ਕਾਂਗਰਸੀ ਆਗੂਆਂ ਵਲੋਂ ਅਕਾਲੀਆਂ ਦੀ ਸਖ਼ਤ ਆਲੋਚਨਾ

ਏਜੰਸੀ

ਖ਼ਬਰਾਂ, ਪੰਜਾਬ

ਕਾਂਗਰਸੀ ਆਗੂਆਂ ਵਲੋਂ ਅਕਾਲੀਆਂ ਦੀ ਸਖ਼ਤ ਆਲੋਚਨਾ

image

ਚੰਡੀਗੜ੍ਹ, 17 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀਆਂ ਸਮੇਤ ਪੰਜਾਬ ਕਾਂਗਰਸ ਦੇ ਸਮੂਹ ਨੇ ਕਿਸਾਨਾਂ ਦੇ ਅਧਿਕਾਰਾਂ ਤੇ ਹਿੱਤਾਂ ਦੀ ਰਾਖੀ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਰਹਿਣ ਤੋਂ ਬਾਅਦ ਹੁਣ ਲੋਕਾਂ ਦਾ ਧਿਆਨ ਹਟਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਕਰੜੀ ਆਲੋਚਨਾ ਕੀਤੀ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਦੇ ਉਲਟ ਕਾਂਗਰਸ ਪਾਰਟੀ ਖੇਤੀ ਬਿਲਾਂ ਦੇ ਮੁੱਦੇ 'ਤੇ ਪੂਰੀ ਤਰ੍ਹਾਂ ਇਕਜੁਟ ਹੈ ਅਤੇ ਉਸ ਨੂੰ ਸੂਬੇ ਦੇ ਖੇਤੀ ਸੈਕਟਰ ਨੂੰ ਤਬਾਹ ਕਰਨ ਵਾਲੇ ਕੇਂਦਰ ਸਰਕਾਰ ਦੇ ਅਤਿ ਨਿੰਦਣਯੋਗ ਕਾਰੇ ਵਿਰੁਧ ਵੋਟਾਂ ਵਾਸਤੇ ਵਿੱਪ੍ਹ ਜਾਰੀ ਕਰਨ ਦੀ ਲੋੜ ਨਹੀਂ ਹੈ। ਇਹ ਨੇਤਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਦੇ ਬਿਆਨ 'ਤੇ ਪ੍ਰਤੀਕ੍ਰਿਆ ਜ਼ਾਹਰ ਕਰ ਰਹੇ ਸਨ ਜਿਸ ਵਿਚ ਉਨ੍ਹਾਂ ਨੇ ਬੀਤੇ ਦਿਨ ਕਿਹਾ ਸੀ ਕਿ ਮੁੱਖ ਮੰਤਰੀ ਦੀ ਅਗਵਾਈ ਵਿਚ ਵਫ਼ਦ ਵਲੋਂ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਦੀ ਬਜਾਏ ਅਪਣੇ ਸੰਸਦ ਮੈਂਬਰਾਂ ਨੂੰ ਕਿਸਾਨ ਭਾਈਚਾਰੇ ਨਾਲ ਇਕਮੁੱਠਤਾ ਪ੍ਰਗਟਾਉਣ ਲਈ ਖੇਤੀ ਆਰਡੀਨੈਂਸਾਂ ਵਿਰੁਧ ਵੋਟ ਪਾਉਣ ਲਈ ਕਿਹਾ ਜਾਵੇ। ਸ਼੍ਰੀ ਮਨੀਸ਼ ਤਿਵਾੜੀ, ਜੋ ਖੁਦ ਸੰਸਦ ਮੈਂਬਰ ਹਨ, ਨੇ ਕਿਹਾ,''ਕਾਂਗਰਸ ਦੇ ਸੰਸਦ ਮੈਂਬਰ ਤਾਂ ਸ਼ੁਰੂ ਤੋਂ ਹੀ ਪੰਜਾਬ ਵਿਰੋਧੀ ਇਨ੍ਹਾਂ ਘਾਤਕ ਖੇਤੀ ਆਰਡੀਨੈਂਸਾਂ ਵਿਰੁਧ ਲੜਾਈ ਲੜ ਰਹੇ ਹਨ ਅਤੇ ਉਹ ਇਹ ਜਾਣਦੇ ਹਨ ਕਿ ਵੋਟਾਂ ਕਿਵੇਂ ਪਾਉਣੀਆਂ ਹਨ, ਜਦਕਿ ਦੂਜੇ ਪਾਸੇ ਅਕਾਲੀ ਦਲ ਦੇ ਸੰਸਦ ਮੈਂਬਰਾਂ ਨੂੰ ਅਪਣੀ ਲੀਡਰਸ਼ਿਪ ਪਾਸੋਂ ਕੋਈ ਸਪੱਸ਼ਟ ਨਿਰਦੇਸ਼ ਨਾ ਮਿਲਣ ਕਰ ਕੇ ਦਿਸ਼ਾਹੀਣ ਹਨ। ਅਕਾਲੀ ਲੀਡਰਸ਼ਿਪ ਤਾਂ ਅਪਣੇ ਸੌੜੇ ਸਿਆਸੀ ਹਿੱਤਾਂ ਖਾਤਰ ਉਹੀ ਸਟੈਂਡ ਲੈਂਦੇ ਹਨ ਜੋ ਉਨ੍ਹਾਂ ਨੂੰ ਸੂਤ ਬੈਠਦਾ ਹੈ। ਇਹ ਪ੍ਰਤੀਕਿਆ ਜ਼ਾਹਰ ਕਰਨ ਵਿਚ ਸ਼੍ਰੀ ਤਿਵਾੜੀ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸੁਖਜਿੰਦਰ ਸਿੰਘ ਰੰਧਾਵਾ ਅਤੇ ਭਾਰਤ ਭੂਸ਼ਨ ਆਸ਼ੂ ਵੀ ਸ਼ਾਮਲ ਹਨ।