ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸੰਗਤਾਂ ਦਾ ਜਥਾ ਰਵਾਨਾ

ਏਜੰਸੀ

ਖ਼ਬਰਾਂ, ਪੰਜਾਬ

ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸੰਗਤਾਂ ਦਾ ਜਥਾ ਰਵਾਨਾ

image

ਅੰਮ੍ਰਿਤਸਰ, 17 ਨਵੰਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 855 ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ। 
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਜਥੇ ਦੀ ਅਗਵਾਈ ਕਰ ਰਹੇ ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਬਲਵਿੰਦਰ ਸਿੰਘ ਵੇਈਂਪੂਈਂ, ਬੀਬੀ ਰਵਿੰਦਰ ਕੌਰ ਅਜਰਾਣਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਉ ਦਿਤੇ। ਕੋਰੋਨਾ ਕਾਰਨ ਦੇਰ ਬਾਅਦ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਰਿਹਾ ਹੈ ਅਤੇ ਜਥੇ ਦੇ ਹਰ ਮੈਂਬਰ ਅੰਦਰ ਗੁਰਧਾਮਾਂ ਦੀ ਯਾਤਰਾ ਪ੍ਰਤੀ ਉਤਸ਼ਾਹ ਹੈ। ਪਾਕਿਸਤਾਨ ਦੂਤਾਵਾਸ ਨੂੰ ਹਰ ਸ਼ਰਧਾਲੂ ਨੂੰ ਵੀਜ਼ਾ ਜਾਰੀ ਕਰਨਾ ਚਾਹੀਦਾ ਹੈ, ਕਿਉਂਕਿ ਵੀਜ਼ਾ ਨਾ ਮਿਲਣ ਕਰ ਕੇ ਸੰਗਤਾਂ ਅੰਦਰ ਨਿਰਾਸ਼ਾ ਪੈਦਾ ਹੁੰਦੀ ਹੈ। 19 ਨਵੰਬਰ ਨੂੰ ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਮਗਰੋਂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਆਦਿ ਗੁਰਧਾਮਾਂ ਦੇ ਦਰਸ਼ਨ ਕਰੇਗਾ। ਇਹ ਜਥਾ 26 ਨਵੰਬਰ ਨੂੰ ਵਾਪਸ ਦੇਸ਼ ਪਰਤੇਗਾ।