ਪੰਜਾਬ ਸਰਕਾਰ ਦੇ ਕੰਮਾਂ ਦੇ ਮੁਰੀਦ ਹੋਏ ਕਪੂਰਥਲਾ ਵਾਸੀ, ਕੀਤੀਆਂ ਦਿਲ ਖੋਲ੍ਹ ਕੇ ਤਰੀਫ਼ਾਂ
ਬਿਜਲੀ ਬਿੱਲ ਮਾਫ ਹੋਣ ਨਾਲ ਲੋਕਾਂ ਨੂੰ ਆਇਆ ਸੁੱਖ ਦਾ ਸਾਹ
ਕਪੂਰਥਲਾ (ਚੰਦਰ ਮਾਰੀਆ): ਪੰਜਾਬ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਮਹਿੰਗੇ ਬਿਜਲੀ ਬਿੱਲਾਂ ਤੋਂ ਰਾਹਤ ਦੇਣ ਲਈ 2 ਕਿਲੋਵਾਟ ਤੱਕ ਦੇ ਲੋਡ ਵਾਲੇ ਘਰੇਲੂ ਬਿਜਲੀ ਖਪਤਕਾਰਾਂ ਦੇ ਬਕਾਏ ਮਾਫ਼ ਕਰਕੇ ਉਹਨਾਂ ਨੂੰ ਸੁੱਖ ਦਾ ਸਾਹ ਦਿੱਤਾ ਹੈ। 2 ਕਿਲੋਵਾਟ ਤੱਕ ਵਾਲੇ ਘਰੇਲੂ ਖਪਤਕਾਰਾਂ ਦੇ ਬਕਾਏ ਮਾਫ ਕਰਨ ਨਾਲ 20 ਲੱਖ ਪਰਿਵਾਰਾਂ ਨੂੰ 1500 ਕਰੋੜ ਰੁਪਏ ਦੀ ਰਾਹਤ ਮਿਲੀ।
ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਕਪੂਰਥਲਾ ਦੇ ਲੋਕ ਬਹੁਤ ਖੁਸ਼ ਹਨ। ਪੰਜਾਬ ਸਰਕਾਰ ਦੇ ਫ਼ੈਸਲਿਆਂ ਅਤੇ ਕੰਮਾਂ ਦੇ ਮੁਰੀਦ ਹੋਏ ਲੋਕਾਂ ਨੇ ਮੁੱਖ ਮੰਤਰੀ ਚੰਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਹਿੰਗਾਈ ਦੇ ਦੌਰ ਵਿਚ ਗਰੀਬ ਇਨਸਾਨ ਨੂੰ ਦੋ ਵਕਤ ਦੀ ਰੋਟੀ ਵੀ ਮੁਸ਼ਕਿਲ ਨਾਲ ਨਸੀਬ ਹੁੰਦੀ ਹੈ, ਅਜਿਹੇ ਵਿਚ ਮਹਿੰਗੇ ਬਿਜਲੀ ਬਿੱਲਾਂ ਨੂੰ ਭਰਨਾ ਉਹਨਾਂ ਦੇ ਵਸ ਦੀ ਗੱਲ ਨਹੀਂ ਸੀ। ਉਹਨਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਵਿਚ 1500 ਕਰੋੜ ਰੁਪਏ ਦੇ ਬਿਜਲੀ ਦੇ ਬਿੱਲਾਂ ਦੇ ਬਕਾਏ ਮਾਫ ਕੀਤੇ ਗਏ ਹਨ ਅਤੇ ਬਿਜਲੀ 3 ਰੁਪਏ ਪ੍ਰਤੀ ਯੂਨਿਟ ਸਸਤੀ ਕੀਤੀ ਗਈ ਹੈ।
ਨੌਜਵਾਨ ਵਰਗ ਦੀ ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਹੁਤ ਖੁਸ਼ ਹੈ। ਉਹਨਾਂ ਦਾ ਕਹਿਣਾ ਹੈ ਇਹ ਬਹੁਤ ਵਧੀਆ ਉਪਰਾਲਾ ਹੈ ਅਤੇ ਇਸ ਨਾਲ ਗਰੀਬ ਵਰਗ ਨੂੰ ਬਹੁਤ ਰਾਤ ਮਿਲੀ ਹੈ। ਦੱਸ ਦਈਏ ਕਿ ਸੂਬੇ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਮਹਿੰਗੀ ਬਿਜਲੀ ਦੀ ਮਾਰ ਤੋਂ ਰਾਹਤ ਦੇਣ ਲਈ ਪੰਜਾਬ ਸਰਕਾਰ ਵਲੋਂ ਮੌਜੂਦਾ ਬਿਜਲੀ ਦਰਾਂ ਵਿਚ 3 ਰੁਪਏ ਪ੍ਰਤੀ ਯੂਨਿਟ ਕਟੌਤੀ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਬਾਅਦ ਪੰਜਾਬ ਦੇਸ਼ ਭਰ ਵਿਚ ਸਭ ਤੋਂ ਸਸਤੀ ਬਿਜਲੀ ਮੁਹਈਆ ਕਰਵਾਉਣ ਵਾਲਾ ਸੂਬਾ ਬਣ ਗਿਆ ਹੈ|