ਲੰਬੀ ਚੁੱਪੀ ਤੋਂ ਬਾਅਦ ਕਿਸਾਨਾਂ ਦੇ ਸਮਰਥਨ ਵਿਚ ਉਤਰੇ ਸਿੱਧੂ, ਕਿਹਾ ਹੋਂਦ ‘ਤੇ ਹਮਲਾ ਬਰਦਾਸ਼ਤ ਨਹੀਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਵਜੋਤ ਸਿੱਧੂ ਨੇ ਟਵਿਟਰ ‘ਤੇ ਕਿਸਾਨਾਂ ਦੇ ਹੱਕ ਵਿਚ ਚੁੱਕੀ ਆਵਾਜ਼

Navjot Sidhu

ਨਵੀਂ ਦਿੱਲੀ: ਖੇਤੀਬਾੜੀ ਬਿਲਾਂ ਖਿਲਾਫ ਪੰਜਾਬ ਅਤੇ ਹਰਿਆਣਾ ਵਿਚ ਕਿਸਾਨਾਂ ਦਾ ਵਿਰੋਧ ਦਿਨੋ ਦਿਨ ਵਧਦਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਲੰਬੀ ਚੁੱਪੀ ਤੋਂ ਬਾਅਦ ਟਵਿਟਰ ‘ਤੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਚੁੱਕੀ ਹੈ।

ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਅਪਣੀ ਹੋਂਦ ‘ਤੇ ਹਮਲਾ ਬਰਦਾਸ਼ਤ ਨਹੀਂ ਕਰਨਗੇ। ਉਹਨਾਂ ਲਿਖਿਆ, ‘ਕਿਸਾਨੀ ਪੰਜਾਬ ਦੀ ਰੂਹ, ਸਰੀਰ ਦੇ ਘਾਓ ਭਰ ਜਾਂਦੇ ਹਨ, ਪਰ ਆਤਮਾ 'ਤੇ ਵਾਰ, ਸਾਡੇ ਅਸਤਿਤਵ ਉੱਤੇ ਹਮਲਾ ਬਰਦਾਸ਼ਤ ਨਹੀਂ। ਜੰਗ ਦੀ ਤੂਤੀ ਬੋਲਦੀ ਹੈ - ਇੰਕਲਾਬ ਜ਼ਿੰਦਾਬਾਦ, ਪੰਜਾਬ, ਪੰਜਾਬੀਅਤ ਤੇ ਹਰ ਪੰਜਾਬੀ ਕਿਸਾਨਾਂ ਦੇ ਨਾਲ।‘

 

ਖੇਤੀਬਾੜੀ ਨਾਲ ਸਬੰਧਤ ਇਹਨਾਂ ਬਿਲਾਂ ਦਾ ਪੰਜਾਬ ਵਿਚ ਵੱਡੇ ਪੱਧਰ ‘ਤੇ ਵਿਰੋਧ ਹੋ ਰਿਹਾ ਹੈ। ਇਸ ਦੇ ਚਲਦਿਆਂ ਸੂਬੇ ਦੀਆਂ ਸਿਆਸੀ ਪਾਰਟੀਆਂ ਨੇ ਵੀ ਇਹਨਾਂ ਬਿਲਾਂ ਦਾ ਵਿਰੋਧ ਕੀਤਾ ਹੈ। ਇਹਨਾਂ ਬਿਲਾਂ ਦਾ ਵਿਰੋਧ ਕਰਦਿਆਂ ਬੀਤੇ ਦਿਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀਬਾੜੀ ਆਰਡੀਨੈਂਸਾਂ ਦਾ ਵਿਰੋਧ ਪੰਜਾਬ, ਹਰਿਆਣਾ ਸਮੇਤ ਦੇਸ਼ ਦੇ ਕਈ ਸੂਬਿਆਂ ਵਿਚ ਹੋ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਸੰਸਦ ਦੇ ਬਾਹਰ ਧਰਨੇ ਦਿੱਤੇ ਜਾ ਰਹੇ ਹਨ। ਪੰਜਾਬ ਵਿਚ ਵੀ ਕਈ ਥਾਵਾਂ ‘ਤੇ ਕਿਸਾਨ ਸੰਗਠਨਾਂ ਵੱਲੋਂ ਜਾਮ ਲਗਾਏ ਜਾ ਰਹੇ ਹਨ ਤੇ ਅਪਣੇ ਹੱਕਾਂ ਦੀ ਮੰਗ ਕੀਤੀ ਜਾ ਰਹੀ ਹੈ।

ਕਿਸਾਨਾਂ ਦੀ ਆਰ-ਪਾਰ ਦੀ ਇਸ ਲੜਾਈ ਵਿਚ ਮਸ਼ਹੂਰ ਕਲਾਕਾਰ ਅਤੇ ਪੰਜਾਬੀ ਸਿਤਾਰੇ ਵੀ ਕਿਸਾਨਾ ਦੇ ਸਮਰਥਨ ਵਿਚ ਹਾਅ ਦਾ ਨਾਅਰਾ ਲਗਾ ਰਹੇ ਹਨ। ਹਰ ਕੋਈ ਕਿਸਾਨਾਂ ਨੂੰ ਉਹਨਾਂ ਦੇ ਬਣਦੇ ਹੱਕ ਦਿਵਾਉਣ ਲਈ ਅੱਡੀ ਚੋਟੀ ਜਾ ਜ਼ੋਰ ਲਗਾ ਰਿਹਾ ਹੈ।