‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ 717 ਗ੍ਰਾਮ ਹੈਰੋਇਨ ਤੇ 44 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

‘War on Drugs’: Punjab Police arrests 59 drug smugglers with 717 grams of heroin and drug money worth Rs 44,000

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 231ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 322 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 43 ਐਫਆਈਆਰਜ਼ ਦਰਜ ਕਰਕੇ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 231 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,405 ਹੋ ਗਈ ਹੈ।  

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 717 ਗ੍ਰਾਮ ਹੈਰੋਇਨ, 557 ਗ੍ਰਾਮ ਅਫੀਮ, 320 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 44,680 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 55 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 322 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 323 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।  

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।