EVM ਵਾਲੇ ਬਿਆਨ 'ਤੇ BJP ਦਾ ਜਵਾਬ, 'ਨੌਕਰੀ ਬਚਾਉਣ ਲਈ ਅਜਿਹੇ ਬਿਆਨ ਦੇ ਰਹੇ ਜਥੇਦਾਰ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗਿਆਨੀ ਹਰਪ੍ਰੀਤ ਸਿੰਘ ਦੇ ਈਵੀਐਮ ਵਾਲੇ ਬਿਆਨ 'ਤੇ ਭੜਕੀ ਭਾਜਪਾ

Harjeet Singh Grewal

ਅੰਮ੍ਰਿਤਸਰ: ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ 'ਕੇਂਦਰ ਦੀ ਸਰਕਾਰ ਈਵੀਐਮ ਦੀ ਸਰਕਾਰ ਹੈ। 

ਉਹਨਾਂ ਦੇ ਇਸ ਬਿਆਨ 'ਤੇ ਭਾਜਪਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਹਨਾਂ ਨੂੰ ਜਵਾਬ ਦਿੰਦਿਆਂ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਉਹਨਾਂ ਨੂੰ ਜਥੇਦਾਰ ਕੋਲੋਂ ਕਿਸੇ ਵੀ ਸਰਟੀਫਿਕੇਟ ਦੀ ਲੋੜ ਨਹੀਂ ਹੈ। ਭਾਜਪਾ ਆਗੂ ਨੇ ਕਿਹਾ ਕਿ ਜਥੇਦਾਰ ਮਾਨਸਿਕ ਤੌਰ 'ਤੇ ਬਿਮਾਰ ਨਜ਼ਰ ਆ ਰਹੇ ਹਨ।

ਹਰਜੀਤ ਗਰੇਵਾਲ ਨੇ ਕਿਹਾ ਕਿ ਅਪਣੀ ਨੌਕਰੀ ਬਚਾਉਣ ਲਈ ਜਥੇਦਾਰ ਅਜਿਹੀਆਂ ਬਿਆਨਬਾਜ਼ੀਆਂ ਕਰ ਰਹੇ ਹਨ।  ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਅੱਧੇ ਸਿੱਖ ਹਰਪ੍ਰੀਤ ਸਿੰਘ ਨੂੰ ਜਥੇਦਾਰ ਨਹੀਂ ਮੰਨਦੇ।  ਭਾਜਪਾ ਆਗੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਘਬਰਾਇਆ ਹੋਇਆ, ਇਸ ਲਈ ਜਥੇਦਾਰ ਕੋਲੋਂ ਅਜਿਹੇ ਬਿਆਨ ਦਿਵਾਏ ਜਾ ਰਹੇ ਹਨ।

ਉਹਨਾਂ ਕਿਹਾ ਕਿ ਜਥੇਦਾਰ ਦੇ ਬਿਆਨ ਨਾਲ ਭਾਜਪਾ ਨੂੰ ਕੋਈ ਫਰਕ ਨਹੀਂ ਪਵੇਗਾ। ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਮੌਜੂਦਾ ਕੇਂਦਰ ਸਰਕਾਰ ਸਿੱਖਾਂ ਦੀ ਹਮਦਰਦ ਨਹੀਂ ਹੈ।

ਉਹਨਾਂ ਕਿਹਾ ਸੀ ਕਿ ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਸਾਰੇ ਗੁਰਦਵਾਰਾ ਸਾਹਿਬਾਨ ਦਾ ਪ੍ਰਬੰਧ ਉਸ ਦੇ ਕੰਟਰੋਲ ਵਾਲੇ ਟਰੱਸਟਾਂ ਨੂੰ ਸੌਂਪਣਾ ਚਾਹੁੰਦੀ ਹੈ ਜਿਵੇਂ ਉਹ ਮੰਦਰਾਂ ਦਾ ਸੰਭਾਲ ਰਹੀ ਹੈ ਪਰ ਸ਼੍ਰੋਮਣੀ ਕਮੇਟੀ ਤਾਂ ਇਕ ਰਾਜ ਵਿਚ ਅਪਣੇ ਆਪ ਵਿਚ ਰਾਜ ਹੈ। ਉਹਨਾਂ ਕਿਹਾ ਕਿ ਖੁਦਮੁਖਤਿਆਰ ਸੰਸਥਾ ਹੋਣ ਕਾਰਨ ਸ਼੍ਰੋਮਣੀ ਕਮੇਟੀ ਹਮੇਸ਼ਾਂ ਤੋਂ ਸਰਕਾਰਾਂ ਨੂੰ ਚੁਭਦੀ ਰਹੀ ਹੈ।