MP ਰਵਨੀਤ ਬਿੱਟੂ ਦਾ PM ਮੋਦੀ ਨੂੰ ਪੱਤਰ, ਪੰਜਾਬ 'ਚ ਪੜ੍ਹਦੇ ਅਫ਼ਰੀਕੀ ਵਿਦਿਆਰਥੀਆਂ ਨੂੰ ਲੈ ਕੇ ਕਹੀ ਵੱਡੀ ਗੱਲ 

ਏਜੰਸੀ

ਖ਼ਬਰਾਂ, ਪੰਜਾਬ

ਸੂਬੇ ਦੇ ਵਿੱਦਿਅਕ ਅਦਾਰਿਆਂ ਵਿਚ ਨਸ਼ੀਲੇ ਪਦਾਰਥਾਂ ਦੀ ਖ਼ਪਤ ਵਧ ਰਹੀ ਹੈ - ਰਵਨੀਤ ਬਿੱਟੂ

Ravneet Bittu

 

ਲੁਧਿਆਣਾ : ਲੋਕ ਸਭਾ ਹਲਕਾ ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਜ ਚਿੱਠੀ ਲਿਖੀ ਹੈ। ਚਿੱਠੀ ਲਿਖ ਕੇ ਉਹਨਾਂ ਨੇ ਇਹ ਖ਼ਦਸ਼ਾ ਜਤਾਇਆ ਹੈ ਕਿ ਪੰਜਾਬ ਵਿਚ ਅਫ਼ਰੀਕੀ ਵਿਦਿਆਰਥੀਆਂ ਵੱਲੋਂ ਨਸ਼ਾ ਤਸਕਰੀ ਕੀਤੀ ਜਾਂਦੀ ਹੈ। ਉਹਨਾਂ ਨੇ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿਚ ਦਖਲ ਦੇ ਕਿ ਨਸ਼ਾ ਤਸਕਰੀ ਨੂੰ ਠੱਲ੍ਹ ਪਾਈ ਜਾਵੇ। 

ਅਪਣੇ ਪੱਤਰ 'ਚ ਸਾਂਸਦ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਹੋਰ ਵਿੱਦਿਅਕ ਅਦਾਰਿਆਂ 'ਚ ਵਿਦੇਸ਼ੀ ਵਿਦਿਆਰਥੀਆਂ, ਖਾਸ ਤੌਰ 'ਤੇ ਅਫ਼ਰੀਕੀ ਦੇਸ਼ਾਂ ਜਿਵੇਂ ਨਾਈਜੀਰੀਆ ਆਦਿ ਦੇ ਕੁੱਝ ਵਿਦਿਆਰਥੀਆਂ ਦੁਆਰਾ ਨਸ਼ਿਆਂ ਦਾ ਵਪਾਰ ਕੀਤਾ ਜਾ ਰਿਹਾ ਹੈ। ਇਸ ਕਾਰਨ ਸੂਬੇ ਦੇ ਵਿੱਦਿਅਕ ਅਦਾਰਿਆਂ ਵਿਚ ਨਸ਼ੀਲੇ ਪਦਾਰਥਾਂ ਦੀ ਖ਼ਪਤ ਵਧ ਰਹੀ ਹੈ।

ਰਵਨੀਤ ਬਿੱਟੂ ਨੇ ਕਿਹਾ ਕਿ ਪਹਿਲਾਂ ਪਾਕਿਸਤਾਨ ਨਾਲ ਲੱਗਦੀ ਸਰਹੱਦ ਹੈਰੋਇਨ ਦੀ ਸਪਲਾਈ ਲਈ ਇੱਕੋ-ਇਕ ਰਸਤਾ ਹੁੰਦਾ ਸੀ ਪਰ ਅੱਜ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ 'ਚ ਪੜ੍ਹਦੇ ਅਫ਼ਰੀਕੀ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਤਸਕਰੀ ਲਈ ਵਰਤ ਕੇ ਹੈਰੋਇਨ ਅਤੇ ਹੋਰ ਸਿੰਥੈਟਿਕ ਡਰੱਗਜ਼ ਦੀ ਸਪਲਾਈ ਵਧ ਰਹੀ ਹੈ। ਪੰਜਾਬ ਵਿਚ ਹਰ ਸਾਲ ਤਕਰੀਬਨ 600-700 ਅਫ਼ਰੀਕੀ ਵਿਦਿਆਰਥੀ ਵੱਖ-ਵੱਖ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ 'ਚ ਦਾਖ਼ਲਾ ਲੈਂਦੇ ਹਨ।

ਵਿਦਿਆਰਥਣਾਂ ਨੂੰ ਵੀ ਨਸ਼ਿਆਂ ਦੀ ਤਸਕਰੀ ਲਈ ਵਰਤਿਆ ਜਾ ਰਿਹਾ ਹੈ। ਕਈ ਮਾਮਲਿਆਂ 'ਚ ਇਹ ਦੇਖਿਆ ਗਿਆ ਹੈ ਕਿ ਇਹ ਭਾਰਤੀ ਵਿਦਿਆਰਥੀਆਂ ਦੇ ਨਾਲ ਰਹਿ ਕੇ ਉਨ੍ਹਾਂ ਨੂੰ ਨਸ਼ੇ ਦੇ ਕਾਰੋਬਾਰ 'ਚ ਫਸਾ ਲੈਂਦੇ ਹਨ। ਸਭ ਤੋਂ ਵੱਧ ਚਿੰਤਾ ਦੀ ਗੱਲ ਇਹ ਹੈ ਕਿ ਕਾਲਜਾਂ ਤੋਂ ਬਾਅਦ ਹੁਣ ਸਕੂਲਾਂ 'ਚ ਵੀ ਨਸ਼ਿਆਂ ਦੀ ਸਪਲਾਈ ਕੀਤੀ ਜਾ ਰਹੀ ਹੈ। 

ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਹੁਣ ਤੱਕ ਸੂਬੇ ਵਿਚ ਬਹੁਤ ਘੱਟ ਕੰਮ ਕੀਤਾ ਹੈ, ਜਿਸ ਕਾਰਨ ਪੰਜਾਬ 'ਚ ਨਸ਼ਿਆਂ ਦੀ ਸਮੱਸਿਆ ਹੋਰ ਵਧ ਗਈ ਹੈ। ਸੂਬਾ ਸਰਕਾਰ ਦੀ ਬੇਰੁਖ਼ੀ ਅਤੇ ਨਸ਼ਿਆਂ ਦੀ ਇਸ ਸਮੱਸਿਆ ਦਾ ਕੋਈ ਲੰਮਾ ਸਮਾਂ ਹੱਲ ਨਾ ਲੱਭਣ ਕਾਰਨ ਪੰਜਾਬ ਦੀ ਪੂਰੀ ਨੌਜਵਾਨ ਪੀੜ੍ਹੀ ਯੋਜਨਾਬੱਧ ਢੰਗ ਨਾਲ ਆਤਮ-ਵਿਨਾਸ਼ ਦੇ ਰਾਹ ਵੱਲ ਧੱਕੀ ਜਾ ਰਹੀ ਹੈ। ਇਸ ਲਈ ਸੂਬਾ ਤੇ ਕੇਂਦਰ ਸਰਕਾਰ ਨੂੰ ਰਲ਼ ਕੇ ਕੰਮ ਕਰਨ ਦੀ ਲੋੜ ਹੈ। ਵਿੱਦਿਅਕ ਅਦਾਰਿਆਂ ਵਿਚ ਅਜਿਹੀਆਂ ਸਰਗਰਮੀਆਂ 'ਤੇ ਤਿੱਖੀ ਨਜ਼ਰ ਰੱਖਣੀ ਚਾਹੀਦੀ ਹੈ। ਬਿੱਟੂ ਨੇ ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਨਿੱਜੀ ਤੌਰ 'ਤੇ ਮਾਮਲੇ ਵਿਚ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕਰਨ ਦੀ ਅਪੀਲ ਵੀ ਕੀਤੀ ਹੈ।