ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਤੇ ਗਿਆਨੀ ਗੌਹਰ ਵਿਚਕਾਰ ਵਿਵਾਦ ਹੋਇਆ ਹੱਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਵਾਦ ਹੱਲ ਕਰਨ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਕੀਤਾ ਗਿਆ ਧੰਨਵਾਦ

Dispute between Takht Sri Patna Sahib Management Committee and Giani Gauhar resolved as per the orders of Sri Akal Takht Sahib

ਸ੍ਰੀ ਅੰਮ੍ਰਿਤਸਰ : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਕਾਰ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਿਹਾ ਵਿਵਾਦ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਸ ਮਾਮਲੇ ਸਬੰਧੀ 14 ਜੁਲਾਈ 2025 ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਹੋਏ ਆਦੇਸ਼ ਅਨੁਸਾਰ ਮਿਲ ਬੈਠ ਕੇ ਤੇ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਹੱਲ ਕਰ ਲਿਆ ਗਿਆ ਹੈ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ, ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਧਾਈ ਦੇ ਪਾਤਰ ਹਨ, ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਸਮਰਪਿਤ ਹੁੰਦਿਆਂ ਇੱਥੋਂ ਹੋਏ ਆਦੇਸ਼ਾਂ ਦੀ ਪਾਲਣਾ ਕਰਦਿਆਂ ਆਪਸੀ ਸੂਝ-ਬੂਝ ਅਤੇ ਏਕਤਾ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ ਮੌਜੂਦਾ ਸਮਾਂ ਸਿੱਖ ਸ਼ਕਤੀ ਨੂੰ ਇਕਜੁੱਟ ਕਰਨ ਅਤੇ ਸਿੱਖ ਸੰਸਥਾਵਾਂ ਨੂੰ ਪੰਥਕ ਏਕਤਾ ਦੀ ਭਾਵਨਾ ਅਨੁਸਾਰ ਮਜ਼ਬੂਤ ਕਰਨ ਦਾ ਹੈ। ਉਨ੍ਹਾਂ ਕਿਹਾ ਖ਼ਾਲਸਾ ਪੰਥ ਦੇ ਪੰਜੇ ਤਖ਼ਤ ਸਾਹਿਬਾਨ ਦਾ ਪੰਥਕ ਮਾਮਲਿਆਂ ਵਿੱਚ ਆਪਸੀ ਤਾਲਮੇਲ ਅਤੇ ਇਕਸੁਰਤਾ ਹੈ। 
ਇਸ ਮਾਮਲੇ ਸਬੰਧੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਲ 2022 ਵਿੱਚ ਉਸ ਸਮੇਂ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਵੱਲੋਂ ਕੁਝ ਕਾਰਨਾਂ ਕਰਕੇ ਜਥੇਦਾਰ ਰਣਜੀਤ ਸਿੰਘ ਗੌਹਰ ਦੀਆਂ ਸੇਵਾਵਾਂ ’ਤੇ ਰੋਕ ਲਗਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪ੍ਰਬੰਧਕ ਕਮੇਟੀ ਦੇ ਵਿਰੁੱਧ ਅਦਾਲਤ ਵਿੱਚ ਕੇਸ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ’ਤੇ ਖ਼ਾਲਸਾ ਪੰਥ ਦੀ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਪੰਜ ਸਿੰਘ ਸਾਹਿਬਾਨਾਂ ਵੱਲੋਂ ਆਦੇਸ਼ ਜਾਰੀ ਕਰਕੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਸਾਰੇ ਅਦਾਲਤੀ ਕੇਸ ਵਾਪਸ ਲੈਣ ਅਤੇ ਪ੍ਰਬੰਧਕ ਕਮੇਟੀ ਨੂੰ ਉਨ੍ਹਾਂ ਦਾ ਬਣਦਾ ਬਕਾਇਆ ਦੇਣ ਲਈ ਕਿਹਾ ਗਿਆ ਸੀ।

ਜਗਜੋਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਹਾਂਰਾਸ਼ਟਰ ਤੋਂ ਮੈਂਬਰ ਗੁਰਵਿੰਦਰ ਸਿੰਘ ਬਾਵਾ ਅਤੇ ਮੁੰਬਈ ਤੋਂ ਜਸਬੀਰ ਸਿੰਘ ਧਾਮ ਵੱਲੋਂ ਦੋਵੇਂ ਪੱਖਾਂ ਵਿਚਕਾਰ ਸਹਿਮਤੀ ਲਈ ਕੀਤੇ ਗਏ ਯਤਨਾਂ ਤੋਂ ਬਾਅਦ ਬੀਤੇ ਕੱਲ੍ਹ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਪ੍ਰਬੰਧਕ ਕਮੇਟੀ ਵੱਲੋਂ ਬਣਦਾ ਬਕਾਇਆ ਅਦਾ ਕਰਨ ਤੋਂ ਬਾਅਦ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਨਾਲ ਵਿਦਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਿਹਾ ਇਹ ਵਿਵਾਦ ਪੂਰੀ ਤਰ੍ਹਾਂ ਸਮਾਪਤ ਹੋ ਗਿਆ ਹੈ। ਜਗਜੋਤ ਸਿੰਘ ਨੇ ਇਹ ਮਾਮਲਾ ਹੱਲ ਕਰਨ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵਿਸ਼ੇਸ਼ ਧੰਨਵਾਦ ਕੀਤਾ।