ਪੰਜਾਬ ’ਚ ਪੋਲਿੰਗ ਬੂਥਾਂ ਵੱਲ ਰਵਾਨਾ ਹੋਈਆਂ ਪੋਲਿੰਗ ਪਾਰਟੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਲਕੇ ਪੰਜਾਬ ’ਚ 278 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ 2,07,81,211 ਵੋਟਰ

Polling Parties leave for lok sabha election in Punjab

ਚੰਡੀਗੜ੍ਹ: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ 19 ਮਈ ਨੂੰ ਯਾਨੀ ਭਲਕੇ ਵੋਟਾਂ ਪੈਣਗੀਆਂ। ਇਸ ਸਬੰਧੀ ਲਗਭੱਗ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਚੋਣਾਂ ਕਰਵਾਉਣ ਲਈ ਪੋਲਿੰਗ ਬੂਥਾਂ ਵੱਲ ਪੋਲਿੰਗ ਪਾਰਟੀਆਂ ਰਵਾਨਾ ਹੋਣ ਲੱਗੀਆਂ ਹਨ। ਦੱਸ ਦਈਏ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਕੱਲ੍ਹ ਕੁੱਲ 278 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਨ੍ਹਾਂ ਦੀ ਕਿਸਮਤ ਦਾ ਫ਼ੈਸਲਾ ਪੰਜਾਬ ਦੇ 2,07,81,211 ਵੋਟਰ ਕਰਨਗੇ।

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ, ਹੁਸ਼ਿਆਰਪੁਰ, ਸ਼੍ਰੀ ਅਨੰਦਪੁਰ ਸਾਹਿਬ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਫਿਰੋਜ਼ਪੁਰ, ਬਠਿੰਡਾ, ਸੰਗਰੂਰ ਅਤੇ ਪਟਿਆਲਾ ਹਨ। ਇਨ੍ਹਾਂ ਵਿਚੋਂ ਜਲੰਧਰ, ਹੁਸ਼ਿਆਰਪੁਰ, ਫ਼ਤਿਹਗੜ੍ਹ ਸਾਹਿਬ ਤੇ ਫ਼ਰੀਦਕੋਟ ਰਾਖਵੀਆਂ ਸੀਟਾਂ ਹਨ ਤੇ ਬਾਕੀ 9 ਆਮ ਵਰਗ ਸੀਟਾਂ ਹਨ।

ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ 14,339 ਪੋਲਿੰਗ ਲੋਕੇਸ਼ਨਾਂ ਉਤੇ 23,213 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਜਿਨ੍ਹਾਂ ਲਈ 42,689 ਬੈਲਟ ਯੂਨਿਟ, 28,703 ਵੀਵੀਪੈਂਟ ਮਸ਼ੀਨਾਂ ਲਗਾਈਆਂ ਜਾਣਗੀਆਂ। ਚੋਣ ਕਮਿਸ਼ਨ ਵਲੋਂ ਆਬਜ਼ਰਵਰਾਂ ਦੀ ਰਿਪੋਰਟ ’ਤੇ 249 ਪੋਲਿੰਗ ਸਟੇਸ਼ਨਾਂ ਨੂੰ ਕ੍ਰਿਟੀਕਲ, 719 ਸੰਵੇਦਨਸ਼ੀਲ ਅਤੇ 509 ਨੂੰ ਅਤਿ ਸੰਵੇਦਨਸ਼ੀਲ ਐਲਾਨਿਆ ਗਿਆ ਹੈ।

ਇਸ ਤੋਂ ਇਲਾਵਾ ਚੰਡੀਗੜ੍ਹ ਸੰਸਦੀ ਸੀਟ ਤੋਂ ਕੁੱਲ 36 ਉਮੀਦਵਾਰ ਚੋਣ ਮੈਦਾਨ ਵਿਚ ਹਨ ਤੇ ਇੱਥੇ ਕੁੱਲ 6,46,084 ਵੋਟਰ ਹਨ। ਇਸ ਚੋਣ ਖੇਤਰ ਵਿਚ ਕੁੱਲ 597 ਪੋਲਿੰਗ ਬੂਥ ਬਣਾਏ ਗਏ ਹਨ।