ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਫਸੇ ਸਾਧੂ ਸਿੰਘ ਧਰਮਸੋਤ ਆਏ ਜੇਲ੍ਹ 'ਚੋਂ ਬਾਹਰ
ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚੋਂ ਉਹ ਕਰੀਬ 6 ਵਜੇ ਸ਼ਾਮ ਨੂੰ ਜੇਲ੍ਹ ਤੋਂ ਬਾਹਰ ਆ ਗਏ ਹਨ।
ਨਾਭਾ - ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਫਸੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ ’ਤੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਜਿਸ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚੋਂ ਕਰੀਬ 6 ਵਜੇ ਸ਼ਾਮ ਨੂੰ ਜੇਲ੍ਹ ਤੋਂ ਬਾਹਰ ਆ ਗਏ ਹਨ।
ਇਸ ਦੌਰਾਨ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਜੋ ਮੇਰੇ 'ਤੇ ਪੰਜਾਬ ਸਰਕਾਰ ਵੱਲੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਹੈ, ਮੈਨੂੰ ਜੁਡੀਸ਼ੀਅਲ 'ਤੇ ਪੂਰਾ ਭਰੋਸਾ ਸੀ ਜਿਸ ਕਰਕੇ ਅੱਜ ਜ਼ਮਾਨਤ ਮਿਲ ਗਈ ਹੈ। ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ਼੍ਹ ਵਿਚੋਂ ਹਾਈਕੋਰਟ ਦੇ ਆਦੇਸ਼ਾਂ ਮੁਤਾਬਿਕ ਜ਼ਮਾਨਤ 'ਤੇ ਰਿਹਾਅ ਹੋ ਗਏ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ 5 ਮਾਰਚ ਨੂੰ ਧਰਮਸੋਤ ਦੀ ਜ਼ਮਾਨਤ ਦੀ ਮੰਗ ਰੱਦ ਕਰ ਦਿੱਤੀ ਗਈ ਸੀ। ਹਾਈਕੋਰਟ ਨੇ ਬੁੱਧਵਾਰ ਦੁਪਹਿਰ ਨੂੰ ਉਨ੍ਹਾਂ ਦੀ ਜ਼ਮਾਨਤ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
ਦੇਰ ਸ਼ਾਮ ਧਰਮਸੋਤ ਦੀ ਜ਼ਮਾਨਤ 'ਤੇ ਆਪਣਾ ਫ਼ੈਸਲਾ ਸੁਣਾਉਂਦਿਆਂ ਹਾਈਕੋਰਟ ਨੇ ਇਸ ਮਾਮਲੇ 'ਚ ਉਨ੍ਹਾਂ ਨੂੰ ਨਿਯਮਿਤ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਐੱਫ.ਆਈ.ਆਰ ਦਰਜ ਕਰਕੇ 6 ਫਰਵਰੀ ਨੂੰ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ’ਚ ਧਰਮਸੋਤ ਨੇ ਹਾਈਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ। ਜਿਸ ’ਤੇ ਅਦਾਲਤ ਨੇ ਪਿਛਲੇ 2 ਦਿਨਾਂ ਤੋਂ ਲਗਾਤਾਰ ਬਹਿਸ ਤੋਂ ਬਾਅਦ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ ਅਤੇ ਬਾਅਦ ਵਿਚ ਜ਼ਮਾਨਤ ਦੇ ਦਿੱਤੀ।