ਅਕਾਲੀ ਦਲ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ, ਕੁੱਝ ਆਗੂ ਗੁੰਮਰਾਹ ਕਰ ਰਹੇ ਨੇ - ਅਸ਼ਵਨੀ ਸ਼ਰਮਾ 

ਏਜੰਸੀ

ਖ਼ਬਰਾਂ, ਪੰਜਾਬ

ਜਦੋਂ ਪੰਜਾਬ 'ਚ ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕੀਤਾ ਸੀ ਉਸ ਸਮੇਂ ਇਹ ਸੂਬੇ ਦੀ ਲੋੜ ਸੀ। 

Ashwani Kumar Sharma

 

ਚੰਡੀਗੜ੍ਹ  : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਕਾਲੀ ਆਗੂਆਂ ਵੱਲੋਂ  ਪੰਜਾਬ 'ਚ ਭਾਰਤੀ ਜਨਤਾ ਪਾਰਟੀ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਲਈ ਕੀਤੇ ਜਾ ਰਹੇ ਪ੍ਰਚਾਰ ’ਤੇ ਬਿਆਨ ਦਿੱਤਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੁੱਝ ਆਗੂ ਪੰਜਾਬ 'ਚ ਆਪਣੀ ਸਾਖ ਬਚਾਉਣ ਲਈ ਝੂਠੇ ਬਿਆਨ ਦੇ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ 'ਚ ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕੀਤਾ ਸੀ ਉਸ ਸਮੇਂ ਇਹ ਸੂਬੇ ਦੀ ਲੋੜ ਸੀ। 

ਸੂਬੇ ਦੇ ਹਾਲਾਤ ਦੇ ਮੱਦੇਨਜ਼ਰ ਅਤੇ ਪੰਜਾਬ ਦੀ ਹਿੰਦੂ-ਸਿੱਖ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਭਾਜਪਾ ਨੇ ਉਹ ਘਾਟੇ ਵਾਲਾ ਸੌਦਾ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜੋ ਵੀ ਗਠਜੋੜ ਸੀ, ਉਹ ਚੰਗਾ ਸੀ ਪਰ ਹੁਣ ਜਨਤਾ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਪਾਰਟੀ ਪੰਜਾਬ 'ਚ ਇੱਕ ਮਜ਼ਬੂਤ ਵਿਰੋਧੀ ਧਿਰ ਵਜੋਂ ਉਭਰ ਰਹੀ ਹੈ।