ਸਿੱਧੂ ਨੂੰ ਮਿਲੀ ਇਜਾਜ਼ਤ, 20 ਨਵੰਬਰ ਨੂੰ ਹੋਣਗੇ ਸ੍ਰੀ ਨਨਕਾਣਾ ਸਾਹਿਬ ਨਤਮਸਤਕ 

ਏਜੰਸੀ

ਖ਼ਬਰਾਂ, ਪੰਜਾਬ

ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਹੁਣ 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਕਰਨਗੇ।

Navjot singh sidhu (File photo)

ਚੰਡੀਗੜ੍ਹ : ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਪੂਰੀ ਕੈਬਨਿਟ ਨਾਲ ਮੱਥਾ ਟੇਕਣ ਲਈ ਪਹੁੰਚੇ ਹੋਏ ਹਨ। ਹਾਲਾਂਕਿ ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੱਜ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਨਹੀਂ ਮਿਲੀ ਹੈ। ਦੱਸ ਦੇਈਏ ਕਿ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਬੰਦ ਕੀਤੇ ਗਏ ਕਰਤਾਰਪੁਰ ਸਾਹਿਬ ਨੂੰ ਕਰੀਬ 20 ਮਹੀਨਿਆਂ ਬਾਅਦ ਖੋਲ੍ਹਿਆ ਗਿਆ ਹੈ।

ਨਵਜੋਤ ਸਿੰਘ ਸਿੱਧੂ ਨੂੰ ਅੱਜ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਨਹੀਂ ਦਿਤੀ ਗਈ ਕਿਉਂਕਿ ਉਨ੍ਹਾਂ ਦੇ ਦਸਤਾਵੇਜ਼ਾਂ ਦਾ ਕੰਮ ਅਜੇ ਪੂਰਾ ਨਹੀਂ ਹੋਇਆ ਸੀ।

ਕਾਗ਼ਜ਼ੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਸਿੱਧੂ ਨੂੰ 20 ਨਵੰਬਰ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲ ਗਈ ਹੈ। ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਹੁਣ 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਕਰਨਗੇ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਪਹੁੰਚਣ 'ਤੇ ਹਾਈ ਪ੍ਰੋਟੋਕੋਲ ਦਿਤਾ ਜਾਵੇਗਾ ਅਤੇ 20 ਨਵੰਬਰ ਨੂੰ ਕਰਤਾਰਪੁਰ ਪਹੁੰਚਣ 'ਤੇ ਵੱਡੇ ਪ੍ਰਬੰਧ ਕੀਤੇ ਗਏ ਹਨ। ਪਾਕਿਸਤਾਨ ਦੇ ਪੰਜਾਬ ਸੂਬੇ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਉਨ੍ਹਾਂ ਦਾ ਸਵਾਗਤ ਕਰਨ ਲਈ ਭਾਰਤ-ਪਾਕਿਸਤਾਨ ਸਰਹੱਦ 'ਤੇ ਗਲਿਆਰੇ 'ਤੇ ਜਾ ਸਕਦੇ ਹਨ।

ਸੂਤਰ ਦੱਸਦੇ ਹਨ ਕਿ ਸਿੱਧੂ ਲਈ ਸਟੇਜ ਵੀ ਤਿਆਰ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਕਰਤਾਰਪੁਰ ਫੇਰੀ ਧਾਰਮਿਕ ਤੋਂ ਵੱਧ ਸਿਆਸੀ ਹੋਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਕਰਤਾਰਪੁਰ ਲਾਂਘਾ 16 ਮਾਰਚ ਨੂੰ ਬੰਦ ਕਰ ਦਿੱਤੋ ਗਿਆ ਸੀ ਜਿਸ ਨੂੰ ਹੁਣ ਦੁਬਾਰਾ 20 ਮਹੀਨਿਆਂ ਬਾਅਦ ਖੋਲ੍ਹਿਆ ਗਿਆ ਹੈ। ਇਸ ਦੇ ਚਲਦਿਆਂ ਸਾਰੀਆਂ ਸੰਗਤਾਂ ਵਿਚ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।