ਗੁਰਬਾਣੀ ਪ੍ਰਸਾਰਣ ਆਮ ਪ੍ਰਸਾਰਣ ਨਹੀਂ, ਇਸ ਦੀ ਮਰਯਾਦਾ ਨੂੰ ਨਜ਼ਰਅੰਦਾਜ ਨਹੀਂ ਕੀਤਾ ਜਾ ਸਕਦਾ- SGPC ਪ੍ਰਧਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਉਲਝਾਉਣ ਦੀ ਕੋਸ਼ਿਸ਼ ਨਾ ਕਰੋ'

photo

 

ਅੰਮ੍ਰਿਤਸਰ:  ਮੁੱਖ ਮੰਤਰੀ ਭਗਵੰਤ ਮਾਨ ਦੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਸਭ ਲਈ ਮੁਫ਼ਤ ਵਾਲੇ ਐਲਾਨ ਤੋਂ ਬਾਅਦ ਐੱਸ.ਜੀ.ਪੀ.ਸੀ.ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ  ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਉਲਝਾਉਣ ਦੀ ਕੋਸ਼ਿਸ਼ ਨਾ ਕਰੋ। 

ਸਿੱਖੀ ਦੇ ਮਾਮਲੇ ਸੰਗਤ ਦੀ ਭਾਵਨਾਵਾਂ ਤੇ ਸਰੋਕਾਰਾਂ ਨਾਲ ਸਬੰਧਤ ਹਨ, ਜਿਨ੍ਹਾਂ 'ਚ ਸਰਕਾਰਾਂ ਨੂੰ ਸਿੱਧੇ ਤੌਰ 'ਤੇ ਦਖ਼ਲ ਕਰਨ ਦਾ ਕੋਈ ਹੱਕ ਨਹੀਂ ਹੈ। ਤੁਸੀਂ ਸਿੱਖ ਗੁਰਦੁਆਰਾ ਐਕਟ 1925 'ਚ ਸੋਧ ਕਰਕੇ ਨਵੀਂ ਧਾਰਾ ਜੋੜਨ ਦੀ ਗੱਲ ਕਰ ਰਹੇ ਹੋ। ਜਿਸ ਦੀ ਪ੍ਰਕਿਰਿਆ ਬਾਰੇ ਤੁਹਾਨੂੰ ਜਾਣਕਾਰੀ ਨਹੀਂ।

ਇਹ ਕਾਰਜ ਸਿੱਖ ਸੰਗਤ ਵਲੋਂ ਚੁਣੀ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ਾਂ ਨਾਲ ਭਾਰਤ ਸਰਕਾਰ ਸੰਸਦ ਵਿਚ ਹੀ ਕਰ ਸਕਦੀ ਹੈ। ਪੰਜਾਬ ਸਰਕਾਰ ਨੂੰ ਇਸ ਐਕਟ ਵਿਚ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ। ਆਪਣੇ ਸਿਆਸੀ ਹਿੱਤਾਂ ਲਈ ਕੌਮ ਨੂੰ ਦੁਵਿਧਾ ਵਿਚ ਪਾਉਣ ਤੋਂ ਬਾਜ ਆਓ। ਗੁਰਬਾਣੀ ਪ੍ਰਸਾਰਣ ਆਮ ਪ੍ਰਸਾਰਣ ਨਹੀਂ, ਇਸ ਦੀ ਪਵਿੱਤਰਤਾ ਤੇ ਮਰਯਾਦਾ ਨੂੰ ਨਜ਼ਰਅੰਦਾਜ ਨਹੀਂ ਕੀਤਾ ਜਾ ਸਕਦਾ।