਨਾਂ ਨੂੰ  ਜ਼ਬਰਦਸਤੀ ਹਟਾਉਣ ਦੀ ਮੋਦੀ ਸਰਕਾਰ ਦੀ ਯੋਜਨਾ 'ਅਪ੍ਰੇਸ਼ਨ ਕਲੀਨ'  ਦਾ ਆਮ ਆਦਮੀ ਪਾਰਟੀ ਨੇ ਸਖ਼ਤ ਵਿਰੋਧ ਕੀਤਾ ਹੈ | 
ਆਪ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕੋਰੋਨਾ ਦਾ ਬਹਾਨਾ ਬਣਾ ਕੇ ਅਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ  ਜ਼ਬਰਦਸਤੀ ਹਟਾਉਣ ਦੀ ਸਾਜਸ਼ ਰਚ ਰਹੀ ਹੈ | ਉਨ੍ਹਾਂ ਕੇਂਦਰ ਸਰਕਾਰ ਦੇ ਅਪਰੇਸ਼ਨ ਕਲੀਨ ਨੂੰ  ਬੇਹੱਦ ਜ਼ੁਲਮੀ ਅਤੇ ਤਾਨਾਸ਼ਾਹੀ ਕਦਮ ਕਰਾਰ ਦਿਤਾ ਹੈ | ਸ. ਸੰਧਵਾਂ ਨੇ ਕਿਹਾ ਕਿ ਸਰਕਾਰ ਵਲੋਂ ਅੰਦੋਲਨਕਾਰੀ ਕਿਸਾਨਾਂ ਨੂੰ  ਤਾਕਤ ਦੀ ਵਰਤੋਂ ਕਰ ਕੇ ਹਟਾਉਣ ਦੀ ਕੋਝੀ ਸਾਜਸ਼ ਬਣਾਉਣਾ ਬੇਹੱਦ ਸ਼ਰਮਨਾਕ ਹੈ | ਦੇਸ਼ ਦੇ ਲੱਖਾਂ ਕਿਸਾਨ ਸ਼ਾਂਤੀਪੂਰਨ ਤਰੀਕੇ ਨਾਲ ਅਪਣਾ ਅੰਦੋਲਨ ਕਰ ਰਹੇ ਹਨ ਅਤੇ ਇਹ ਉਨ੍ਹਾਂ ਦਾ ਲੋਕਤੰਤਰਿਕ ਹਕ ਹੈ ਪਰ ਤਾਨਾਸ਼ਾਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਥਾਂ ਉਨ੍ਹਾਂ ਦੇ ਹੱਕਾਂ ਨੂੰ  ਕੁਚਲਣ ਦੀ ਤਿਆਰੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮੋਦੀ ਸਰਕਾਰ ਦੀ ਇਸ ਤਾਨਾਸ਼ਾਹੀ ਅਤੇ ਸਾਜਿਸ਼ੀ ਯੋਜਨਾ ਦਾ ਸਖ਼ਤ ਵਿਰੋਧ ਕਰਦੀ ਹੈ | ਉਨ੍ਹਾਂ ਕਿਹਾ ਕਿ ਜੇ ਸਰਕਾਰ ਕਿਸਾਨਾਂ ਨੂੰ  ਅੰਦੋਲਨ ਵਾਲੀਆਂ ਥਾਵਾਂ ਤੋਂ ਹਟਾਉਣ ਦੇ ਤਾਕਤ ਦੀ ਵਰਤੋਂ ਕਰਦੀ ਹੈ ਤਾਂ ਕਿਸਾਨਾਂ ਨੂੰ  ਹੋਣ ਵਾਲੇ ਨੁਕਸਾਨ ਦੀ ਜ਼ਿੰਮੇਵਾਰ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਹੋਵੇਗੀ | 
'ਆਪ' ਆਗੂ ਨੇ ਲੋਕਾਂ ਨੂੰ  ਅਪੀਲ ਕੀਤੀ ਹੈ ਕਿ ਉਹ ਜਲਦੀ ਤੋਂ ਜਲਦੀ ਵੱਡੀ ਗਿਣਤੀ ਵਿਚ ਦਿੱਲੀ ਦੀਆਂ ਸਰਹੱਦਾਂ 'ਤੇ ਦਿਤੇ ਜਾ ਰਹੇ ਧਰਨੇ ਵਾਲੀਆਂ ਥਾਵਾਂ 'ਤੇ ਪਹੁੰਚਣ ਤਾਂ ਜੋ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਦੀ ਤਾਨਾਸ਼ਾਹੀ ਦਾ ਡਟ ਕੇ ਮੁਕਾਬਲਾ ਕੀਤਾ ਜਾ ਸਕੇ ਅਤੇ ਕਿਸਾਨ ਦੇ ਸੰਘਰਸ਼ ਨੂੰ  ਬਚਾਇਆ ਜਾ ਸਕੇ |