ਅਫ਼ਗ਼ਾਨਿਸਤਾਨ ਵਿਚ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਭਾਰਤ ਸਰਕਾਰ : ਸੁਖਦੇਵ ਸਿੰਘ ਢੀਂਡਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਢੀਂਡਸਾ ਨੇ ਕਿਹਾ, ਅਫ਼ਗ਼ਾਨਿਸਤਾਨ ਵਿਚ ਤਾਲਿਬਾਨ ਦੀ ਘੱਟ ਗਿਣਤੀਆਂ ਪ੍ਰਤੀ ਸੋਚ ਕਾਰਨ ਵਿਸ਼ੇਸ਼ ਤੌਰ ’ਤੇ ਸਿੱਖਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

Indian Government should ensure security of minorities in Afghanistan says Dhindsa

 

ਚੰਡੀਗੜ੍ਹ (ਸੁਰਜੀਤ ਸਿੰਘ ਸੱਤੀ): ਅਫ਼ਗ਼ਾਨਿਸਤਾਨ ’ਤੇ ਤਾਲਿਬਾਨ (Taliban) ਦੇ ਕਬਜ਼ੇ ਮਗਰੋਂ ਘੱਟ ਗਿਣਤੀ ਸਿੱਖਾਂ ਅਤੇ ਹੋਰ ਭਾਰਤੀ ਪ੍ਰਵਾਰਾਂ (Indian Families) ਦੀ ਅਸੁਰੱਖਿਆ ਦੀ ਬਣੀ ਗੰਭੀਰ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀੰਂਡਸਾ (Sukhdev Singh Dhindsa) ਨੇ ਅਫ਼ਗ਼ਾਨਿਤਾਨ ਵਿਚ ਰਹਿ ਰਹੇ ਘੱਟ ਗਿਣਤੀ ਸਿੱਖ ਅਤੇ ਹੋਰ ਭਾਰਤੀ ਪ੍ਰਵਾਰਾਂ ਤੋਂ ਇਲਾਵਾ ਗੁਰਧਾਮਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਮੁੜ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਵੇਲੇ ਕਾਬੁਲ (Kabul) ਵਿਚ ਫਸੇ ਅਫ਼ਗ਼ਾਨੀ ਸਿੱਖ ਅਤੇ ਹਿੰਦੂ ਪ੍ਰਵਾਰਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਲਈ ਭਾਰਤ ਸਰਕਾਰ ਨੂੰ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਢੀਂਡਸਾ ਨੇ ਕਿਹਾ ਕਿ ਅਫ਼ਗ਼ਾਨਿਸਤਾਨ (Afghanistan Crisis) ਵਿਚ ਤਾਲਿਬਾਨ ਦੀ ਘੱਟ ਗਿਣਤੀਆਂ ਪ੍ਰਤੀ ਸੋਚ ਕਾਰਨ ਵਿਸ਼ੇਸ਼ ਤੌਰ ’ਤੇ ਸਿੱਖਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਅਫ਼ਗ਼ਾਨਿਸਤਾਨ ਵਿਚ ਪਹਿਲਾਂ ਵੀ ਕਈ ਵਾਰੀ ਘੱਟ ਗਿਣਤੀ ਸਿੱਖਾਂ ਅਤੇ ਗੁਰਧਾਮਾਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ। ਅਜਿਹੇ ਵਿਚ ਉਥੇ ਲਗਾਤਾਰ ਖ਼ਰਾਬ ਹੁੰਦੇ ਜਾ ਰਹੇ ਹਾਲਾਤ ਨੂੰ ਵੇਖਦੇ ਹੋਏ ਤੁਰਤ ਲੋੜੀਂਦੇ ਕਦਮ ਚੁੱਕੇ ਜਾਣ ਤੋਂ ਇਲਾਵਾ ਭਾਰਤ ਵਿਚ ਉਨ੍ਹਾਂ ਦੇ ਰਹਿਣ ਸਹਿਣ ਦੇ ਢੁਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਅਫ਼ਗ਼ਾਨਿਸਤਾਨ ਵਿਚ ਫਸੇ ਘੱਟ ਗਿਣਤੀ ਪ੍ਰਵਾਰਾਂ ਨੂੰ ਸੁਰੱਖਿਅਤ ਭਾਰਤ ਲੈ ਕੇ ਆਉਣ ਅਤੇ ਇਥੇ ਉਨ੍ਹਾਂ ਨੂੰ ਤੁਰਤ ਵਸਾਉਣ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ।