ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੀਆਂ 13276 ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਨੇ ਤੇਜ਼ੀ ਫੜ ਲਈ ਹੈ। 17 ਦਸੰਬਰ 2018 ਤੱਕ ਸਰਪੰਚਾਂ....

ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ

ਚੰਡੀਗੜ੍ਹ (ਸ.ਸ.ਸ) : ਪੰਜਾਬ ਦੀਆਂ 13276 ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਨੇ ਤੇਜ਼ੀ ਫੜ ਲਈ ਹੈ। 17 ਦਸੰਬਰ 2018 ਤੱਕ ਸਰਪੰਚਾਂ ਦੇ ਅਹੁਦਿਆਂ ਲਈ 2494 ਅਤੇ ਪੰਚਾਂ ਦੇ ਅਹੁਦਿਆਂ ਲਈ 5772 ਨਾਮਜ਼ਦਗੀ ਪੱਤਰ ਦਾਖ਼ਲ ਹੋਏ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 19 ਦਸੰਬਰ 2018 ਹੈ। ਰਾਜ ਚੋਣ ਕਮਿਸ਼ਨਰ, ਪੰਜਾਬ ਦੇ ਤਰਜਮਾਨ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਦਸੰਬਰ 2018 ਨੂੰ ਹੋਵੇਗੀ, ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 21 ਦਸੰਬਰ ਹੈ। ਇਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕੀਤੇ ਜਾਣਗੇ।


ਵੋਟਾਂ 30 ਦਸੰਬਰ 2018 ਨੂੰ ਸਵੇਰੇ 8 ਤੋਂ ਸ਼ਾਮੀਂ 4 ਵਜੇ ਤੱਕ ਪੈਣਗੀਆਂ ਅਤੇ ਇਸੇ ਦਿਨ ਵੋਟਾਂ ਪੈਣ ਤੋਂ ਬਾਅਦ ਗਿਣਤੀ ਹੋਵੇਗੀ। ਉਨਾਂ ਕਿਹਾ ਕਿ ਸੂਬੇ ਦੀਆਂ 13276 ਪੰਚਾਇਤਾਂ ਲਈ 13276 ਸਰਪੰਚ ਅਤੇ 83831 ਪੰਚ ਚੁਣੇ ਜਾਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਕੁੱਲ 1,27,87395 ਰਜਿਸਟਰਡ ਵੋਟਰ ਹਨ, ਜਿਨਾਂ ਵਿੱਚ 6688245 ਪੁਰਸ਼, 6066245 ਔਰਤਾਂ ਅਤੇ 97 ਵੋਟਰ ਤੀਜੇ ਲਿੰਗ ਦੇ ਹਨ। ਕਮਿਸ਼ਨ ਨੇ 17268 ਚੋਣ ਬੂਥ ਸਥਾਪਤ ਕੀਤੇ ਹਨ ਅਤੇ 86340 ਮੁਲਾਜ਼ਮਾਂ ਨੂੰ ਚੋਣ ਡਿਊਟੀ ਉਤੇ ਲਾਇਆ ਜਾਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਸਰਪੰਚ ਦੀ ਚੋਣ ਲੜ ਰਹੇ ਉਮੀਦਵਾਰ ਲਈ ਖਰਚ ਦੀ ਹੱਦ 30 ਹਜ਼ਾਰ ਅਤੇ ਪੰਚ ਦੀ ਚੋਣ ਲੜਨ ਵਾਲਿਆਂ ਲਈ 20 ਹਜ਼ਾਰ ਰੁਪਏ ਤੈਅ ਕੀਤੀ ਗਈ ਹੈ।