ਬੀਬੀ ਬਾਦਲ ਦਾ ਅਸਤੀਫ਼ਾ ਕਿਸਾਨ ਲਹਿਰ ਨੂੰ ਹੋਰ ਬਲ ਬਖ਼ਸ਼ੇਗਾ: ਡਾ. ਦਰਸ਼ਨ ਪਾਲ

ਏਜੰਸੀ

ਖ਼ਬਰਾਂ, ਪੰਜਾਬ

ਬੀਬੀ ਬਾਦਲ ਦਾ ਅਸਤੀਫ਼ਾ ਕਿਸਾਨ ਲਹਿਰ ਨੂੰ ਹੋਰ ਬਲ ਬਖ਼ਸ਼ੇਗਾ: ਡਾ. ਦਰਸ਼ਨ ਪਾਲ

image

ਚੰਡੀਗੜ੍ਹ, 17 ਸਤੰਬਰ (ਨੀਲ ਭਲਿੰਦਰ ਸਿੰਘ): ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਅੱਜ  ਬਿਆਨ ਜਾਰੀ ਕਰਦਿਆਂ ਕਿਹਾ ਕਿ ਅੱਜ ਦਿੱਲੀ ਪਾਰਲੀਮੈਂਟ ਵਿਚ ਪੰਜਾਬ ਦੇ ਸੰਸਦਾਂ, ਕਾਂਗਰਸੀ, ਅਕਾਲੀਆਂ ਅਤੇ ਆਮ ਆਦਮੀ ਪਾਰਟੀ  ਵਲੋਂ  ਖੇਤੀ ਆਰਡੀਨੈਂਸਾਂ ਵਿਰੁਧ ਲਈਆਂ ਗਈਆਂ ਪੁਜ਼ੀਸ਼ਨਾਂ ਕਿ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਨਾ ਅਤੇ ਆਰਡੀਨੈਂਸ ਦੀਆਂ ਕਾਪੀਆਂ ਸਾੜਨੀਆਂ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਕਿਸਾਨ ਲਹਿਰ ਨੂੰ ਹੋਰ ਬਲ ਬਖ਼ਸ਼ੇਗਾ ਕਿਉਂਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਵਲੋਂ ਲਈਆਂ ਗਈਆਂ ਇਹ ਪੁਜ਼ੀਸ਼ਨਾਂ ਅਸਲ ਵਿਚ ਪੰਜਾਬ ਵਿਚ ਇਕ ਜ਼ਬਰਦਸਤ ਕਿਸਾਨ ਲਹਿਰ ਦਾ ਸਿੱਟਾ ਹੀ ਹਨ।
ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਵਿਚ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਨਾ ਅਤੇ ਫਿਰ ਸੰਸਦ ਵਿਚ ਜਾ ਕੇ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕਰਨਾ ਇਹ ਪੰਜਾਬ ਦੀ ਕਿਸਾਨ ਲਹਿਰ ਦੀ ਇਕ ਅਹਿਮ ਪ੍ਰਾਪਤੀ ਹੈ ਕਿਉਂਕਿ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਨੇ ਪੰਜਾਬ ਵਿਚ ਇਕ ਅਜਿਹਾ ਮਾਹੌਲ ਬਣਾ ਦਿਤਾ ਜਿਸ ਵਿਚ ਹਰ ਇਕ ਪਾਰਟੀ ਅਤੇ ਉਸ ਦੇ ਲੀਡਰਾਂ ਨੂੰ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁਧ ਆਵਾਜ਼ ਉਠਾਉਣ ਲਈ ਮਜਬੂਰ ਕਰ ਦਿਤਾ। ਡਾ. ਦਰਸ਼ਨ ਪਾਲ ਨੇ ਪੰਜਾਬ ਦੇ ਕਿਸਾਨਾਂ ਨੂੰ ਸੱਦਾ ਦਿਤਾ ਕਿ ਜੇਕਰ ਅੱਜ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਫਿਰ ਵੀ ਇਨ੍ਹਾਂ ਬਿਲਾਂ ਨੂੰ ਪਾਸ ਕਰ ਕੇ ਕਾਨੂੰਨ ਬਣਾ ਦਿੰਦੀ ਹੈ ਤਾਂ ਪੰਜਾਬ ਦੇ ਹਰ ਥਾਂ ਤੇ ਹਰ ਪਿੰਡ ਵਿਚ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜਨ ਦੀ ਮੁਹਿੰਮ ਜ਼ੋਰ-ਸ਼ੋਰ ਨਾਲ ਚਲਾਉ।