‘ਨੋ ਫ਼ਾਰਮਰਜ਼-ਨੋ ਫ਼ੂਡ’ ਦਾ ਬੈਜ ਲਗਾ ਕੇ ਮੁੱਖ ਮੰਤਰੀ ਕੈਪਟਨ ਨੇ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ
‘ਨੋ ਫ਼ਾਰਮਰਜ਼-ਨੋ ਫ਼ੂਡ’ ਦਾ ਬੈਜ ਲਗਾ ਕੇ ਮੁੱਖ ਮੰਤਰੀ ਕੈਪਟਨ ਨੇ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਕੀਤਾ ਉਦਘਾਟਨ
ਲੁਧਿਆਣਾ, 17 ਸਤੰਬਰ (ਪ੍ਰਮੋਦ ਕੌਸ਼ਲ) :ਨੋ ਫਾਰਮਰਜ਼-ਨੋ ਫੂਡ ’ ਦਾ ਬੈਜ (ਬਿੱਲਾ) ਲਗਾ ਕੇ ਮੁੱਖ ਮੰਤਰੀ ਕੈਪਟਨ ਨੇ ਪੀ.ਏ.ਯੂ ਲੁਧਿਆਣਾ ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਲਕ ਵਿਚ ਕਾਲੇ ਖੇਤੀ ਕਾਨੂੰਨ ਲਿਆਂਦੇ ਜਾਣ ਦਾ ਇਕ ਵਰ੍ਹਾ ਮੁਕੰਮਲ ਹੋਣ ਉਤੇ ਕੇਂਦਰ ਪਾਸੋਂ ਇਹ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕਰਦੇ ਹੋਏ ਅੱਗੇ ਵਧਣ ਲਈ ਕਿਸਾਨਾਂ ਨਾਲ ਵਿਸਥਾਰ ਵਿਚ ਗੱਲਬਾਤ ਕਰਨ ਲਈ ਆਖਿਆ। ਕਿਸਾਨਾਂ ਦੇ ਪ੍ਰਦਰਸ਼ਨਾਂ ਵਿਚ ਬਹੁਤ ਸਾਰੇ ਕਿਸਾਨਾਂ ਦੀ ਮੌਤ ਹੋ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਢੁਕਵਾਂ ਸਮਾਂ ਹੈ ਕਿ ਕੇਂਦਰ ਅਪਣੇ ਬੱਜਰ ਗੁਨਾਹ ਨੂੰ ਸਮਝੇ ਅਤੇ ਕਿਸਾਨਾਂ ਤੇ ਮੁਲਕ ਦੇ ਹਿੱਤ ਵਿਚ ਕਾਨੂੰਨ ਵਾਪਸ ਲਏ ਜਾਣ।
ਮੁੱਖ ਮੰਤਰੀ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਟੀ, ਲੁਧਿਆਣਾ ਵਲੋਂ ਕਰਵਾਏ ਤੀਜੇ ਰਾਜ ਪਧਰੀ ਵਰਚੁਅਲ ਕਿਸਾਨ ਮੇਲੇ ਦੇ ਉਦਘਾਟਨ ਮੌਕੇ ‘ਜੇਕਰ ਕਿਸਾਨ ਨਹੀਂ ਤਾਂ ਭੋਜਨ ਨਹੀਂ’ ਦਾ ਬੈਜ ਲਾਇਆ ਹੋਇਆ ਸੀ। ਪੰਜਾਬ ਸਰਕਾਰ ਵਲੋਂ ਪਰਾਲੀ ਸਾੜੇ ਜਾਣ ਦੇ ਰੁਝਾਨ ਨੂੰ ਖ਼ਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਤਰਜ਼ ਉਤੇ ਇਸ ਦੋ ਰੋਜ਼ਾ ਮੇਲੇ ਦਾ ਮੁੱਖ ਵਿਸ਼ਾ ਵੀ ‘ਕਰੀਏ ਪਰਾਲੀ ਦੀ ਸੰਭਾਲ-ਧਰਤੀ ਮਾਂ ਹੋਵੇ ਖ਼ੁਸ਼ਹਾਲ’ ਹੈ।
ਮੁੱਖ ਮੰਤਰੀ ਨੇ ਕਿਹਾ, “ਹੁਣ ਤਕ ਸੰਵਿਧਾਨ ਵਿਚ 127 ਵਾਰ ਸੋਧ ਕੀਤੀ ਜਾ ਚੁੱਕੀ ਹੈ ਤਾਂ ਫਿਰ ਖੇਤੀ ਕਾਨੂੰਨਾਂ ਰੱਦ ਕਰਨ ਲਈ ਇਕ ਵਾਰ ਫੇਰ ਸੋਧ ਕਿਉਂ ਨਹੀਂ ਕੀਤੀ ਜਾ ਸਕਦੀ ਅਤੇ ਇਨ੍ਹਾਂ ਕਾਨੂੰਨਾਂ ਨਾਲ ਪੈਦਾ ਹੋਈ ਪੇਚੀਦਾ ਸਥਿਤੀ ਨੂੰ ਹੱਲ ਕੀਤਾ ਜਾਵੇ।” ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਜੋ ਕਿਸਾਨਾਂ ਨੂੰ ਤਬਾਹ ਕਰਨ ਉਤੇ ਤੁਲੀ ਹੋਈ ਹੈ, ਨੂੰ ਪੁੱਛਣਾ ਚਾਹੁੰਦੇ ਹਨ, “128ਵੀਂ ਵਾਰ ਸੋਧ ਕਰਨ ਵਿਚ ਤਹਾਨੂੰ ਕੀ ਦਿੱਕਤ ਹੋ ਰਹੀ ਹੈ।”
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁਲਕ ਦੀ ਤਰੱਕੀ ਤੇ ਵਿਕਾਸ ਵਿਚ ਮਿਸਾਲੀ ਯੋਗਦਾਨ ਪਾਉਣ ਵਾਲੇ ਕਿਸਾਨ ਭਾਈਚਾਰੇ ਨਾਲ ਅੱਜ ਜੋ ਕੁਝ ਵੀ ਵਾਪਰ ਰਿਹਾ ਹੈ, ਉਹ ਬਹੁਤ ਹੀ ਦੁਖਦਾਇਕ ਹੈ। ਉਨ੍ਹਾਂ ਨੇ ਇਨ੍ਹਾਂ ਕਾਨੂੰਨਾਂ ਨੂੰ ਤੁਰਤ ਮਨਸੂਖ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ਕਾਨੂੰਨ ਸਿਰਫ ਕਿਸਾਨ ਭਾਈਚਾਰੇ ਲਈ ਹੀ ਨਹੀਂ ਸਗੋਂ ਸਮੁੱਚੇ ਦੇਸ਼ ਲਈ ਘਾਤਕ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਨਵੰਬਰ ਮਹੀਨੇ ਜਦੋਂ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵਲ ਕੂਚ ਕੀਤਾ ਸੀ ਤਾਂ ਕੇਂਦਰ ਨੇ ਉਨ੍ਹਾਂ ਨੂੰ ਇਹ ਰੋਕਣ ਲਈ ਕਿਹਾ ਸੀ ਤਾਂ ਉਨ੍ਹਾਂ ਨੇ ਦੋ-ਟੁੱਕ ਜਵਾਬ ਦੇ ਦਿਤਾ ਸੀ ਕਿਉਂ ਜੋ ਰੋਸ ਪ੍ਰਗਟਾਉਣ ਕਿਸਾਨਾਂ ਦਾ ਜਮਹੂਰੀ ਹੱਕ ਹੈ। ਉਨ੍ਹਾਂ ਕਿਹਾ, “ਕਿਸਾਨਾਂ ਨੂੰ ਸੰਘਰਸ਼ ਕਿਉਂ ਨਹੀਂ ਕਰਨਾ ਚਾਹੀਦਾ। ਮੈਂ ਉਨ੍ਹਾਂ ਨੂੰ ਕਿਵੇਂ ਰੋਕ ਸਕਦਾਂ।” ਉਨ੍ਹਾਂ ਵੀ ਇਹ ਸਪੱਸ਼ਟ ਕਰ ਦਿਤਾ ਕਿ ਉਹ ਇਨ੍ਹਾਂ ਘਿਨਾਉਣੇ ਕਾਨੂੰਨਾਂ ਵਿਰੁਧ ਕਿਸਾਨਾਂ ਦੀ ਲੜਾਈ ਵਿਚ ਉਨ੍ਹਾਂ ਨਾਲ ਖੜੇ ਰਹਿਣਗੇ ਅਤੇ ਉਨ੍ਹਾਂ ਦੀ ਸਰਕਾਰ ਮਿ੍ਰਤਕ ਕਿਸਾਨਾਂ ਦੇ ਪਰਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦੇਣੀਆਂ ਜਾਰੀ ਰਖੇਗੀ।
ਇਸ ਤੋਂ ਪਹਿਲਾਂ ਵਧੀਕ ਮੁੱਖ ਸਕੱਤਰ (ਵਿਕਾਸ)-ਕਮ-ਉਪ ਕੁਲਪਤੀ ਪੀ.ਏ.ਯੂ. ਅਨਿਰੁਧ ਤਿਵਾੜੀ ਨੇ ਮੇਲੇ ਦੇ ਵਿਸ਼ੇ ਬਾਰੇ ਚਾਨਣਾ ਪਾਉਂਦੇ ਹੋਏ ਅਨਿਰੁਧ ਤਿਵਾੜੀ ਨੇ ਕਿਹਾ ਕਿ ਪੰਜਾਬ ਵਲੋਂ ਭਾਰਤ ਸਰਕਾਰ ਤੋਂ ਪਰਾਲੀ ਪ੍ਰਬੰਧਨ ਹਿੱਤ ਕਿਸਾਨਾਂ ਲਈ 100 ਰੁਪਏ ਪ੍ਰਤੀ ਕੁਇੰਟਲ ਦੀ ਸਹਾਇਤਾ ਮੰਗੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਨੇ ਨਿੱਜੀ ਤੌਰ ’ਤੇ ਪ੍ਰਧਾਨ ਮੰਤਰੀ ਕੋਲ ਕਈ ਵਾਰ ਇਹ ਮੁੱਦਾ ਚੁੱਕਿਆ ਹੈ।
ਪੀ.ਏ.ਯੂ. ਦੇ ਡਾਇਰੈਕਟਰ (ਐਕਸਟੈਂਸ਼ਨ ਐਜੂਕੇਸ਼ਨ) ਡਾ. ਜਸਕਰਨ ਸਿੰਘ ਮਾਹਲ ਨੇ ਕਿਸਾਨ ਮੇਲੇ ਵਿਚ ਦੇਸ਼ ਭਰ ਤੋਂ ਕਿਸਾਨ ਹਿੱਸਾ ਲੈਣ ਲਈ ਵਰਚੁਅਲੀ ਜੁੜੇ ਹਨ। ਉਨ੍ਹਾਂ ਅੱਗੇ ਦਸਿਆ ਕਿ ਇਸ ਕਿਸਾਨ ਮੇਲੇ ਦੇ ਅਸਰ ਨੂੰ ਵਿਆਪਕ ਬਣਾਉਣ ਲਈ ਇਸ ਦਾ ਸਿੱਧਾ ਪ੍ਰਸਾਰਨ ਅਤੇ ਕਿਸਾਨਾਂ ਨਾਲ ਯੂ ਟਿਊਬ ਅਤੇ ਫ਼ੇਸਬੁੱਕ ’ਤੇ ਗੱਲਬਾਤ ਨੂੰ ਯਕੀਨੀ ਬਣਾਇਆ ਗਿਆ ਹੈ। ਅਪਣੇ ਸੰਬੋਧਨ ਵਿੱਚ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਟੀ, ਲੁਧਿਆਣਾ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਮੇਲੇ ਨੂੰ ਕਿਸਾਨਾਂ ਦੇ ਹੱਕ ਵਿਚ ਇਕ ਅਹਿਮ ਮੰਚ ਦਸਿਆ। ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਇਕ ਲਿੰਕ ‘ਮਾਹਰਾਂ ਨਾਲ ਗੱਲ ਕਰੋ’ (ਸਵਾਲ ਤੁਹਾਡੇ ਜਵਾਬ ਅਸਾਡੇ) ਵੀ ਕਿਸਾਨਾਂ ਨਾਲ ਸਾਂਝਾ ਕੀਤਾ ਗਿਆ ਹੈ ਅਤੇ ਇਕ ਦੂਸਰਾ ਲਿੰਕ ਕਿਸਾਨਾਂ ਵਲੋਂ ਹਾਸਲ ਕੀਤੀਆਂ ਸਫ਼ਲਤਾਵਾਂ ਤੋਂ ਇਲਾਵਾ, ਸੈਲਫ਼ ਹੈਲਪ ਗਰੁੱਪਾਂ ਅਤੇ ਕਿਸਾਨ ਉਤਪਾਦਕ ਸੰਗਠਨਾਂ (ਐਫ਼.ਪੀ.ਓਜ਼) ਵੀ ਪੀ.ਏ.ਯੂ. ਦੇ ਟ੍ਰੇਨੀਆਂ ਦੁਆਰਾ ਚਲਾਇਆ ਜਾ ਰਿਹਾ ਹੈ।
Ldh_Parmod_17_4 & 4 1: Photos