ਪੰਜਾਬ ਸਰਕਾਰ ਦੀ ਕੇਂਦਰ ਨੂੰ ਅਪੀਲ- ਆਦਮਪੁਰ, ਪਠਾਨਕੋਟ, ਸਾਹਨੇਵਾਲ ਅਤੇ ਬਠਿੰਡਾ ਤੋਂ ਮੁੜ ਸ਼ੁਰੂ ਕੀਤੀਆਂ ਜਾਣ ਘਰੇਲੂ ਉਡਾਣਾਂ
ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਦੇ ਨਾਲ ਮੁਹਾਲੀ ਦਾ ਨਾਂਅ ਜੋੜਨ ਦੀ ਮੰਗ ਚੁੱਕੀ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਭਾਰਤ ਸਰਕਾਰ ਨੂੰ ਆਦਮਪੁਰ (ਜਲੰਧਰ), ਪਠਾਨਕੋਟ, ਸਾਹਨੇਵਾਲ ਅਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਦੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਉਡਾਨ, ਕ੍ਰਿਸ਼ੀ ਉਡਾਨ, ਹਵਾਬਾਜ਼ੀ ਸੁਰੱਖਿਆ, ਹਵਾਈ ਅੱਡਿਆਂ ਦੇ ਵਿਕਾਸ, ਗ੍ਰੀਨਫੀਲਡ ਹਵਾਈ ਅੱਡਿਆਂ, ਹੈਲੀਪੋਰਟਾਂ ਅਤੇ ਵਾਟਰ ਏਅਰੋਡ੍ਰੋਮਾਂ ਦੇ ਵਿਕਾਸ ਸਬੰਧੀ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਇਕ ਇੰਟਰਐਕਟਿਵ ਸੈਸ਼ਨ ਵਿਚ ਹਿੱਸਾ ਲਿਆ।
ਉਹਨਾਂ ਕਿਹਾ ਕਿ ਕੋਰੋਨਾ ਸੰਕਟ ਦੌਰਾਨ ਇਹਨਾਂ ਹਵਾਈ ਅੱਡਿਆਂ ਤੋਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਇਸ ਨਾਲ ਇਲਾਕੇ ਦੇ ਹਵਾਈ ਸੰਪਰਕ ਨੂੰ ਵੱਡਾ ਝਟਕਾ ਲੱਗਾ ਹੈ, ਜਿਸ ਕਾਰਨ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਮੁੱਖ ਸਕੱਤਰ ਭੰਡਾਰੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਹਨਾਂ ਹਵਾਈ ਅੱਡਿਆਂ ਤੋਂ ਤੁਰੰਤ ਉਡਾਣਾਂ ਸ਼ੁਰੂ ਕਰਨੀਆਂ ਚਾਹੀਦੀਆਂ ਹਨ।
ਪ੍ਰਮੁੱਖ ਸਕੱਤਰ ਨੇ ਭਾਰਤ ਸਰਕਾਰ ਨੂੰ ਹਲਵਾਰਾ ਹਵਾਈ ਅੱਡੇ 'ਤੇ ਸਿਵਲ ਟਰਮੀਨਲ ਦੇ ਨਿਰਮਾਣ ਵਿਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਪ੍ਰਮੁੱਖ ਸਕੱਤਰ ਨੇ ਅਫਸੋਸ ਪ੍ਰਗਟ ਕੀਤਾ ਕਿ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਚੰਡੀਗੜ੍ਹ ਦਾ ਟਰਮੀਨਲ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਚ ਪੈਂਦੀ ਜ਼ਮੀਨ ’ਤੇ ਬਣਿਆ ਹੈ ਪਰ ਹਵਾਈ ਅੱਡੇ ਦੇ ਨਾਂਅ ’ਤੇ ਮੁਹਾਲੀ ਦਾ ਨਾਂਅ ਗਾਇਬ ਹੈ।
ਉਹਨਾਂ ਭਾਰਤ ਸਰਕਾਰ ਨੂੰ ਜਾਣੂ ਕਰਵਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਇਸ ਹਵਾਈ ਅੱਡੇ ਦੇ ਨਾਂਅ ਵਿਚ ਮੁਹਾਲੀ ਸ਼ਹਿਰ ਦਾ ਨਾਂਅ ਸ਼ਾਮਲ ਨਾ ਕਰਨ ’ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰ ਚੁੱਕੇ ਹਨ। ਉਹਨਾਂ ਕਿਹਾ ਕਿ ਇਸ ਜਾਇਜ਼ ਮੰਗ ਵੱਲ ਧਿਆਨ ਦਿੱਤਾ ਜਾਵੇ ਤਾਂ ਜੋ ਪੰਜਾਬੀਆਂ ਦੀ ਚਿਰੋਕਣੀ ਮੰਗ ਪੂਰੀ ਹੋ ਸਕੇ। ਪ੍ਰਮੁੱਖ ਸਕੱਤਰ ਨੇ ਇਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵੀ ਮੰਗ ਕੀਤੀ।