ਕਿਸਾਨਾਂ ਨੇ ਸਰਕਾਰ ਨਾਲ ਮੀਟਿੰਗ ਦੇ ਭਰੋਸੇ ਮਗਰੋਂ ਰੇਲਵੇ ਟਰੈਕ ਤੋਂ ਚੁੱਕਿਆ ਧਰਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

24 ਮਈ ਨੂੰ ਪ੍ਰਿੰਸੀਪਲ ਸੈਕਟਰੀ ਤੇ ਉਚ ਅਧਿਕਾਰੀਆਂ ਨਾਲ ਹੋਵੇਗੀ ਮੀਟਿੰਗ

photo

 

ਮੁਹਾਲੀ : ਗੁਰਦਾਸਪੁਰ 'ਚ ਭਾਰਤ ਮਾਲਾ ਪ੍ਰਾਜੈਕਟ ਤਹਿਤ ਐਕੁਆਇਰ ਕੀਤੀ ਜ਼ਮੀਨ ਦੇ ਮੁਆਵਜ਼ੇ ਨੂੰ ਲੈ ਕੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ। ਇਸ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਦੁਪਹਿਰ 1 ਵਜੇ ਤੋਂ ਪੰਜਾਬ ਵਿਚ ਰੇਲ ਪਟੜੀਆਂ ਜਾਮ ਕਰ ਦਿਤੀਆਂ ਪਰ 24 ਮਈ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਹੋਣ ਮਗਰੋਂ ਕਿਸਾਨਾਂ ਨੇ ਪਟੜੀਆਂ ਖਾਲੀ ਕਰ ਦਿਤੀਆਂ।

ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਰੇਲ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਬਹੁਤ ਸਾਰੇ ਲੋਕਾਂ ਨੂੰ ਆਪਣੀ ਮੰਜ਼ਿਲ 'ਤੇ ਪਹੁੰਚਣ ਲਈ ਰੇਲਗੱਡੀ ਛੱਡ ਕੇ ਬੱਸਾਂ ਦਾ ਸਹਾਰਾ ਲੈਣਾ ਪਿਆ। ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਬਠਿੰਡਾ, ਅੰਮ੍ਰਿਤਸਰ, ਪਟਿਆਲਾ, ਰੋਪੜ ਆਦਿ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੇ ਇਕੱਠੇ ਹੋ ਕੇ ਰੇਲ ਪਟੜੀਆਂ ’ਤੇ ਬੈਠ ਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ।

ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਭਗਵੰਤ ਮਾਨ ਸਰਕਾਰ ਨੇ ਲਾਠੀਚਾਰਜ ਕੀਤਾ। ਔਰਤਾਂ ਨੂੰ ਵੀ ਨਹੀਂ ਬਖਸ਼ਿਆ ਗਿਆ। ਕਿਸਾਨਾਂ ਨੇ ਕਿਹਾ ਕਿ ਪ੍ਰਸ਼ਾਸਨ ਨੇ ਮੁਆਵਜ਼ੇ ਵਿਚ ਹੇਰਾਫੇਰੀ ਕੀਤੀ ਹੈ। ਇਕੋ ਥਾਂ ’ਤੇ ਇਕੋ ਜ਼ਮੀਨ ਲਈ ਦੋ ਤਰ੍ਹਾਂ ਦਾ ਮੁਆਵਜ਼ਾ ਦਿਤਾ ਜਾ ਰਿਹਾ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਭਗਵੰਤ ਮਾਨ ਸਰਕਾਰ ਕਿਸਾਨ-ਮਜ਼ਦੂਰ ਵਿਰੋਧੀ ਕੰਮ ਕਰ ਰਹੀ ਹੈ। ਭਾਰਤ ਮਾਲਾ ਪ੍ਰੋਜੈਕਟ ਤਹਿਤ ਦਿੱਤਾ ਜਾ ਰਿਹਾ ਮੁਆਵਜ਼ਾ ਬਹੁਤ ਹੀ ਮਾਮੂਲੀ ਹੈ। ਕਿਸਾਨ ਇਸ ਮੁਆਵਜ਼ੇ ਨੂੰ ਵਧਾਉਣ ਲਈ ਸੰਘਰਸ਼ ਕਰ ਰਹੇ ਹਨ।