ਗੁਰਵਿੰਦਰ ਸਿੰਘ ਢਿੱਲੋਂ ਨੇ ਸੰਭਾਲਿਆ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਦਾ ਅਹੁਦਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਨ੍ਹਾਂ ਮਿਹਨਤੀ ਵਰਕਰਾਂ ਕਾਰਨ ਹੀ ਅੱਜ 'ਆਪ' ਰਾਸ਼ਟਰੀ ਪਾਰਟੀ ਵਜੋਂ ਉਭਰ ਕੇ ਸਾਹਮਣੇ ਆਈ ਹੈ : ਮੰਤਰੀ ਚੇਤਨ ਸਿੰਘ ਜੌੜਾਮਾਜਰਾ 

Gurwinder Singh Dhillon assumed the post of Chairman of Market Committee Sirhind

ਸਰਹਿੰਦ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅਨਾਜ ਮੰਡੀ ਸਰਹਿੰਦ ਵਿਖੇ ਮਾਰਕੀਟ ਕਮੇਟੀ ਸਰਹਿੰਦ ਦੇ ਨਵਨਿਯੁਕਤ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੂੰ ਆਹੁਦਾ ਸੰਭਾਲਣ ਮੌਕੇ ਮੀਡੀਆ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮਿਹਨਤੀ ਵਰਕਰਾਂ ਕਾਰਨ ਹੀ ਅੱਜ ਆਮ ਆਦਮੀ ਪਾਰਟੀ ਕੌਮੀ ਪੱਧਰ 'ਤੇ ਰਾਸ਼ਟਰੀ ਪਾਰਟੀ ਵਜੋਂ ਉਭਰ ਕੇ ਸਾਹਮਣੇ ਆਈ ਹੈ। ਜਿਸ ਵਿੱਚ ਵਰਕਰਾਂ ਅਤੇ ਦੇਸ਼ ਵਾਸੀਆਂ ਦਾ ਬਹੁਤ ਵੱਡਾ ਯੋਗਦਾਨ ਹੈ।

ਕੇਂਦਰ ਸਰਕਾਰ ਵੱਲੋਂ ਕੁਦਰਤੀ ਆਫਤ ਕਾਰਨ ਨੁਕਸਾਨੀ ਫਸਲ 'ਤੇ ਲਗਾਏ ਕੱਟ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਕੱਟ ਲਗਾਇਆ ਗਿਆ ਹੈ ਉਹ ਪੰਜਾਬ ਸਰਕਾਰ ਆਪਣੀ ਪੱਧਰ 'ਤੇ ਭਰ ਰਹੀ ਹੈ ਅਤੇ ਪਹਿਲੀ ਵਾਰ ਹੋਇਆ ਹੈ ਕਿ ਮੰਡੀਆਂ ਵਿੱਚ ਫਸਲ ਪਹੁੰਚਣ ਤੋਂ ਪਹਿਲਾਂ ਹੀ ਮੁਆਵਜਾ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਭੇਜ ਦਿੱਤੀ ਗਈ ਹੈ। 

ਉਨ੍ਹਾਂ ਕਿਹਾ ਕਿ ਕੇਂਦਰ ਨੂੰ ਚਾਹੀਦਾ ਸੀ ਕਿ ਕੁਦਰਤੀ ਆਫਤ ਕਾਰਨ ਨੁਕਸਾਨੀਆਂ ਫਸਲਾਂ 'ਤੇ ਕਿਸੇ ਕਿਸਮ ਦਾ ਕੱਟ ਨਾ ਲਗਾਉਂਦੀ ਸਗੋਂ ਇਸ ਦੀ ਬਜਾਇ ਕਿਸਾਨਾਂ ਲਈ ਬੋਨਸ ਦਾ ਐਲਾਨ ਕੀਤਾ ਜਾਂਦਾ ਪਰ ਕੇਂਦਰ ਸਰਕਾਰ ਨੇ ਕੱਟ ਲਗਾ ਕੇ ਕਿਸਾਨ ਮਾਰੂ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੇ ਨਾਲ ਖੜੀ ਹੈ।

ਜਲੰਧਰ ਜ਼ਿਮਨੀ ਚੋਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਲੋਕ ਹਮੇਸ਼ਾਂ ਸਰਕਾਰ ਦੇ ਪੱਖ ਵਿੱਚ ਹੀ ਵੋਟ ਪਾਉਂਦੇ ਹਨ ਅਤੇ ਜਲੰਧਰ ਉਪ ਚੋਣ ਵਿੱਚ ਵੀ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਵੇਖਦੇ ਹੋਏ ਪਾਰਟੀ ਉਮੀਦਵਾਰ ਵੱਡੀ ਜਿੱਤ ਪ੍ਰਾਪਤ ਕਰੇਗਾ।

ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਗੁਰਵਿੰਦਰ ਸਿੰਘ ਢਿੱਲੋਂ ਮਿਹਨਤੀ ਤੇ ਇਮਾਨਦਾਰ ਸਖਸ਼ੀਅਤ ਦੇ ਮਾਲਕ ਹਨ ਅਤੇ ਉਹ ਆਪਣੀ ਮਿਹਨਤ ਨਾਲ ਮਾਰਕੀਟ ਕਮੇਟੀ ਸਰਹਿੰਦ ਨੂੰ ਹੋਰ ਵੀ ਬੁਲੰਦੀਆਂ 'ਤੇ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਆਪਣੇ ਮਿਹਨਤੀ ਵਰਕਰਾਂ ਦਾ ਸਾਥ ਦਿੱਤਾ ਹੈ ਅਤੇ ਭਵਿੱਖ ਵਿੱਚ ਵੀ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।

ਨਵਨਿਯੁਕਤ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਉਸ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਪਾਰਟੀ ਦੀਆਂ ਨੀਤੀਆ ਘਰ-ਘਰ ਪਹੁੰਚਾਣ ਵਿੱਚ ਕੋਈ ਕਸਰ ਨਹੀਂ ਛੱਡਣਗੇ।