ਹਾਈਕਮਾਨ 'ਤੇ ਛੱਡਿਆ ਨਵਾਂ ਮੁੱਖ ਮੰਤਰੀ ਬਣਾਉਣ ਦਾ ਫੈਸਲਾ: ਹਰੀਸ਼ ਰਾਵਤ
ਵਿਧਾਇਕ ਦਲ ਦੀ ਮੀਟਿੰਗ ਵਿਚ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ।
ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿਚ ਅੱਜ ਦਾ ਦਿਨ ਬੇਹੱਦ ਖਾ਼ਸ ਸੀ। ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਨੇ ਅਪਣਾ ਅਸਤੀਫ਼ਾ ਰਾਜਪਾਲ ਨੂੰ ਸੌਪਿਆ ਤੇ ਪੰਜਾਬ ਦੇ ਰਾਜਪਾਲ ਨੇ ਇਹ ਅਸਤੀਫ਼ਾ ਮਨਜ਼ੂਰ ਵੀ ਕਰ ਲਿਆ। ਇਸ ਤੋਂ ਬਾਅਦ ਵਿਧਾਇਕ ਦਲ ਦੀ ਬੈਠਕ ਹੋਈ। ਇਸ ਬੈਠਕ ’ਚ ਹਰੀਸ਼ ਰਾਵਤ, ਅਜੇ ਮਾਕਨ ਤੇ 78 ਵਿਧਾਇਕ ਮੌਜੂਦ ਸਨ।
ਵਿਧਾਇਕ ਦਲ ਦੀ ਬੈਠਕ ’ਚ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਕਾਂਗਰਸ ਹਾਈਕਮਾਨ ਸੋਨੀਆ ਤੇ ਰਾਹੁਲ ਗਾਂਧੀ ’ਤੇ ਛੱਡ ਦਿੱਤਾ ਗਿਆਹੈ। ਇਸ ਦਰਮਿਆਨ ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਸੋਮਵਾਰ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਚੰਡੀਗੜ੍ਹ ਵਿਖੇ 3 ਵਜੇ ਆਯੋਜਿਤ ਕੀਤਾ ਜਾਵੇਗਾ। ਇਸ ’ਚ ਪੰਜ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਹ ਹਾਈਕਮਾਨ ਫ਼ੈਸਲਾ ਕਰੇਗਾ ਕਿ ਮੁੱਖ ਮੰਤਰੀ ਦਾ ਤਾਜ ਕਿਸ ਦੇ ਸਿਰ ਸਜਾਇਆ ਜਾਵੇਗਾ।
ਵਿਧਾਇਕ ਦਲ ਦੀ ਮੀਟਿੰਗ ਵਿਚ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ। ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ ਹਨ ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਹਾਈਕਮਾਨ 'ਤੇ ਛੱਡਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ’ਚ ਚੱਲ ਰਹੇ ਕਾਟੋ-ਕਲੇਸ਼ ਨੂੰ ਨਿਬੇੜਨ ਲਈ ਹਾਈਕਮਾਨ ਨੇ ਅੱਜ ਸ਼ਾਮ 5 ਵਜੇ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ, ਇਸ ਤੋਂ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ ਸੀ।