ਅਡਾਨੀ ਤੇ ਅੰਬਾਨੀ ਗੈਂਗ ਦੇ ਹੀ ਮੈਂਬਰ ਹਨ ਕੈਪਟਨ ਅਮਰਿੰਦਰ ਤੇ ਪ੍ਰਕਾਸ਼ ਸਿੰਘ ਬਾਦਲ-ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਪਟਨ ਅਮਰਿੰਦਰ ਵੱਲੋਂ ਕਾਰਪੋਰੇਟ ਘਰਾਣਿਆਂ ਲਈ ਜਾਗੇ ਹੇਜ ਨੇ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਲਿਆਂਦਾ-ਭਗਵੰਤ ਮਾਨ

CM Amarinder Singh,Parkash singh badal And Bhagwant Mann

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਾਰਪੋਰੇਟ ਘਰਾਣਿਆਂ ਲਈ ਜਾਗੇ ਹੇਜ ਨੇ ਉਨ੍ਹਾਂ ਦੀ ਅਸਲੀਅਤ ਸਾਹਮਣੇ ਲਿਆ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਹੈੱਡਕੁਆਟਰ ਤੋਂ ਜਾਰੀ ਇੱਕ ਬਿਆਨ ਵਿਚ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਪੋਰੇਟ ਦੇ ਵਿਰੁੱਧ ਨਾ ਹੋਣ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ।

ਮਾਨ ਨੇ ਕਿਹਾ ਕਿ ਜਦੋਂ ਕਿਸਾਨ ਆਪਣੀ ਜ਼ਮੀਨ ਨੂੰ ਬਚਾਉਣ ਲਈ ਕਾਰਪੋਰੇਟ ਘਰਾਣਿਆਂ ਵਿਰੁੱਧ ਲੜੇ ਰਹੇ ਹਨ ਤਾਂ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਹ ਕਹਿ ਰਹੇ ਹਨ ਕਿ ਉਹ ਕਾਰਪੋਰੇਟਸ ਦੇ ਵਿਰੁੱਧ ਨਹੀਂ ਹਨ, ਇਸ ਨਾਲ ਉਨ੍ਹਾਂ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ। ਮਾਨ ਨੇ ਕਿਹਾ ਕਿ ਜਦੋਂ ਆਪਣੀ ਮਾਂ ਭਾਵ ਜ਼ਮੀਨ ਬਚਾਉਣ ਲਈ ਪੰਜਾਬ ਦਾ ਬੱਚਾ-ਬੱਚਾ, ਨੌਜਵਾਨ, ਬਜ਼ੁਰਗ, ਮਾਵਾਂ ਠੰਢ ਦੇ ਮੌਸਮ ਵਿਚ ਖੁੱਲ੍ਹੀ ਛੱਤ ਹੇਠ ਰਾਤ ਕੱਟ ਕੇ ਸੰਘਰਸ਼ ਕਰ ਰਹੇ ਹਨ, ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਜਿਹਾ ਬਿਆਨ ਦੇਣਾ ਪੰਜਾਬ ਦੇ ਲੋਕਾਂ ਨਾਲ ਗ਼ੱਦਾਰੀ ਕਰਨ ਦੇ ਬਰਾਬਰ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਉੱਪਰ ਵਾਰੀ ਵਾਰੀ ਰਾਜ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਅਸਲ ਵਿਚ ਲੋਕਾਂ ਦੀ ਬਜਾਏ ਵੱਡੇ ਘਰਾਣਿਆਂ ਦੇ ਲਈ ਹੀ ਕੰਮ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਰਿਵਾਰ ਆਪ ਇੱਕ ਧਨਾਢ ਪਰਿਵਾਰ ਨਾਲ ਸਬੰਧ ਰੱਖਦੇ ਹਨ, ਜਿਨ੍ਹਾਂ ਨੇ ਲੋਕਾਂ ਦੇ ਖ਼ੂਨ ਪਸੀਨੇ ਦੀ ਕਮਾਈ ਨੂੰ ਕਿਸੇ ਨਾ ਕਿਸੇ ਢੰਗ ਨਾਲ ਲੁੱਟਿਆ ਹੈ, ਇਹ ਦੋਵੇਂ ਧਨਾਢ ਪਰਿਵਾਰ ਅਡਾਨੀ ਤੇ ਅੰਬਾਨੀ ਗੈਂਗ ਦੇ ਹੀ ਮੈਂਬਰ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਕਿਸਾਨਾਂ ਦੇ ਸੰਘਰਸ਼ਾਂ ਦੇ ਚੱਲਣ ਕਾਰਨ ਕੇਂਦਰ ਦੀ ਮੋਦੀ ਸਰਕਾਰ ਨੇ ਮਾਲ ਗੱਡੀਆਂ ਬੰਦ ਕਰ ਕੇ ਪੰਜਾਬ ਦੀ ਆਰਥਿਕ ਰੀੜ੍ਹ ਦੀ ਹੱਡੀ ਨੂੰ ਤੋੜਨ ਦਾ ਕੰਮ ਕਰ ਰਹੀ ਹੈ, ਇਸ ਦੇ ਬਾਵਜੂਦ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੁੱਧ ਸੰਘਰਸ਼ ਦੇ ਮੈਦਾਨ ਵਿਚ ਡੱਟੇ ਹੋਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਸਭ ਤੋਂ ਪਹਿਲਾਂ ਆਪਣੇ ਸੂਬੇ ਵਿਚ ਲਾਗੂ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਸਭ ਇੱਕ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਕਿਹਾ ਕਿ ਅਬੋਹਰ ਵਿਚ ਇਨ੍ਹਾਂ ਕੇਂਦਰੀ ਕਾਨੂੰਨਾਂ ਦਾ ਹਵਾਲਾ ਦਿੰਦਿਆਂ ਮੰਡੀ ਫ਼ੀਸ ਉੱਤੇ ਦਿੱਤੀ ਛੋਟ ਇਹ ਸਿੱਧ ਕਰਦੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਦੇ ਕਾਲੇ ਕਾਨੂੰਨਾਂ ਨੂੰ ਪੰਜਾਬ ਵਿਚ ਲਾਗੂ ਕਰ ਦਿੱਤਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਚੁਣਿਆ ਹੈ ਨਾ ਕਿ ਕਾਰਪੋਰੇਟ ਘਰਾਣਿਆ ਨੇ। ਉਨ੍ਹਾਂ ਕੈਪਟਨ ਸਾਹਿਬ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਕੈਪਟਨ ਸਾਹਿਬ ਲੋਕਾਂ ਦੇ ਹੱਕਾਂ ਲਈ ਕੰਮ ਕਰੋ ਨਾ ਕਿ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਲਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਹਿੱਤਾਂ ਦੀ ਲੜਾਈ ਲੜ ਰਹੀ ਹੈ, ਜੇਕਰ ਕੈਪਟਨ ਸਾਹਿਬ ਨੇ ਲੋਕਾਂ ਦੇ ਵਿਰੁੱਧ ਹੋਰ ਮਾਰੂ ਫ਼ੈਸਲੇ ਲਏ ਤਾਂ ਹਰ ਪੱਧਰ ਉੱਤੇ ਵਿਰੋਧ ਕੀਤਾ ਜਾਵੇਗਾ।