Punjab News : CM ਭਗਵੰਤ ਮਾਨ ਵੱਲੋਂ ਮੋਹਾਲੀ ‘ਚ ਇੰਟਰਨੈਸ਼ਨਲ ਹਾਕੀ ਸਟੇਡੀਅਮ ਬਣਾਉਣ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ -ਅਸੀਂ ਜਲਦੀ ਹੀ ਕੇਂਦਰੀ ਸਪੋਰਟਸ ਮੰਤਰਾਲੇ ਅਤੇ ਉੱਚ ਅਧਿਕਾਰੀਆਂ ਨਾਲ ਇਸ ਸਬੰਧੀ ਮੀਟਿੰਗ ਕਰਾਂਗੇ

CM Bhagwant Mann

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਕੀ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ਵਿਚ ਬਹੁਤ ਜਲਦ ਇੰਟਰਨੈਸ਼ਨਲ ਹਾਕੀ ਸਟੇਡੀਅਮ ਬਣੇਗਾ। ਉਨ੍ਹਾਂ ਕਿਹਾ ਕਿ ਅਸੀਂ ਜਲਦੀ ਹੀ ਕੇਂਦਰੀ ਸਪੋਰਟਸ ਮੰਤਰਾਲੇ ਅਤੇ ਉੱਚ ਅਧਿਕਾਰੀਆਂ ਨਾਲ ਇਸ ਸਬੰਧੀ ਮੀਟਿੰਗ ਕਰਾਂਗੇ ਅਤੇ ਖਿਡਾਰੀਆਂ ਕੋਲੋਂ ਵੀ ਸੁਝਾਅ ਲਵਾਂਗੇ। 

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਹੈ।

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ ਕਿਉਂਕਿ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਕੀ ਖਿਡਾਰੀਆਂ ਦੀ ਇਹ ਸ਼ਾਨਦਾਰ ਜਿੱਤ ਪੂਰੇ ਦੇਸ਼ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਟੀਮ ਦਾ ਹਰ ਮੈਚ ਨਿੱਜੀ ਤੌਰ 'ਤੇ ਦੇਖਿਆ ਹੈ ਅਤੇ ਇਨ੍ਹਾਂ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਸਾਨੂੰ ਸਾਰਿਆਂ ਨੂੰ ਮਾਣ ਮਹਿਸੂਸ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਤੀਜਾ ਐਡੀਸ਼ਨ 28 ਅਗਸਤ ਤੋਂ ਸ਼ੁਰੂ ਹੋਵੇਗਾ, ਜੋ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮਾਹਿਲਪੁਰ ਖੇਤਰ ਵਿੱਚ ਫੁੱਟਬਾਲ, ਸੰਗਰੂਰ ਵਿੱਚ ਬਾਕਸਿੰਗ, ਜਲੰਧਰ ਵਿੱਚ ਹਾਕੀ, ਲੁਧਿਆਣਾ ਵਿੱਚ ਅਥਲੈਟਿਕਸ ਅਤੇ ਹੋਰ ਖੇਡ ਕਲੱਸਟਰਾਂ ਦਾ ਵਿਕਾਸ ਕਰੇਗੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਠ ਹਾਕੀ ਖਿਡਾਰੀਆਂ ਨੂੰ ਇੱਕ-ਇਕ ਕਰੋੜ ਰੁਪਏ ਅਤੇ ਓਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੇ 11 ਹੋਰ ਖਿਡਾਰੀਆਂ ਨੂੰ 15-15 ਲੱਖ ਰੁਪਏ ਦੇ ਚੈੱਕ ਦਿੱਤੇ।