ਬੰਦੀ ਸਿੰਘਾਂ ਦੀ ਰਿਹਾਈ ਵਿਚ ਮੇਰਾ ਪਰਿਵਾਰ ਅੜਿੱਕਾ ਨਹੀਂ ਡਾਹੇਗਾ : ਰਵਨੀਤ ਸਿੰਘ ਬਿੱਟੂ
ਦੀ ਸਿੰਘਾਂ ਦੀ ਰਿਹਾਈ ਬਣਦੀ ਹੈ ਉਨ੍ਹਾਂ ਦੀ ਰਿਹਾਈ ਵਿਚ ਉਨ੍ਹਾਂ ਦਾ ਪਰਿਵਾਰ ਅੜਿੱਕਾ ਨਹੀਂ ਪਾਵੇਗਾ।
ਮੋਹਾਲੀ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਜਿਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਬਣਦੀ ਹੈ ਉਨ੍ਹਾਂ ਦੀ ਰਿਹਾਈ ਵਿਚ ਉਨ੍ਹਾਂ ਦਾ ਪਰਿਵਾਰ ਅੜਿੱਕਾ ਨਹੀਂ ਪਾਵੇਗਾ।
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਪਿਛਲੇ ਦਿਨੀਂ ਕੈਦੀਆਂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਰੱਖਣ ਵਿਰੁੱਧ ਹੁਕਮ ਜਾਰੀ ਕੀਤੇ ਗਏ ਸਨ ਅਤੇ ਉਨ੍ਹਾਂ ਨੂੰ ਰਿਹਾਅ ਕਰਨ ਲਈ ਕਿਹਾ ਸੀ। ਸੁਪਰੀਮ ਕੋਰਟ ਨੇ ਇਸ ਸਬੰਧੀ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਗ੍ਰਹਿ ਸਕੱਤਰਾਂ ਨੂੰ ਨਿਰਦੇਸ਼ ਦਿਤਾ ਹੈ ਕਿ ਉਹ ਇਸ ਗੱਲ ਦੀ ਪੁਸ਼ਟੀ ਕਰੇ ਕਿ ਸਜ਼ਾ ਪੂਰੀ ਕਰ ਚੁੱਕਾ ਕੋਈ ਵੀ ਕੈਦੀ ਅਜੇ ਵੀ ਜੇਲ੍ਹ ਵਿਚ ਬੰਦ ਤਾਂ ਨਹੀਂ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਅਜਿਹਾ ਕੈਦੀ ਪਾਇਆ ਜਾਂਦਾ ਹੈ ਜਿਸ ਦੀ ਸਜ਼ਾ ਪੂਰੀ ਹੋ ਚੁੱਕੀ ਹੈ ਤੇ ਉਹ ਕਿਸੇ ਹੋਰ ਮਾਮਲੇ ਵਿਚ ਲੋੜੀਂਦਾ ਨਹੀਂ ਹੈ ਤਾਂ ਉਸ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਸਿਖਰਲੀ ਅਦਾਲਤ ਦੇ ਇਸ ਹੁਕਮ ਤੋਂ ਬਾਅਦ ਪੰਜਾਬ ਵਿਚ ਲਗਾਤਾਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਜ਼ੋਰ ਫੜ ਰਹੀ ਹੈ।
ਬੀਤੇ ਦਿਨ ਰਾਜਪੁਰਾ ਵਿਖੇ ਭਾਰਤੀ ਜਨਤਾ ਪਾਰਟੀ ਦੀ ‘ਕਿਸਾਨ ਮਜ਼ਦੂਰ ਫਤਹਿ’ ਰੈਲੀ ਤੋਂ ਇਲਾਵਾ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਵਨੀਤ ਬਿੱਟੂ ਨੇ ਕਿਹਾ, ‘‘ਬੰਦੀ ਸਿੰਘਾਂ ਦੀ ਰਿਹਾਈ ਲਈ ਅਸੀਂ ਸਾਰੇ ਲੱਗੇ ਹੋਏ ਹਾਂ। ਜਿਨ੍ਹਾਂ ਦੀ ਰਿਹਾਈ ਹੋ ਸਕਦੀ ਹੈ ਉਨ੍ਹਾਂ ਦੀ ਜ਼ਰੂਰ ਹੋਣੀ ਚਾਹੀਦੀ ਹੈ। ਸਾਡੇ ਪਰਿਵਾਰ ਨੇ ਬੈਠ ਕੇ ਫ਼ੈਸਲਾ ਕੀਤਾ ਹੈ ਕਿ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਵਿਚ ਕੋਈ ਰੁਕਾਵਟ ਨਹੀਂ ਬਣਾਂਗੇ।’’ ਜ਼ਿਕਰਯੋਗ ਹੈ ਕਿ ਭਾਈ ਗੁਰਦੀਪ ਸਿੰਘ ਖੇੜਾ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਦੇਵਿੰਦਰਪਾਲ ਸਿੰਘ ਭੁੱਲਰ, ਭਾਈ ਜਗਤਾਰ ਸਿੰਘ ਤਾਰਾ ਅਤੇ ਹੋਰਨਾਂ ਨੇ ਕਰੀਬ 30 ਸਾਲਾਂ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਬਿਤਾਇਆ ਹੈ।