ਪੰਜਾਬ ਵਿੱਚ ਸਿੱਖਿਆ ਕ੍ਰਾਂਤੀ: 'ਆਪ' ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਨੇ ਆਪਣੇ ਸਰਕਾਰੀ ਨਿਵਾਸ ਸਥਾਨ 'ਤੇ 10ਵੀਂ ਅਤੇ 12ਵੀਂ ਜਮਾਤ ਦੇ ਟੌਪਰਾਂ ਦਾ ਕੀਤਾ ਸਨਮਾਨ

Education revolution in Punjab: Record results of government schools under the leadership of 'AAP': Chief Minister Mann
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ 'ਰੰਗਲਾ ਪੰਜਾਬ' ਬਣਨ ਵੱਲ ਵਧ ਰਿਹਾ ਹੈ, ਜਿਸ ਵਿੱਚ ਨੌਜਵਾਨ ਫੈਸਲਾਕੁੰਨ ਭੂਮਿਕਾ ਨਿਭਾ ਰਹੇ ਹਨ।

ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ 10ਵੀਂ ਅਤੇ 12ਵੀਂ ਜਮਾਤ ਵਿੱਚ ਸਿਖਰਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਪਹਿਲਾਂ ਹੀ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ, ਜਿਸ ਨਾਲ ਮਨਚਾਹੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਪੇਂਡੂ ਇਲਾਕਿਆਂ ਦੇ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 96.09 ਫੀਸਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹਿਰੀ ਸਕੂਲਾਂ ਵਿੱਚ ਵੀ ਪਾਸ ਪ੍ਰਤੀਸ਼ਤਤਾ ਲਗਭਗ 94% ਰਹੀ ਹੈ ਜੋ ਕਿ ਬੇਮਿਸਾਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਸੂਬੇ ਦੇ ਕੁੱਲ 3840 ਹਾਈ ਸੈਕੰਡਰੀ ਸਕੂਲਾਂ ਵਿੱਚੋਂ ਲਗਭਗ 1000 ਸਕੂਲਾਂ ਦਾ ਨਤੀਜਾ 100 ਫੀਸਦੀ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਪੰਜਾਬ ਹੈ ਕਿਉਂਕਿ ਗੁਆਂਢੀ ਸੂਬੇ ਹਰਿਆਣਾ ਦੇ 12 ਸਕੂਲਾਂ ਦੇ ਵਿਦਿਆਰਥੀ ਬੋਰਡ ਪ੍ਰੀਖਿਆਵਾਂ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਅਜਿਹਾ ਪ੍ਰਭਾਵ ਹੈ ਕਿ ਬੋਰਡ ਪ੍ਰੀਖਿਆਵਾਂ ਵਿੱਚ ਜ਼ਿਆਦਾਤਰ ਟੌਪਰ ਛੋਟੇ ਅਤੇ ਦੂਰ-ਦੁਰਾਡੇ ਪਿੰਡਾਂ ਤੋਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 26 ਵਿਦਿਆਰਥੀ ਉਭਰਦੇ ਖਿਡਾਰੀ ਵੀ ਹਨ, ਜੋ ਸਿੱਖਿਆ ਦੇ ਨਾਲ-ਨਾਲ ਖੇਡ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਤੀਜੇ ਵਿੱਚ ਵਿਦਿਆਰਥੀਆਂ ’ਚ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ ਹੈ ਕਿਉਂਕਿ ਤਿੰਨ ਵਿਦਿਆਰਥੀਆਂ ਨੇ ਬਰਾਬਰ ਅੰਕ ਪ੍ਰਾਪਤ ਕੀਤੇ ਹਨ ਅਤੇ ਅੰਮ੍ਰਿਤਸਰ ਜ਼ਿਲ੍ਹਾ ਸਭ ਤੋਂ ਬਿਹਤਰ ਨਤੀਜੇ ਨਾਲ ਅਗਵਾਈ ਕਰ ਰਿਹਾ ਹੈ। ਇਨ੍ਹਾਂ ਹੁਸ਼ਿਆਰ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕ ਪਰਦੇ ਪਿਛਲੇ ਨਾਇਕ ਹਨ ਜਿਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਸਫਲਤਾ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਰਾਹੀਂ ਸਿੱਧ ਹੁੰਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ ਵਿੱਚ ਕੁੜੀਆਂ ਨੇ ਇਕ ਵਾਰ ਫਿਰ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਦੇ ਹਰ ਕੋਨੇ ਵਿੱਚ ਮਿਆਰੀ ਸਿੱਖਿਆ ਦੀ ਰੌਸ਼ਨੀ ਫੈਲਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦਾ ਨਤੀਜਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਯਤਨਾਂ ਨਾਲ ਲੜਕੀਆਂ ਨੂੰ ਬਹੁਤ ਲਾਭ ਮਿਲਿਆ ਹੈ ਜਿਸ ਨਾਲ ਉਨ੍ਹਾਂ ਦੇ ਸਸ਼ਕਤੀਕਰਨ ਦਾ ਰਾਹ ਖੁੱਲ੍ਹਿਆ ਹੈ। ਮੁੱਖ ਮੰਤਰੀ ਨੇ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸੁਨਹਿਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕੁੜੀਆਂ ਆਪਣੀ ਮਿਹਨਤ ਤੇ ਲਗਨ ਨਾਲ ਬੁਲੰਦੀਆਂ ਛੂਹਣ ਦੇ ਯੋਗ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਲਈ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਸ਼ਲਾਘਾ ਦੇ ਹੱਕਦਾਰ ਹਨ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥਣਾਂ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੀਆਂ ਅਤੇ ਉੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਸਿਖਰਲਾ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਨੂੰ ਸਕੂਲ ਸਿੱਖਿਆ ਦਾ ਸਭ ਤੋਂ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫਲ ਹੋ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਮੋਹਰੀ ਸੂਬਾ ਸੀ ਅਤੇ ਇਹ ਹਮੇਸ਼ਾ ਮੋਹਰੀ ਰਹੇਗਾ ਕਿਉਂਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਕਰਨ ਦੀ ਬਖਸ਼ਿਸ਼ ਹਾਸਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣਾ ਫਰਜ਼ ਬਹੁਤ ਜ਼ਿੰਮੇਵਾਰੀ ਅਤੇ ਉਤਸ਼ਾਹ ਨਾਲ ਨਿਭਾਅ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅਗਲੀਆਂ ਚੋਣਾਂ ਲਈ ਚਿੰਤਤ ਨਹੀਂ ਹਨ ਪਰ ਉਹ ਅਗਲੀ ਪੀੜ੍ਹੀ ਦੀ ਭਲਾਈ ਲਈ ਕੰਮ ਕਰ ਰਹੇ ਹਨ, ਜਿਸ ਕਾਰਨ ਕਈ ਵੱਡੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੁਨੀਆ ਭਰ ਵਿੱਚ ਇੱਕੋ ਇੱਕ ਸੂਬਾ ਹੈ ਜਿਸ ਦੀ ਪੂਰੀ ਦੁਨੀਆ ਵਿੱਚ ਫਰੈਂਚਾਇਜ਼ੀ ਹੈ ਕਿਉਂਕਿ ਹਰ ਦੂਜੇ ਦੇਸ਼ ਵਿੱਚ ਪੰਜਾਬੀਆਂ ਦਾ ਪ੍ਰਭਾਵ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਸਫਲਤਾ ਪ੍ਰਾਪਤ ਕਰਨ ਦੀ ਵੀ ਬਖਸ਼ਿਸ਼ ਪ੍ਰਾਪਤ ਹੈ ਜਿਸ ਕਾਰਨ ਉਨ੍ਹਾਂ ਨੇ ਦੁਨੀਆ ਵਿੱਚ ਆਪਣੇ ਲਈ ਵੱਖਰਾ ਸਥਾਨ ਬਣਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਬੋਇੰਗ ਵਿੱਚ 45 ਫੀਸਦੀ ਇੰਜੀਨੀਅਰ ਜੀ.ਐਨ.ਈ., ਲੁਧਿਆਣਾ ਤੋਂ ਹਨ। ਉਨ੍ਹਾਂ ਕਿਹਾ ਕਿ ਫਲਿੱਪਕਾਰਟ, ਓਲਾ, ਮਾਸਟਰਕਾਰਡ ਅਤੇ ਹੋਰਾਂ ਦੇ ਸੀ.ਈ.ਓ. ਵੀ ਪੰਜਾਬੀ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਸਫਲਤਾ ਪ੍ਰਾਪਤ ਕਰਨ ਦੇ ਗੁਣ ਵਿਰਸੇ ਵਿੱਚੋਂ ਮਿਲੇ ਹਨ ਅਤੇ ਉਨ੍ਹਾਂ ਦੀ ਸਮਰੱਥਾ ਦੀ ਸਾਰਥਕ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਜਹਾਜ਼ ਵਾਂਗ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਸੁਪਨਿਆਂ ਦੀ ਉਡਾਣ ਭਰਨ ਲਈ ‘ਲਾਂਚਪੈਡ’ (ਢੁਕਵਾਂ ਮੰਚ) ਪ੍ਰਦਾਨ ਕਰੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ, ਜਦੋਂ ਤੱਕ ਪੰਜਾਬ ਦੇ ਨੌਜਵਾਨ ਆਪਣੇ ਸੁਪਨੇ ਸਾਕਾਰ ਨਹੀਂ ਕਰ ਲੈਂਦੇ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਵੱਡੀ ਸਫਲਤਾ ਪ੍ਰਾਪਤ ਕਰਨ ਤੋਂ ਬਾਅਦ ਵੀ ਜ਼ਮੀਨ 'ਤੇ ਟਿਕੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਪ੍ਰੇਰਿਤ ਕੀਤਾ ਕਿਉਂਕਿ ਇਹੋ ਸਫਲਤਾ ਦੀ ਇਕੋ-ਇਕ ਕੁੰਜੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਵਿੱਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਕਿਉਂਕਿ ਇਸ ਧਰਤੀ 'ਤੇ ਤਰੱਕੀ ਅਤੇ ਖੁਸ਼ਹਾਲੀ ਦੀਆਂ ਬਹੁਤ ਵੱਡੀਆਂ ਸੰਭਾਵਨਾਵਾਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਪਿਛਲੀਆਂ ਸਰਕਾਰਾਂ ਪਾਸੋਂ ਵਿਰਾਸਤ ਵਿੱਚ ਮਿਲੀ ਭੈੜੀ ਅਲਾਮਤ ਹੈ। ਇਸ ਸਮੱਸਿਆ ਨੇ ਪੰਜਾਬ ਦੀ ਤਰੱਕੀ ਨਾ ਹੋਣ ਦਿੱਤੀ, ਜਿਸ ਕਾਰਨ ਹਾਲਾਤ ਬਦਤਰ ਹੋ ਗਏ ਸਨ। ਨਸ਼ਿਆਂ ਵਿਰੁੱਧ ਜੰਗ ਵਿੱਚ ਵਿਦਿਆਰਥੀਆਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਮੱਥੇ 'ਤੇ ਕਲੰਕ ਹੈ ਅਤੇ ਸਾਨੂੰ ਸਾਰਿਆਂ ਨੂੰ ਇਕਜੁਟ ਹੋ ਕੇ ਇਸ ਨੂੰ ਮਿਟਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨਾ ਹੈ।