ਪੰਜਾਬ ਵਿਧਾਨ ਸਭਾ ਵੱਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ 'ਚ ਵਾਧੇ ਬਾਰੇ ਮੀਡੀਆ ਰਿਪੋਰਟਾਂ ਬੇਬੁਨਿਆਦ ਕਰਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਵਿਧਾਇਕਾਂ ਦੀ ਤਨਖ਼ਾਹ ਵਿੱਚ ਵਾਧਾ ਕੀਤੇ ਜਾਣ ਬਾਰੇ ਮੀਡੀਆ ਦੇ ਇਕ ਹਿੱਸੇ ਵੱਲੋਂ ਪ੍ਰਕਾਸ਼ਿਤ ਕੀਤੀਆਂ ਜਾ ਰਹੀਆਂ ਖ਼ਬਰਾਂ ਨੂੰ ਮਨਘੜਤ ਤੇ...

ਪੰਜਾਬ ਦੇ ਵਿਧਾਇਕਾਂ ਦੀਆਂ ਤਨਖ਼ਾਹਾਂ ਵਿਚ ਵਾਧਾ

ਚੰਡੀਗੜ (ਸ.ਸ.ਸ) : ਪੰਜਾਬ ਦੇ ਵਿਧਾਇਕਾਂ ਦੀ ਤਨਖ਼ਾਹ ਵਿੱਚ ਵਾਧਾ ਕੀਤੇ ਜਾਣ ਬਾਰੇ ਮੀਡੀਆ ਦੇ ਇਕ ਹਿੱਸੇ ਵੱਲੋਂ ਪ੍ਰਕਾਸ਼ਿਤ ਕੀਤੀਆਂ ਜਾ ਰਹੀਆਂ ਖ਼ਬਰਾਂ ਨੂੰ ਮਨਘੜਤ ਤੇ ਆਧਾਰਹੀਣ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਵਿਧਾਇਕਾਂ ਦੀ ਤਨਖ਼ਾਹ ਵਿੱਚ ਅਜੇ ਤੱਕ ਕੋਈ ਵਾਧਾ ਨਹੀਂ ਕੀਤਾ ਗਿਆ ਅਤੇ ਇਹ ਮਾਮਲਾ ਅਜੇ ਆਮ ਮੰਤਵਾਂ ਸਬੰਧੀ ਕਮੇਟੀ ਦੇ ਜ਼ੇਰੇ ਗ਼ੌਰ ਹੈ। ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਅਗਵਾਈ ਹੇਠਲੀ ਆਮ ਮੰਤਵਾਂ ਸਬੰਧੀ 20 ਮੈਂਬਰੀ ਕਮੇਟੀ ਨੇ ਵਿਧਾਇਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਆਪਣੀ ਪੰਜ ਮੈਂਬਰੀ ਸਬ-ਕਮੇਟੀ ਨੂੰ ਰਿਪੋਰਟ ਦੇਣ ਲਈ ਕਿਹਾ ਸੀ।


ਇਸ ਸਬ-ਕਮੇਟੀ ਨੇ ਵਿਚਾਰ-ਵਟਾਂਦਰੇ ਬਾਅਦ ਵਿਧਾਨ ਸਭਾ ਦੀ ਆਮ ਮੰਤਵਾਂ ਸਬੰਧੀ ਕਮੇਟੀ ਨੂੰ ਅਜੇ ਮਹਿਜ਼ ਰਿਪੋਰਟ ਸੌਂਪੀ ਹੈ, ਜਿਸ ਨੂੰ ਆਧਾਰ ਬਣਾ ਕੇ ਮੀਡੀਆ ਦੇ ਇਕ ਹਿੱਸੇ ਵੱਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ 'ਦੁੱਗਣੀਆਂ' ਕਰ ਦਿੱਤੇ ਜਾਣ ਬਾਰੇ ਬੇਬੁਨਿਆਦ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ। ਬੁਲਾਰੇ ਨੇ ਦੱਸਿਆ ਕਿ ਸਬ-ਕਮੇਟੀ ਦੀ ਇਸ ਰਿਪੋਰਟ 'ਤੇ ਹਾਲੇ ਆਮ ਮੰਤਵਾਂ ਸਬੰਧੀ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ ਅਤੇ ਆਪਣੀਆਂ ਸਿਫ਼ਾਰਸ਼ਾਂ ਪੰਜਾਬ ਸਰਕਾਰ ਕੋਲ ਭੇਜੀਆਂ ਜਾਣਗੀਆਂ, ਜਿਸ 'ਤੇ ਸਰਕਾਰ ਵੱਲੋਂ ਹੀ ਕੋਈ ਅੰਤਿਮ ਫ਼ੈਸਲਾ ਲਿਆ ਜਾਵੇਗਾ।